“ਸੁਖਬੀਰ 2022 ‘ਚ ਮੁੱਖ ਮੰਤਰੀ ਬਣਨ ਦਾ ਸੁਪਨਾ ਭੁੱਲ ਜਾਣ”

0
517

ਤਰਨਤਾਰਨ. ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਆਗੂ ਅਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ 21 ਫ਼ਰਵਰੀ ਨੂੰ ਜ਼ਿਲ੍ਹਾ ਪੱਧਰ ਤੇ ਹੋਣ ਜਾ ਰਹੀ ਕਾਨਫਰੰਸ ਸੰਬੰਧੀ ਹਲਕਾ ਖਡੂਰ ਸਾਹਿਬ ਦੇ ਵਰਕਰਾਂ ਨੂੰ ਲਾਮਬੰਦ ਕੀਤਾ। ਇਹ ਮੀਟਿੰਗ ਪਿੰਡ ਪੱਖੋਪੁਰਾ ਵਿਖੇ ਕੀਤੀ ਗਈ। ਬ੍ਰਹਮਪੁਰਾ ਨੇ ਕਿਹਾ ਕਿ ਮੈਨੂੰ ਅਫ਼ਸੋਸ ਹੈ ਕਿ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਆਪਣੀ ਜ਼ੁਬਾਨ ਤੋਂ ਫ਼ਿਸਲਣ ਲੱਗ ਪਏ ਹਨ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੂੰ ਆਪਣੇ ਵੱਡਿਆਂ ਦਾ ਸਤਿਕਾਰ ਕਿਵੇਂ ਕਰਨਾ ਚਾਹੀਦਾ ਹੈ, ਅੱਜ ਵੀ ਸਿੱਖਣ ਦੀ ਲੋੜ ਹੈ। ਉਨਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ 2022 ਵਿਚ ਮੁੱਖ ਮੰਤਰੀ ਬਣਨ ਦਾ ਸੁਪਨਾ ਭੁੱਲ ਜਾਣ ਕਿਉਂਕਿ ਇੱਕ ਪੰਥਕ ਪਾਰਟੀ ਨੂੰ ਨਿੱਜੀ ਜਾਇਦਾਦ ਬਣਾਉਣ ਨਾਲ ਸਿੱਖ ਕੌਮ ਦਾ ਵੱਡਾ ਨੁਕਸਾਨ ਹੋਇਆ ਹੈ।

ਮੁੱਖ ਮੰਤਰੀ ਕੈਪਟਨ ਕੰਮ ਘੱਟ ਤੇ ਗੱਪ ਜਾਦਾ ਮਾਰਦੇ ਹਨ: ਰਵਿੰਦਰ ਬ੍ਰਹਮਪੁਰਾ
ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਲੋਕ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਵੀ ਬਹੁਤ ਦੁੱਖੀ ਹੋ ਚੁੱਕੇ ਹਨ ਕਿਉਂਕਿ ਦਿੱਲੀ ਵਿਧਾਨ ਸਭਾ ਚੋਣਾਂ ਦੌਰਾਨ ਕੈਪਟਨ ਅਮਰਿੰਦਰ ਸਿੰਘ ਵਲੋਂ ਇੱਕ ਜਨਸਭਾ ਨੂੰ ਸੰਬੋਧਨ ਕਰਦਿਆਂ ਸਾਫ਼ ਝੂਠ ਬੋਲਿਆ ਗਿਆ ਹੈ ਕਿ ਕਾਂਗਰਸ ਸਰਕਾਰ ਦੇ ਤਿੰਨਾਂ ਸਾਲਾਂ ਦੇ ਕਾਰਜਕਾਲ ਦੌਰਾਨ ਪੰਜਾਬ ਦੇ ਲੋਕਾਂ ਨਾਲ ਸਾਰੇ ਵਾਅਦੇ ਪੂਰੇ ਕਰ ਦਿੱਤੇ ਹਨ ਜੋ ਕਿ ਪੂਰੀ ਤਰ੍ਹਾਂ ਨਾਲ ਝੂਠ ਹੈ। ਉਨ੍ਹਾਂ ਕਿਹਾ ਕਿ ਹੁਣ ਸਮਾਂ ਆ ਚੁੱਕਿਆ ਹੈ ਕਿ ਇਹਨਾਂ ਰਵਾਇਤੀ ਪਾਰਟੀਆਂ ਨੂੰ ਸਬਕ ਸਿਖਾਇਆ ਜਾਵੇ ਤਾਂ ਜੋ ਪੰਜਾਬ ਦੇ ਲੋਕਾਂ ਦੀ ਭਲਾਈ ਹੋ ਸਕੇ ਕਿਉਂਕਿ ਅੱਜ ਹਰ ਵਿਅਕਤੀ ਪੰਜਾਬ ਵਿਚ ਬਦਲਾਅ ਲਿਆਉਣਾ ਚਾਹੁੰਦਾ ਹੈ।