ਸੁਧੀਰ ਸੂਰੀ ਕਤਲ ਮਾਮਲਾ : ਮੁੱਖ ਗਵਾਹ ਕੌਸ਼ਲ ਸ਼ਰਮਾ ਨੂੰ ਮਿਲੀਆਂ ਜਾਨੋਂ ਮਾਰਨ ਦੀਆਂ ਧਮਕੀਆਂ

0
2654

ਅੰਮ੍ਰਿਤਸਰ, 23 ਸਤੰਬਰ| ਸ਼ਿਵ ਸੈਨਾ ਹਿੰਦੂ ਟਕਸਾਲੀ ਦੇ ਰਾਸ਼ਟਰੀ ਸੰਯੋਜਕ ਤੇ ਪੰਜਾਬ ਪ੍ਰਧਾਨ ਕੌਸ਼ਲ ਕੁਮਾਰ ਸ਼ਰਮਾ ਨੇ ਮੁੱਖ ਦਫਤਰ ਨਮਕ ਮੰਡੀ ਵਿਖੇ ਰਾਸ਼ਟਰੀ ਚੇਅਰਮੈਨ ਹਰਦੀਪ ਹੈਪੀ ਦੇ ਨਾਲ ਪ੍ਰੈਸ ਕਾਨਫਰੰਸ ਕਰਕੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹ ਪਿਛਲੇ ਲੰਮੇਂ ਸਮੇਂ ਤੋਂ ਸਨਾਤਨ ਧਰਮ ਦਾ ਕੰਮ ਕਰਦੇ ਆ ਰਹੇ ਹਨ ਅਤੇ ਸ਼ਿਵ ਸੈਨਾ ਨੇਤਾ ਸੁਧੀਰ ਸੂਰੀ ਦੀ ਹੱਤਿਆ ਦੇ ਮੁੱਖ ਗਵਾਹ ਵੀ ਹਨ।

ਉਨ੍ਹਾਂ ਦੱਸਿਆ ਕਿ ਪਿਛਲੇ ਕੁਝ ਮਹੀਨਿਆਂ ਤੋਂ ਉਨ੍ਹਾਂ ਨੂੰ ਵੱਖ-ਵੱਖ ਨੰਬਰਾਂ ਤੋਂ ਜਾਨੋਂ ਮਾਰਨ ਅਤੇ ਪੰਜਾਬ ਛੱਡਣ ਦੀਆਂ ਧਮਕੀਆਂ ਵੀ ਮਿਲ ਰਹੀਆਂ ਹਨ, ਜਿਸ ਸਬੰਧੀ ਉਨ੍ਹਾਂ ਨੇ ਕਈ ਵਾਰ ਪੁਲਿਸ ਦੇ ਉੱਚ ਅਧਿਕਾਰੀਆਂ ਨੂੰ ਮਿਲ ਕੇ ਕਾਰਵਾਈ ਦੀ ਮੰਗ ਵੀ ਕੀਤੀ ਹੈ ਪਰ ਧਮਕੀਆਂ ਦੇਣ ਵਾਲਿਆਂ ‘ਤੇ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ ਹੈ।

ਕੌਸ਼ਲ ਸ਼ਰਮਾ ਨੇ ਕਿਹਾ ਕਿ ਧਮਕੀਆਂ ਦੇਣ ਵਾਲੇ ਸੁਧੀਰ ਸੂਰੀ ਹੱਤਿਆ ਮਾਮਲੇ ਵਿਚ ਗਵਾਹੀ ਨਾ ਦੇਣ ਅਤੇ ਪਰਿਵਾਰ ਨੂੰ ਵੀ ਨੁਕਸਾਨ ਪਹੁੰਚਾਉਣ ਦੀਆਂ ਧਮਕੀਆਂ ਦੇ ਰਹੇ ਹਨ। ਉਨ੍ਹਾਂ ਦੋਸ਼ ਲਗਾਏ ਕਿ ਆਏ ਦਿਨ ਮਿਲ ਰਹੀਆਂ ਧਮਕੀਆਂ ਤੋਂ ਸਾਫ ਜ਼ਾਹਿਰ ਹੁੰਦਾ ਹੈ ਕਿ ਸੁਧੀਰ ਸੂਰੀ ਹੱਤਿਆ ਦੇ ਦੋਸ਼ੀ ਅਤੇ ਉਸਦੇ ਪਰਿਵਾਰਕ ਮੈਂਬਰਾਂ ਵਲੋਂ ਧਮਕੀਆਂ ਦਿਵਾਈਆਂ ਜਾ ਰਹੀਆਂ ਹਨ।

ਉਨ੍ਹਾਂ ਸਰਕਾਰ ਤੇ ਪੁਲਿਸ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਧਮਕੀਆਂ ਦੇਣ ਵਾਲਿਆਂ ਖਿਲਾਫ਼ ਕਾਰਵਾਈ ਕੀਤੀ ਜਾਵੇ ਅਤੇ ਉਨ੍ਹਾਂ ਦੇ ਪਰਿਵਾਰ ਦੀ ਸੁਰੱਖਿਆ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦਾ ਤੇ ਪਰਿਵਾਰ ਦਾ ਕੋਈ ਨੁਕਸਾਨ ਹੋਇਆ ਤਾਂ ਉਸਦਾ ਜ਼ਿੰਮੇਵਾਰ ਪੁਲਿਸ ਪ੍ਰਸ਼ਾਸਨ ਤੇ ਦੋਸ਼ੀ ਤੇ ਉਸਦਾ ਪਰਿਵਾਰ ਹੋਵੇਗਾ