ਸਾਬਕਾ ਮੰਤਰੀ ਮਲੂਕਾ ਦੇ ਘਰ ਪੁੱਜੇ ਸੁਖਬੀਰ ਬਾਦਲ, ਚੋਣਾਂ ਨੂੰ ਲੈ ਕੇ ਕੀਤਾ ਇਹ ਵੱਡਾ ਐਲਾਨ

0
1481

ਬਠਿੰਡਾ | ਸ਼੍ਰੋਮਣੀ ਅਕਾਲੀ ਦਲ ਕਿਸਾਨ ਵਿੰਗ ਦੇ ਕੌਮੀ ਪ੍ਰਧਾਨ ਤੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਨਾਰਾਜ਼ਗੀ ਦੂਰ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਉਨ੍ਹਾਂ ਦੇ ਗ੍ਰਹਿ ਵਿਖੇ ਪੁੱਜੇ।

ਬਾਦਲ ਨੇ ਸਿਕੰਦਰ ਸਿੰਘ ਮਲੂਕਾ ਤੇ ਉਨ੍ਹਾਂ ਦੇ ਪੁੱਤਰ ਗੁਰਪ੍ਰੀਤ ਸਿੰਘ ਮਲੂਕਾ ਸਾਬਕਾ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਨਾਲ ਬੰਦ ਕਮਰਾ ਮੀਟਿੰਗ ਕੀਤੀ। ਸੁਖਬੀਰ ਬਾਦਲ ਨੇ ਗੁਰਪ੍ਰੀਤ ਸਿੰਘ ਮਲੂਕਾ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਜਨਰਲ ਸਕੱਤਰ ਨਿਯੁਕਤ ਕਰਨ ਦਾ ਐਲਾਨ ਕੀਤਾ।

ਮੀਟਿੰਗ ਦੌਰਾਨ ਇਹ ਫ਼ੈਸਲਾ ਹੋਇਆ ਕਿ ਸਿਕੰਦਰ ਸਿੰਘ ਮਲੂਕਾ ਹੀ ਰਾਮਪੁਰਾ ਫੂਲ ਵਿਧਾਨ ਸਭਾ ਹਲਕੇ ਤੋਂ ਚੋਣ ਲੜਨਗੇ। ਸੁਖਬੀਰ ਸਿੰਘ ਬਾਦਲ ਨੇ ਇਕ ਅਹਿਮ ਐਲਾਨ ਕਰਦਿਆਂ ਨੌਜਵਾਨ ਆਗੂ ਗੁਰਪ੍ਰੀਤ ਸਿੰਘ ਮਲੂਕਾ ਨੂੰ ਪਾਰਟੀ ਦਾ ਜਨਰਲ ਸਕੱਤਰ ਐਲਾਨਿਆ।

ਇਸ ਤੋਂ ਇਲਾਵਾ ਪਾਰਟੀ ਦੇ ਸੀਨੀਅਰ ਆਗੂ ਸਤਨਾਮ ਸਿੰਘ ਭਾਈਰੂਪਾ ਅਤੇ ਰਾਮਪੂਰਾ ਫੂਲ ਤੋਂ ਨਰੇਸ਼ ਕੁਮਾਰ ਸੀ ਏ ਨੂੰ ਪਾਰਟੀ ਦੀ ਪੀ ਏ ਸੀ ਦਾ ਮੈਂਬਰ ਬਣਾਉਣ ਦਾ ਫੈਸਲਾ ਕੀਤਾ। ਇਸ ਤੋਂ ਪਹਿਲਾਂ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਤੇ ਬਲਵਿੰਦਰ ਸਿੰਘ ਭੂੰਦੜ ਵੀ ਸਿਕੰਦਰ ਮਲੂਕਾ ਨਾਲ ਮੀਟਿੰਗ ਕਰ ਚੁੱਕੇ ਹਨ।

