ਜੇ 45 ਸਾਲ ਤੋਂ ਵੱਧ ਵਾਲੇ ਸਰਕਾਰੀ ਕਰਮਚਾਰੀ ਅਤੇ ਅਧਿਕਾਰੀਆਂ ਨੇ ਕੋਰੋਨਾ ਟੀਕਾ ਨਾ ਲਗਾਇਆ ਤਾਂ ਸਖਤੀ ਨਾਲ ਨਿਪਟਾਂਗੇ – ਡੀਸੀ

0
1603

ਜਲੰਧਰ | ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਸਾਰੇ ਸਰਕਾਰੀ ਵਿਭਾਗਾਂ ਨੂੰ ਕਿਹਾ ਹੈ ਕਿ 45 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸਾਰੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕੋਵਿਡ ਵੈਕਸੀਨ ਦਾ ਟੀਕਾ ਲਗਾਉਣ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਇਸ ਉਮਰ ਵਰਗ ਦੇ ਗਰੁੱਪ ਨੂੰ ਟੀਕਾ ਲਗਾਉਣ ਦੇ ਮਿੱਥੇ ਟੀਚੇ ਨੂੰ ਨਿਰਧਾਰਿਤ ਸਮੇਂ ਵਿੱਚ ਹਾਸਿਲ ਕੀਤਾ ਜਾ ਸਕੇ।

ਸਰਕਾਰੀ ਵਿਭਾਗਾਂ ਵਿੱਚ ਕੋਵਿਡ ਵੈਕਸੀਨ ਲਗਾਉਣ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੋਵਿਡ-19 ਦੇ ਨਵੇਂ ਕੇਸਾਂ ਵਿੱਚ ਹੋ ਰਹੇ ਵਾਧੇ ਦੇ ਮੱਦੇਨਜ਼ਰ ਇਹ ਸਮੇਂ ਦੀ ਲੋੜ ਹੈ ਕਿ 45 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸੰਵੇਦਨਸ਼ੀਲ ਲੋਕਾਂ ਨੂੰ ਕੋਵਿਡ ਵੈਕਸੀਨ ਲਗਾਈ ਜਾਵੇ।

ਡੀਸੀ ਨੇ ਦੱਸਿਆ ਕਿ ਇਸ ਉਮਰ ਵਰਗ ਦੇ ਲੋਕਾਂ ਵਿੱਚ ਕੋਵਿਡ ਵਾਇਰਸ ਕਾਰਨ ਮੌਤ ਦਰ ਜ਼ਿਆਦਾ ਵੱਧ ਰਹੀ ਹੈ ਇਸ ਲਈ ਇਹ ਬਹੁਤ ਜਰੂਰੀ ਹੈ ਕਿ ਇਸ ਉਮਰ ਵਰਗ ਦੇ ਲੋਕਾਂ ਨੂੰ ਕੋਵਿਡ ਵੈਕਸੀਨ ਜਿੰਨੀ ਜਲਦੀ ਹੋ ਸਕੇ ਲਗਾਈ ਜਾਵੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਾਰੇ ਯੋਗ ਲਾਭਪਾਤਰੀਆਂ ਨੂੰ ਇਸ ਮਹੀਨੇ ਦੇ ਵਿੱਚ-ਵਿੱਚ ਕਵਰ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ ਅਤੇ ਸਰਕਾਰੀ ਅਧਿਕਾਰੀ ਅਤੇ ਕਰਮਚਾਰੀ ਵੀ ਇਸ ਮੁਹਿੰਮ ਦਾ ਅਹਿਮ ਹਿੱਸਾ ਹਨ।

ਥੋਰੀ ਨੇ ਸਾਰੇ ਵਿਭਾਗਾਂ ਨੂੰ ਆਦੇਸ਼ ਦਿੱਤਾ ਕਿ ਆਪਣੇ ਵਿਭਾਗ ਦੇ ਯੋਗ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕੋਵਿਡ ਵੈਕਸੀਨ ਦਾ ਟੀਕਾ ਲਗਾਉਣ ਨੂੰ ਯਕੀਨੀ ਬਣਾਇਆ ਜਾਵੇ ਅਤੇ ਇਸ ਦੀ ਰਿਪੋਰਟ ਜ਼ਿਲ੍ਹਾ ਪ੍ਰਸ਼ਾਸਨ ਨੂੰ ਨਿਰਧਾਰਿਤ ਪ੍ਰੋਫਾਰਮੇ ਵਿੱਚ ਭੇਜੀ ਜਾਵੇ। ਉਨ੍ਹਾਂ ਕਿਹਾ ਕਿ ਇਸ ਕੰਮ ਵਿੱਚ ਕਿਸੇ ਵੀ ਪ੍ਰਕਾਰ ਦੀ ਅਣਗਹਿਲੀ ਨੂੰ ਸਖ਼ਤੀ ਨਾਲ ਨਿਪਟਿਆ ਜਾਵੇਗਾ।

(ਜਲੰਧਰ ਦੀਆਂ ਖਬਰਾਂ ਦੇ ਅਪਡੇਟ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ ਐਪ ‘ਤੇ ਵੀ ਜਲੰਧਰ ਬੁਲੇਟਿਨ ਚੈਨਲ ਨਾਲ https://t.me/Jalandharbulletin ਜੁੜਿਆ ਜਾ ਸਕਦਾ ਹੈ।