ਸੁਨਾਮ : ਮਾਡਰਨ ਵੈਂਡਿੰਗ ਜ਼ੋਨ ਦੇ ਚੱਲ ਰਹੇ ਨਿਰਮਾਣ ਕਾਰਜਾਂ ਦਾ ਮੰਤਰੀ ਅਮਨ ਅਰੋੜਾ ਨੇ ਮੁੜ ਲਿਆ ਜਾਇਜ਼ਾ, ਪ੍ਰਾਜੈਕਟ ਨੂੰ 31 ਮਾਰਚ ਤੋਂ ਪਹਿਲਾਂ ਮੁਕੰਮਲ ਕਰਨ ਦੇ ਦਿੱਤੇ ਆਦੇਸ਼

0
1744

ਚੰਡੀਗੜ੍ਹ/ਸੁਨਾਮ | ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਅਤੇ ਪ੍ਰਿੰਟਿੰਗ ਤੇ ਸਟੇਸ਼ਨਰੀ ਮੰਤਰੀ ਅਮਨ ਅਰੋੜਾ ਵੱਲੋਂ ਅੱਜ ਮੁੜ ਸੁਨਾਮ ਸ਼ਹਿਰ ਦੀ ਪੁਰਾਣੀ ਸਬਜ਼ੀ ਮੰਡੀ ਵਿਖੇ ਬਣਾਏ ਜਾ ਰਹੇ ਮਾਡਰਨ ਵੈਂਡਿੰਗ ਜ਼ੋਨ ਦੇ ਨਿਰਮਾਣ ਕਾਰਜਾਂ ਦਾ ਨਿਰੀਖਣ ਕੀਤਾ ਗਿਆ। ਦੱਸਣਯੋਗ ਹੈ ਕਿ ਸੁਨਾਮ ਸ਼ਹਿਰ ਦੀ ਪੁਰਾਣੀ ਸਬਜ਼ੀ ਮੰਡੀ ਵਾਲੀ ਥਾਂ ‘ਤੇ ਇਹ ਵੈਂਡਿੰਗ ਜ਼ੋਨ ਵਿਕਸਿਤ ਕੀਤਾ ਜਾ ਰਿਹਾ ਹੈ।


ਜ਼ਿਕਰਯੋਗ ਹੈ ਕਿ ਪਿਛਲੇ ਹਫ਼ਤੇ ਹੀ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 1 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾ ਰਹੇ ਆਧੁਨਿਕ ਵੈਂਡਿੰਗ ਜ਼ੋਨ ਦਾ ਅਚਨਚੇਤ ਨਿਰੀਖਣ ਕੀਤਾ ਗਿਆ ਸੀ, ਜਿਸ ਦੌਰਾਨ ਉਨ੍ਹਾਂ ਦੇਖਿਆ ਕਿ ਸਬੰਧਤ ਠੇਕੇਦਾਰ ਵੱਲੋਂ ਸੀਵਰੇਜ ਦੇ ਮੈਨਹੋਲ ਚੈਂਬਰ ਬਣਾਉਣ ਲਈ ਗੈਰ ਮਿਆਰੀ ਇੱਟਾਂ ਦੀ ਵਰਤੋਂ ਕੀਤੀ ਜਾ ਰਹੀ ਹੈ। ਅਮਨ ਅਰੋੜਾ ਨੇ ਇਸ ਕੁਤਾਹੀ ਲਈ ਅਧਿਕਾਰੀਆਂ ਅਤੇ ਠੇਕੇਦਾਰ ਦੀ ਖਿਚਾਈ ਕਰਦਿਆਂ ਤੁਰੰਤ ਸਾਮਾਨ ਨੂੰ ਬਦਲਣ ਦੇ ਨਿਰਦੇਸ਼ ਦਿੱਤੇ। ਕੈਬਨਿਟ ਮੰਤਰੀ ਵੱਲੋਂ ਤਾੜਨਾ ਉਪਰੰਤ ਅਗਲੇ ਹੀ ਦਿਨ ਠੇਕੇਦਾਰ ਵੱਲੋਂ ਸਾਰੀ ਸਮੱਗਰੀ ਬਦਲ ਦਿੱਤੀ ਗਈ ਸੀ।


ਉਨ੍ਹਾਂ ਅਧਿਕਾਰੀਆਂ ਅਤੇ ਠੇਕੇਦਾਰਾਂ ਨੂੰ ਹਦਾਇਤ ਕੀਤੀ ਕਿ 31 ਮਾਰਚ ਤੋਂ ਪਹਿਲਾਂ ਪਹਿਲਾਂ ਮਾਡਰਨ ਵੈਂਡਿੰਗ ਜ਼ੋਨ ਦੇ ਨਿਰਮਾਣ ਕਾਰਜਾਂ ਨੂੰ ਨੇਪਰੇ ਚੜ੍ਹਾਇਆ ਜਾਵੇ ਤਾਂ ਜੋ ਰੇਹੜੀ ਫੜ੍ਹੀ ਵਾਲੇ ਗਰੀਬ ਲੋਕ ਆਪਣੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਇਸ ਮਾਰਕੀਟ ਦਾ ਲਾਭ ਲੈ ਸਕਣ।


ਕੈਬਨਿਟ ਮੰਤਰੀ ਨੇ ਦਿਸ਼ਾ ਨਿਰਦੇਸ਼ ਦਿੰਦਿਆਂ ਸਪੱਸ਼ਟ ਕੀਤਾ ਹੈ ਕਿ ਪੰਜਾਬ ਸਰਕਾਰ ਕਿਸੇ ਵੀ ਤਰ੍ਹਾਂ ਦੇ ਭ੍ਰਿਸ਼ਟਾਚਾਰ ਨੂੰ ਬਰਦਾਸ਼ਤ ਨਹੀਂ ਕਰੇਗੀ ਅਤੇ ਕਿਸੇ ਵੀ ਢੰਗ ਨਾਲ ਸਰਕਾਰੀ ਖਜ਼ਾਨੇ ਨੂੰ ਢਾਹ ਲਾਉਣ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਕੋਈ ਅਧਿਕਾਰੀ, ਕਰਮਚਾਰੀ ਜਾਂ ਠੇਕੇਦਾਰ ਸਰਕਾਰੀ ਫੰਡਾਂ ਦੀ ਦੁਰਵਰਤੋਂ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਖਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।


ਉਨ੍ਹਾਂ ਚੱਲ ਰਹੇ ਕਾਰਜਾਂ ਵਿੱਚ ਵਰਤੀ ਜਾ ਰਹੀ ਸਮੱਗਰੀ ਉਤੇ ਤਸੱਲੀ ਪ੍ਰਗਟਾਉਂਦੇ ਹੋਏ ਠੇਕੇਦਾਰਾਂ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਿਛਲੀਆਂ ਸਰਕਾਰਾਂ ਵੱਲੋਂ ਅਪਣਾਏ ਲੁੱਟ ਖਸੁੱਟ ਦੇ ਮਾੜੇ ਰੁਝਾਨ ਨੂੰ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰੀ ਫੰਡਾਂ ਨੂੰ ਇਮਾਨਦਾਰੀ ਅਤੇ ਪਾਰਦਰਸ਼ਤਾ ਨਾਲ ਵਰਤਿਆ ਜਾਣਾ ਚਾਹੀਦਾ ਹੈ ਤਾਂ ਜੋ ਕੀਤਾ ਗਿਆ ਕੰਮ ਮੂੰਹੋਂ ਬੋਲੇ।