ਨਕੋਦਰ (ਜਲੰਧਰ) | ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪ੍ਰਗਟ ਦਿਵਸ ਦੇ ਸਬੰਧ ਵਿੱਚ ਅੱਜ ਭਗਵਾਨ ਵਾਲਮੀਕਿ ਯੋਗ ਆਸ਼ਰਮ ਰਹੀਮਪੁਰ ਵਿਖੇ ਕਰਵਾਏ ਗਏ ਵਿਸ਼ਾਲ ਰਾਜ ਪੱਧਰੀ ਸਮਾਗਮ ਦੌਰਾਨ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ., ਮੋਹਿੰਦਰ ਭਗਤ, ਡਾ. ਗੁਰਪ੍ਰੀਤ ਕੌਰ ਮਾਨ ਧਰਮਪਤਨੀ ਸ੍ਰ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ, ਵਿਧਾਇਕ ਬਲਕਾਰ ਸਿੰਘ, ਵਿਧਾਇਕ ਇੰਦਰਜੀਤ ਕੌਰ ਮਾਨ ਅਤੇ ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨੇ ਭਗਵਾਨ ਵਾਲਮੀਕਿ ਮਹਾਰਾਜ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਅਤੇ ਸਰਬੱਤ ਦੇ ਭਲੇ ਦੀ ਕਾਮਨਾ ਕੀਤੀ।
ਇਸ ਮੌਕੇ ਡਾ. ਗੁਰਪ੍ਰੀਤ ਕੌਰ ਮਾਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਭਗਵਾਨ ਵਾਲਮੀਕਿ ਮਹਾਰਾਜ ਜੀ ਦੀਆਂ ਸਿੱਖਿਆਵਾਂ ਸਮੁੱਚੀ ਮਨੁੱਖਤਾ ਲਈ ਪ੍ਰੇਰਨਾ ਸਰੋਤ ਹਨ, ਜੋ ਸੱਚ, ਨੇਕੀ, ਮਨੁੱਖਤਾ ਦੇ ਨਾਲ-ਨਾਲ ਨੈਤਿਕਤਾ ’ਤੇ ਜ਼ੋਰ ਦਿੰਦੀਆਂ ਹਨ ਅਤੇ ਅਜੋਕੇ ਸਮੇਂ ਵਿੱਚ ਵੀ ਸਾਰਥਕ ਹਨ। ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਮਹਾਰਾਜ ਜੀ ਨੇ ਪਵਿੱਤਰ ‘ਰਾਮਾਇਣ’ ਦੀ ਰਚਨਾ ਕਰਕੇ ਬੁਰਾਈ ’ਤੇ ਚੰਗਿਆਈ ਦੀ ਜਿੱਤ ਦਾ ਸੰਦੇਸ਼ ਦਿੱਤਾ ਹੈ। ਉਨ੍ਹਾਂ ਲੋਕਾਂ ਨੂੰ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਧਾਰਨ ਕਰਕੇ ਜੀਵਨ ਨੂੰ ਸਫ਼ਲ ਤੇ ਖੁਸ਼ਹਾਲ ਬਣਾਉਣ ਲਈ ਪ੍ਰੇਰਿਤ ਕੀਤਾ।
ਉਨ੍ਹਾਂ ਕਿਹਾ ਕਿ ਸਾਡੇ ਮਹਾਨ ਗੁਰੂਆਂ, ਸੰਤਾਂ, ਮਹਾਂਪੁਰਖਾਂ ਨੇ ਮਨੁੱਖਤਾ ਦੇ ਭਲੇ ਦਾ ਸੰਦੇਸ਼ ਦਿੱਤਾ ਹੈ, ਜਿਸ ’ਤੇ ਚੱਲਦੇ ਹੋਏ ਪੰਜਾਬ ਸਰਕਾਰ ਹਰ ਵਰਗ ਦੇ ਵਿਕਾਸ ਅਤੇ ਬਿਹਤਰੀ ਲਈ ਬਿਨਾਂ ਕਿਸੇ ਪੱਖਪਾਤ ਦੇ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਸੰਦੇਸ਼ ਨੂੰ ਦੁਨੀਆ ਦੇ ਕੋਨੇ-ਕੋਨੇ ਤੱਕ ਪਹੁੰਚਾਉਣ ਲਈ ਉਨ੍ਹਾਂ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਵੱਖ-ਵੱਖ ਥਾਈਂ ਕਰਵਾਏ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਧਰਮ ਦਾ ਬਰਾਬਰ ਸਤਿਕਾਰ ਕਰਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਦੀ ਸ਼ੁਰੂਆਤ ਕਰਕੇ ਬਜ਼ੁਰਗਾਂ ਨੂੰ ਵੱਖ-ਵੱਖ ਤੀਰਥਾਂ ਦੇ ਦਰਸ਼ਨ ਕਰਨ ਦਾ ਮੌਕਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਅੰਮ੍ਰਿਤਸਰ ਸਾਹਿਬ ਸਥਿਤ ਭਗਵਾਨ ਵਾਲਮੀਕਿ ਤੀਰਥ ਸਥਲ ਦਾ ਕਰੋੜਾਂ ਰੁਪਏ ਨਾਲ ਸੁੰਦਰੀਕਰਨ ਕਰਵਾਇਆ ਜਾ ਰਿਹਾ ਹੈ।
ਇਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਅਤੇ ਮੋਹਿੰਦਰ ਭਗਤ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਭਗਵਾਨ ਵਾਲਮੀਕਿ ਮਹਾਰਾਜ ਜੀ ਦੀਆਂ ਸਿੱਖਿਆਵਾਂ ਸਮਾਜ ਵਿੱਚ ਬਰਾਬਰੀ, ਭਾਈਚਾਰੇ ਅਤੇ ਆਪਸੀ ਸਤਿਕਾਰ ਦੀ ਭਾਵਨਾ ਨੂੰ ਮਜ਼ਬੂਤ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਸਾਨੂੰ ਭਗਵਾਨ ਵਾਲਮੀਕਿ ਮਹਾਰਾਜ ਜੀ ਵੱਲੋਂ ਦਰਸਾਏ ਮਾਰਗ ’ਤੇ ਚੱਲਦੇ ਹੋਏ ਸਮਾਜ ਦੀ ਬਿਹਤਰੀ ਅਤੇ ਮਨੁੱਖਤਾ ਦੀ ਸੇਵਾ ਲਈ ਹਮੇਸ਼ਾ ਯਤਨਸ਼ੀਲ ਰਹਿਣਾ ਚਾਹੀਦਾ ਹੈ। ਉਨ੍ਹਾਂ ਇਸ ਮੌਕੇ ਲੋਕਾਂ ਨੂੰ ਭਗਵਾਨ ਵਾਲਮੀਕਿ ਜੀ ਵੱਲੋਂ ਦਿੱਤੇ ਮਹਾਨ ਸੰਦੇਸ਼ ਨੂੰ ਆਪਣੇ ਜੀਵਨ ਵਿੱਚ ਅਪਣਾ ਕੇ ਆਪਸੀ ਸਾਂਝ ਦੀਆਂ ਤੰਦਾਂ ਨੂੰ ਹੋਰ ਮਜ਼ਬੂਤ ਕਰਨ ਦਾ ਸੱਦਾ ਦਿੱਤਾ।
ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਸਾਨੂੰ ਸਾਡੀ ਅਮੀਰ ਵਿਰਾਸਤ ਅਤੇ ਸੱਭਿਆਚਾਰ ਨਾਲ ਜੁੜਨ ਦਾ ਮੌਕਾ ਪ੍ਰਦਾਨ ਕਰਦੇ ਹਨ। ਖਾਸ ਕਰ ਨੌਜਵਾਨ ਪੀੜ੍ਹੀ ਨੂੰ ਆਪਣੇ ਮਹਾਨ ਇਤਿਹਾਸ ਅਤੇ ਧਾਰਮਿਕ ਵਿਰਸੇ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।
ਸੰਤ ਪ੍ਰਗਟ ਨਾਥ ਜੀ ਨੇ ਸੰਗਤ ਨੂੰ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੀ ਵਧਾਈ ਦਿੰਦਿਆਂ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਜੀਵਨ ਵਿੱਚ ਅਪਨਾਉਣ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਸਮੁੱਚੀ ਮਾਨਵਤਾ ਲਈ ਚਾਨਣ ਮੁਨਾਰਾ ਹਨ, ਜੋ ਸਾਨੂੰ ਮਨੁੱਖਤਾ ਦਾ ਸਤਿਕਾਰ ਕਰਨ, ਸੱਚ ਦੇ ਮਾਰਗ ’ਤੇ ਚੱਲਣ ਅਤੇ ਸਮਾਜ ਦੀ ਭਲਾਈ ਦਾ ਸੰਦੇਸ਼ ਦਿੰਦੀਆਂ ਹਨ।
ਇਸ ਮੌਕੇ ਵਿਧਾਇਕ ਇੰਦਰਜੀਤ ਕੌਰ ਮਾਨ, ਬਲਕਾਰ ਸਿੰਘ ਤੇ ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਸੰਬੋਧਨ ਕਰਦਿਆਂ ਆਦਰਸ਼ ਸਮਾਜ ਦੀ ਸਿਰਜਣਾ ਲਈ ਭਗਵਾਨ ਵਾਲਮੀਕਿ ਜੀ ਦੀਆਂ ਸਦੀਵੀ ਸਿੱਖਿਆਵਾਂ ਨੂੰ ਜੀਵਨ ਵਿੱਚ ਅਪਨਾਉਣ ਦਾ ਸੱਦਾ ਦਿੱਤਾ।
ਇਸ ਮੌਕੇ ਹੋਰ ਵੀ ਸੰਤ ਮਹਾਂਪੁਰਖ, ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਸ਼ਖਸੀਅਤਾਂ ਤੋਂ ਇਲਾਵਾ ਚੇਅਰਮੈਨ ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ ਮੰਗਲ ਸਿੰਘ ਬਾਸੀ, ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਦਰਸ਼ਨ ਸਿੰਘ ਟਾਹਲੀ, ਵਾਈਸ ਚੇਅਰਮੈਨ ਪਵਨ ਹੰਸ, ‘ਆਪ’ ਆਗੂ ਰਾਜਵਿੰਦਰ ਕੌਰ ਥਿਆੜਾ ਅਤੇ ਵੱਡੀ ਗਿਣਤੀ ਵਿੱਚ ਸ਼ਰਧਾਲੂ ਵੀ ਮੌਜੂਦ ਸਨ।







































