ਪੰਜਾਬ ‘ਚ ਰੇਲ ਰੋਕੋ ਅੰਦੋਲਨ ਖਤਮ, CM ਚੰਨੀ ਦੇ ਭਰੋਸੇ ‘ਤੇ ਮੰਨੇ ਕਿਸਾਨ ਆਗੂ ਪੰਧੇਰ

0
6533

ਅੰਮ੍ਰਿਤਸਰ | ਪੰਜਾਬ ਸਰਕਾਰ ਤੋਂ ਕਿਸਾਨਾਂ ਦੀ ਨਾਰਾਜ਼ਗੀ ਕੁਝ ਸਮੇਂ ਲਈ ਟਲ ਗਈ ਹੈ। ਅੱਜ 8 ਦਿਨਾਂ ਬਾਅਦ ਕਿਸਾਨਾਂ ਨੇ ਰੇਲਵੇ ਟ੍ਰੈਕ ਖਾਲੀ ਕਰਨ ਦਾ ਐਲਾਨ ਕਰ ਦਿੱਤਾ।

ਰੇਲ ਰੋਕੋ ਅੰਦੋਲਨ ਕਾਰਨ ਉੱਤਰੀ ਭਾਰਤ ਵਿੱਚ ਰੇਲਾਂ ਬੁਰੀ ਤਰ੍ਹਾਂ ਪ੍ਰਭਾਵਿਤ ਹੋਈਆਂ ਪਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਰੋਸੇ ਤੋਂ ਬਾਅਦ ਰੇਲ ਰੋਕੋ ਅੰਦੋਲਨ 4 ਜਨਵਰੀ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ।

ਇਹ ਫੈਸਲਾ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਸਰਵਣ ਸਿੰਘ ਪੰਧੇਰ ਦੀ ਮੁੱਖ ਮੰਤਰੀ ਨਾਲ ਅੱਜ ਬਾਅਦ ਦੁਪਹਿਰ ਚੰਡੀਗੜ੍ਹ ਵਿੱਚ ਹੋਈ ਮੀਟਿੰਗ ਤੋਂ ਬਾਅਦ ਲਿਆ ਗਿਆ।

ਮੀਟਿੰਗ ਤੋਂ ਬਾਅਦ ਪੰਧੇਰ ਨੇ ਦੱਸਿਆ ਕਿ ਕਿਸਾਨਾਂ ਦੀਆਂ ਬਹੁਤੀਆਂ ਮੰਗਾਂ ਮੰਨ ਲਈਆਂ ਗਈਆਂ ਹਨ। ਬਾਸਮਤੀ ਦਾ ਮੁਆਵਜ਼ਾ 12 ਹਜ਼ਾਰ ਤੋਂ ਵਧਾ ਕੇ 17 ਹਜ਼ਾਰ ਕੀਤਾ ਜਾਵੇਗਾ। 5 ਏਕੜ ਤੱਕ ਦੀ ਜ਼ਮੀਨ ਵਾਲੇ ਲੋਕਾਂ ਦਾ 2 ਲੱਖ ਰੁਪਏ ਤੱਕ ਦਾ ਕਰਜ਼ਾ ਮੁਆਫ਼ ਕੀਤਾ ਜਾਵੇਗਾ। ਸ਼ਹੀਦ ਪਰਿਵਾਰਾਂ ਨਾਲ ਕੀਤੇ ਵਾਅਦੇ ਵੀ ਪੂਰੇ ਕੀਤੇ ਜਾਣਗੇ।

ਪੰਧੇਰ ਨੇ ਕਿਹਾ ਕਿ ਸਰਕਾਰ ਕੋਲ ਇਨ੍ਹਾਂ ਮੰਗਾਂ ਨੂੰ ਲਾਗੂ ਕਰਨ ਲਈ 4 ਜਨਵਰੀ ਤੱਕ ਦਾ ਸਮਾਂ ਹੈ। ਇਸ ਤੋਂ ਬਾਅਦ ਜੇਕਰ ਸਰਕਾਰ ਨੇ ਵਾਅਦੇ ਪੂਰੇ ਨਾ ਕੀਤੇ ਤਾਂ ਸੰਘਰਸ਼ ਮੁੜ ਸ਼ੁਰੂ ਕੀਤਾ ਜਾਵੇਗਾ।

ਰੇਲਵੇ ਨੂੰ ਹੋਇਆ ਨੁਕਸਾਨ

ਰੇਲ ਰੋਕੋ ਅੰਦੋਲਨ ਕਾਰਨ ਉੱਤਰੀ ਭਾਰਤ ਵਿੱਚ ਰੇਲ ਗੱਡੀਆਂ ਬੁਰੀ ਤਰ੍ਹਾਂ ਪ੍ਰਭਾਵਿਤ ਹੋਈਆਂ। ਕਿਸਾਨ ਜੰਡਿਆਲਾ-ਮਾਨਵਾਲਾ ਟ੍ਰੈਕ, ਜਲੰਧਰ-ਪਠਾਨਕੋਟ ਰੇਲ ਮਾਰਗ, ਟਾਂਡਾ ਉੜਮੁੜ-ਫਿਰੋਜ਼ਪੁਰ ਰੇਲ ਮਾਰਗ ਤੇ ਅੰਮ੍ਰਿਤਸਰ-ਖੇਮਕਰਨ ਰੇਲ ਮਾਰਗ ‘ਤੇ ਬੈਠੇ ਹੋਏ ਸਨ, ਜਿਨ੍ਹਾਂ ਨੇ ਸ਼ਾਮ 4 ਵਜੇ ਤੱਕ ਉਠਣ ਬਾਰੇ ਕਿਹਾ ਸੀ। ਟਰੇਨਾਂ ਦੇ ਰੱਦ ਹੋਣ ਕਾਰਨ ਰੇਲਵੇ ਨੂੰ ਕਾਫੀ ਨੁਕਸਾਨ ਹੋਇਆ।