ਮਲੂਕਾ ਵਿਧਾਨ ਸਭਾ ਹਲਕਾ ਮੌੜ ਮੰਡੀ ਤੋਂ ਪਾਰਟੀ ਦੀ ਟਿਕਟ ‘ਤੇ ਚੋਣ ਲੜਨ ਦੇ ਚਾਹਵਾਨ ਸਨ ਪਰ ਅਕਾਲੀ ਦਲ ਨੇ ਉਕਤ ਹਲਕੇ ਤੋਂ ਜਗਮੀਤ ਸਿੰਘ ਬਰਾੜ ਨੂੰ ਉਮੀਦਵਾਰ ਐਲਾਨ ਦਿੱਤਾ ਹੈ। ਅਕਾਲੀ ਦਲ ਨੇ ਮਲੂਕਾ ਨੂੰ ਰਾਮਪੁਰਾ ਫੂਲ ਵਿਧਾਨ ਸਭਾ ਹਲਕੇ ਤੋਂ ਅਕਾਲੀ ਦਲ-ਬਸਪਾ ਗਠਜੋੜ ਦਾ ਉਮੀਦਵਾਰ ਐਲਾਨਿਆ ਸੀ ਪਰ ਉਨ੍ਹਾਂ ਇਸ ਹਲਕੇ ਤੋਂ ਚੋਣ ਲੜਨ ਤੋਂ ਨਾਂਹ ਕਰ ਦਿੱਤੀ ਸੀ।

ਮਲੂਕਾ ਵੱਲੋਂ ਲਏ ਗਏ ਇਸ ਸਟੈਂਡ ਤੋਂ ਬਾਅਦ ਅਕਾਲੀ ਦਲ ਅੰਦਰ ਸਿਆਸੀ ਭੂਚਾਲ ਆ ਗਿਆ ਸੀ, ਜਿਸ ਤੋਂ ਬਾਅਦ ਮਲੂਕਾ ਨੂੰ ਲਗਾਤਾਰ ਮਨਾਉਣ ਦੀਆਂ ਕੋਸ਼ਿਸ਼ਾਂ ਚੱਲ ਰਹੀਆਂ ਸਨ।

ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਵੀ ਮਲੂਕਾ ਨਾਲ ਫੋਨ ‘ਤੇ ਸੰਪਰਕ ਸਾਧਿਆ ਸੀ ਅਤੇ ਉਨ੍ਹਾਂ ਨੂੰ ਪਾਰਟੀ ਦੇ ਨਾਲ ਰਹਿਣ ਲਈ ਆਖਿਆ ਸੀ।

ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਕੁਝ ਦੇਰ ਪਹਿਲਾਂ ਹੀ ਮਲੂਕਾ ਦੇ ਨਿਵਾਸ ਸਥਾਨ ‘ਤੇ ਪੁੱਜੇ ਤੇ ਉਨ੍ਹਾਂ ਨਾਲ ਮੀਟਿੰਗ ਸ਼ੁਰੂ ਕੀਤੀ। ਭਰੋਸੇਯੋਗ ਸੂਤਰਾਂ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਚਾਹੁੰਦਾ ਹੈ ਕਿ ਸਿਕੰਦਰ ਸਿੰਘ ਮਲੂਕਾ ਖ਼ੁਦ ਰਾਮਪੁਰਾ ਫੂਲ ਵਿਧਾਨ ਸਭਾ ਹਲਕੇ ਤੋਂ ਚੋਣ ਲੜਨ। ਸੁਖਬੀਰ ਸਿੰਘ ਬਾਦਲ ਦੀ ਮਲੂਕਾ ਨਾਲ ਹੋ ਰਹੀ ਇਸ ਮੀਟਿੰਗ ਨੂੰ ਸਿਆਸੀ ਪੱਖਾਂ ਤੋਂ ਬਹੁਤ ਅਹਿਮ ਮੰਨਿਆ ਜਾ ਰਿਹਾ ਹੈ।

(ਨੋਟ – ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ https://t.me/punjabibulletin)