ਸੁਖਬੀਰ ਬਾਦਲ ਨੇ ਅੱਜ ਹਾਜੀਪੁਰ ‘ਚ ਨਾਜਾਇਜ਼ ਮਾਈਨਿੰਗ ‘ਤੇ ਮਾਰੀ ਰੇਡ, 200 ਫੁੱਟ ਡੂੰਘੇ ਟੋਏ ਵਿਖਾਏ

0
1519

ਹਾਜੀਪੁਰ (ਅਮਰੀਕ ਕੁਮਾਰ) (ਹੁਸ਼ਿਆਰਪੁਰ) | ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਬਿਆਸ ਤੋਂ ਬਾਅਦ ਅੱਜ ਹਾਜੀਪੁਰ ਵਿਖੇ ਨਾਜਾਇਜ਼ ਮਾਈਨਿੰਗ ਵਾਲੀਆਂ ਥਾਵਾਂ ‘ਤੇ ਛਾਪੇਮਾਰੀ ਕੀਤੀ, ਨਾਲ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਜੇਕਰ ਮੁੱਖ ਮੰਤਰੀ ਵਿਚ ਹਿੰਮਤ ਹੈ ਤਾਂ ਇਸ ਨਾਜਾਇਜ਼ ਮਾਈਨਿੰਗ ਨੂੰ ਕਲੀਨ ਚਿੱਟ ਦੇ ਕੇ ਵਿਖਾਏ।

ਬਾਦਲ ਨੇ ਸ਼ਨੀਵਾਰ ਸਵੇਰੇ 10.30 ਵਜੇ ਮੀਡੀਆ ਨੂੰ ਨਾਲ ਲੈ ਕੇ ਹਾਜੀਪੁਰ ਇਲਾਕੇ ਵਿਚ ਪੈਂਦੀਆਂ ਖੱਡਾਂ ਵਿਚ ਛਾਪੇ ਮਾਰੇ। ਉਨ੍ਹਾਂ ਨਾਲ ਵਿਧਾਇਕ ਬਿਕਰਮ ਸਿੰਘ ਮਜੀਠੀਆ ਤੇ ਸਰਬਜੋਤ ਸਿੰਘ ਸਾਬੀ ਮੌਜੂਦ ਸਨ।

ਜ਼ਿਲਾ ਹੁਸ਼ਿਆਰਪੁਰ ਵਿੱਚ ਪੈਂਦੇ ਮੁਕੇਰੀਆਂ ਵਿਧਾਨ ਸਭਾ ਹਲਕੇ ਦੇ ਹਾਜੀਪੁਰ ਦੇ ਇਸ ਇਲਾਕੇ ਵਿੱਚ ਪਿਛਲੇ ਕਈ ਸਾਲਾਂ ਤੋਂ ਨਾਜਾਇਜ਼ ਮਾਈਨਿੰਗ ਹੋ ਰਹੀ ਹੈ।

ਬਾਦਲ ਨੇ ਕਿਹਾ ਕਿ ਕੈਪਟਨ ਸਰਕਾਰ ਲੋਕਾਂ ਨੂੰ ਲੁੱਟ ਰਹੀ ਹੈ। ਉਨ੍ਹਾਂ ਮੀਡੀਆ ਦੀ ਹਾਜ਼ਰੀ ਵਿੱਚ 200-200 ਫੁੱਟ ਤੋਂ ਵੀ ਜਿਆਦਾ ਡੂੰਘੀ ਨਾਜਾਇਜ਼ ਮਾਈਨਿੰਗ ਦਿਖਾਈ।

ਲੋਕਾਂ ਨੇ ਬਾਦਲ ਨੂੰ ਦੱਸਿਆ ਕਿ ਕਿਵੇਂ ਮਾਈਨਿੰਗ ਮਾਫੀਆ ਇਸ ਇਲਾਕੇ ਦਾ ਉਜਾੜਾ ਕਰ ਰਿਹਾ ਹੈ। ਇਸ ਤੋਂ ਪਹਿਲਾਂ ਬਾਦਲ ਨੇ ਬਿਆਸ ਦਰਿਆ ਵਿੱਚ ਛਾਪੇਮਾਰੀ ਕੀਤੀ ਸੀ। ਉਸ ਤੋਂ ਕੁਝ ਘੰਟਿਆਂ ਬਾਅਦ ਹੀ ਕੈਪਟਨ ਅਮਰਿੰਦਰ ਸਿੰਘ ਨੇ ਮਾਈਨਿੰਗ ਨੂੰ ਜਾਇਜ਼ ਦੱਸਦਿਆਂ ਕਲੀਨ ਚਿੱਟ ਦੇ ਦਿੱਤੀ ਸੀ ਅਤੇ ਬਾਦਲ ਸਮੇਤ ਕਈ ਲੋਕਾਂ ’ਤੇ ਮਾਮਲੇ ਵੀ ਦਰਜ ਕਰਵਾਏ ਸਨ।

ਜਿਕਰਯੋਗ ਹੈ ਕਿ ਇਹ ਇਲਾਕਾ ਮੁਕੇਰੀਆਂ ਵਿਧਾਨ ਸਭਾ ਹਲਕੇ ਵਿੱਚ ਪੈਂਦਾ ਹੈ, ਜਿਥੋਂ ਇਸ ਵਾਰ ਅਕਾਲੀ ਦਲ ਖੁਦ ਵਿਧਾਨ ਸਭਾ ਦੀ ਚੋਣ ਲੜ ਰਿਹਾ ਹੈ ਤੇ ਅਕਾਲੀ ਦਲ ਦੇ ਆਗੂ ਸਰਬਜੋਤ ਸਿੰਘ ਸਾਬੀ ਚੋਣਾਂ ਦੀ ਤਿਆਰੀ ਕਰ ਰਹੇ ਹਨ। ਨਾਜਾਇਜ਼ ਮਾਈਨਿੰਗ ਚੋਣਾਂ ਵਿੱਚ ਵੱਡਾ ਮੁੱਦਾ ਬਣ ਕੇ ਉਭਰੇਗੀ।

(ਨੋਟ – ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ https://t.me/punjabibulletin)