ਲਵਲੀ ਯੂਨਿਵਰਸਿਟੀ ‘ਚ ਸਟੂਡੈਂਟ ਨੇ ਛੱਤ ਤੋਂ ਛਾਲ ਮਾਰ ਕੇ ਕੀਤੀ ਖੁਦਕੁਸ਼ੀ

0
882

ਫਗਵਾੜਾ (ਕਪੂਰਥਲਾ), 16 ਫਰਵਰੀ | ਪੰਜਾਬੀ ਬੁਲੇਟਿਨ ਟੀਮ

ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ‘ਚ ਸੋਮਵਾਰ ਸਵੇਰੇ ਇਕ ਦਰਦਨਾਕ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ ਸਟੂਡੈਂਟ ਨੇ ਯੂਨੀਵਰਸਿਟੀ ਦੀ ਛੱਤ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਹਿਚਾਣ ਜਲੰਧਰ ਜ਼ਿਲ੍ਹੇ ਦੇ ਫਿਲੌਰ ਹਲਕੇ ਅਧੀਨ ਆਉਂਦੇ ਪਿੰਡ ਸਲੇਮਖੁਰਦ ਦੇ ਰਹਿਣ ਵਾਲੇ ਨਿਖਿਲ ਵਜੋਂ ਹੋਈ ਹੈ।

ਮਿਲੀ ਜਾਣਕਾਰੀ ਮੁਤਾਬਕ ਨਿਖਿਲ ਸੋਮਵਾਰ ਸਵੇਰੇ ਰੋਜ਼ਾਨਾ ਦੀ ਤਰ੍ਹਾਂ ਯੂਨੀਵਰਸਿਟੀ ਆਇਆ ਸੀ। ਦੁਪਹਿਰ ਦੇ ਸਮੇਂ ਉਸ ਨੇ ਸੋਸ਼ਲ ਮੀਡੀਆ ‘ਤੇ ਸਟੇਟਸ ਲਗਾਇਆ, ਜਿਸ ਵਿੱਚ ਖੁਦਕੁਸ਼ੀ ਨਾਲ ਸੰਬੰਧਿਤ ਗੱਲਾਂ ਦਾ ਜ਼ਿਕਰ ਕੀਤਾ ਗਿਆ ਸੀ। ਇਸ ਤੋਂ ਬਾਅਦ ਉਸ ਨੇ ਯੂਨੀਵਰਸਿਟੀ ਦੀ ਛੱਤ ਤੋਂ ਛਾਲ ਮਾਰ ਕੇ ਆਪਣੀ ਜਾਨ ਦੇ ਦਿੱਤੀ।



ਮੌਕੇ ‘ਤੇ ਪੁੱਜੇ ਡੀਐਸਪੀ ਫਗਵਾੜਾ ਭਾਰਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਦੁਪਹਿਰ ਸਮੇਂ ਸੂਚਨਾ ਮਿਲੀ ਸੀ ਕਿ ਯੂਨੀਵਰਸਿਟੀ ਵਿੱਚ ਇਕ ਵਿਦਿਆਰਥੀ ਨੇ ਛੱਤ ਤੋਂ ਛਾਲ ਮਾਰ ਲਈ ਹੈ। ਪੁਲਿਸ ਟੀਮ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ। ਪੁਲਿਸ ਦੀ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਨੌਜਵਾਨ ਪਿਛਲੇ ਕੁਝ ਦਿਨਾਂ ਤੋਂ ਮਾਨਸਿਕ ਤਣਾਅ ਵਿੱਚ ਸੀ। ਪੁਲਿਸ ਵੱਲੋਂ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।