ਚੰਡੀਗੜ੍ਹ : ਸੂਬੇ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ’ਤੇ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਵੇਗੀ। ਸਿਟਕੋ ਦੇ ਜੂਨੀਅਰ ਇੰਜਨੀਅਰ ਬਲਵੰਤ ਸਿੰਘ ਮੁਲਤਾਨੀ ਨੂੰ ਤਿੰਨ ਦਹਾਕੇ ਪਹਿਲਾਂ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ਵਿੱਚ ਲਾਪਤਾ ਕਰਨ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਸੈਣੀ ਦੀ ਗ੍ਰਿਫਤਾਰੀ ਵਰੰਟ ਜਾਰੀ ਹੋ ਚੁੱਕੇ ਹਨ। ਉਹ ਆਪਣੀ ਸੁਰੱਖਿਆ ਛੱਡ ਕੇ ਫਰਾਰ ਹਨ।
ਜੇਕਰ ਅੱਜ ਸੈਣੀ ਨੂੰ ਸੁਪ੍ਰੀਮ ਕੋਰਟ ਤੋਂ ਵੀ ਜ਼ਮਾਨਤ ਨਾ ਮਿਲੀ ਤਾਂ ਉਨ੍ਹਾਂ ਨੂੰ ਆਤਮ ਸਮਰਪਣ ਕਰਨਾ ਹੀ ਪਵੇਗਾ। ਕਰੋਨਾ ਮਹਾਮਾਰੀ ਕਾਰਨ ਸੁਣਵਾਈ ਵੀਡੀਓ ਕਾਨਫਰੰਸਿੰਗ ਰਾਹੀਂ ਹੋਵੇਗੀ।
ਸਾਬਕਾ ਡੀਜੀਪੀ ਸੈਣੀ ਨੇ ਆਪਣੀਆਂ ਪਟੀਸ਼ਨ ਵਿੱਚ ਦਲੀਲ ਦਿੱਤੀ ਹੈ ਕਿ ਇਹ 29 ਸਾਲ ਪੁਰਾਣਾ ਮਾਮਲਾ ਹੈ। ਇਸ ਸਬੰਧੀ ਪਹਿਲਾਂ ਉਨ੍ਹਾਂ ਖ਼ਿਲਾਫ਼ ਸੀਬੀਆਈ ਨੇ ਵੀ ਕੇਸ ਦਰਜ ਕੀਤਾ ਸੀ, ਪਰ ਸੁਣਵਾਈ ਦੌਰਾਨ ਕੌਮੀ ਜਾਂਚ ਏਜੰਸੀ ਸੁਪਰੀਮ ਕੋਰਟ ਵਿੱਚ ਉਨ੍ਹਾਂ ਖ਼ਿਲਾਫ਼ ਠੋਸ ਸਬੂਤ ਪੇਸ਼ ਨਹੀਂ ਕਰ ਸਕੀ, ਜਿਸ ਕਾਰਨ ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਰਾਹਤ ਦਿੰਦਿਆਂ ਉਨ੍ਹਾਂ ਖ਼ਿਲਾਫ਼ ਦਰਜ ਕੇਸ ਨੂੰ ਮੁੱਢੋਂ ਰੱਦ ਕਰ ਦਿੱਤਾ ਸੀ।
ਉਨ੍ਹਾਂ ਦੋਸ਼ ਲਾਇਆ ਕਿ ਹੁਣ ਪੰਜਾਬ ਸਰਕਾਰ ਦੇ ਹੁਕਮਾਂ ’ਤੇ ਪੀੜਤ ਪਰਿਵਾਰ ਦੀ ਝੂਠੀ ਸ਼ਿਕਾਇਤ ਨੂੰ ਆਧਾਰ ਬਣਾ ਕੇ ਉਸ ਖ਼ਿਲਾਫ਼ ਕੇਸ ਦਰਜ ਕਰ ਕੇ ਉਨ੍ਹਾਂ ਨੂੰ ਜਾਣਬੁੱਝ ਕੇ ਤੰਗ-ਪ੍ਰੇਸ਼ਾਨ ਤੇ ਬਦਨਾਮ ਕੀਤਾ ਜਾ ਰਿਹਾ ਹੈ। ਉਨ੍ਹਾਂ ਖ਼ਿਲਾਫ਼ ਦਰਜ ਕੇਸ ਪੂਰੀ ਤਰ੍ਹਾਂ ਸਿਆਸਤ ਤੋਂ ਪ੍ਰੇਰਿਤ ਹੈ।
ਸੁਮੇਧ ਸੈਣੀ ਦੀ ਅਗਾਊਂ ਜ਼ਮਾਨਤ ਦੀ ਅਰਜੀ ’ਤੇ ਸੁਪਰੀਮ ਕੋਰਟ ਵਿੱਚ ਸੁਣਵਾਈ ਅੱਜ
Related Post