ਨਵਜੋਤ ਸਿੰਘ ਸਿੱਧੂ ਨੂੰ ਸੁਪਰੀਮ ਕੋਰਟ ਨੇ ਸੁਣਾਈ 34 ਸਾਲ ਪੁਰਾਣੇ ਕੇਸ ‘ਚ 1 ਸਾਲ ਕੈਦ ਦੀ ਸਜ਼ਾ

0
4441

ਨਵੀਂ ਦਿੱਲੀ/ਚੰਡੀਗੜ੍ਹ/ਅੰਮ੍ਰਿਤਸਰ | ਪੰਜਾਬ ਕਾਂਗਰਸ ਦੇ ਸਾਬਕਾ ਪ੍ਧਾਨ ਨਵਜੋਤ ਸਿੰਘ ਸਿੱਧੂ ਨੂੰ ਵੱਡਾ ਝਟਕਾ ਲੱਗਾ ਹੈ। ਸੁਪਰੀਮ ਕੋਰਟ ਨੇ 34 ਸਾਲ ਪੁਰਾਣੇ ਕੇਸ ‘ਚ ਸਿੱਧੂ ਨੂੰ ਇਕ ਸਾਲ ਸਖਤ ਕੈਦ ਦੀ ਸਜ਼ਾ ਸੁਣਾਈ ਹੈ।

ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਇਕ ਹਜ਼ਾਰ ਰੁਪਏ ਜੁਰਮਾਨਾ ਲਗਾ ਕੇ ਛੱਡ ਦਿੱਤਾ ਸੀ। ਜਦੋਂ ਸੁਪਰੀਮ ਕੋਰਟ ਸਿੱਧੂ ਨੂੰ ਸਜ਼ਾ ਸੁਣਾ ਰਿਹਾ ਸੀ, ਉਸ ਸਮੇਂ ਸਿੱਧੂ ਹਾਥੀ ‘ਤੇ ਸਵਾਰ ਹੋ ਕੇ ਮਹਿੰਗਾਈ ਦੇ ਮੁੱਦੇ ‘ਤੇ ਪਟਿਆਲਾ ‘ਚ ਪ੍ਰਦਰਸ਼ਨ ਕਰ ਰਹੇ ਸਨ।

ਸਿੱਧੂ ‘ਤੇ 34 ਸਾਲ ਪਹਿਲਾਂ ਪਟਿਆਲਾ ਸੜਕ ਵਿਵਾਦ ‘ਚ ਗੁਰਨਾਮ ਸਿੰਘ ਨਾਲ ਕੁੱਟਮਾਰ ਕਰਨ ਦਾ ਦੋਸ਼ ਹੈ। ਗੁਰਨਾਮ ਸਿੰਘ ਦੀ ਹਸਪਤਾਲ ‘ਚ ਮੌਤ ਹੋ ਗਈ ਸੀ। ਇਹ ਮਾਮਲਾ 27 ਦਸੰਬਰ 1988 ਦਾ ਹੈ।

ਸਜ਼ਾ ਸੁਣਾਏ ਜਾਣ ਤੋਂ ਬਾਅਦ ਨਵਜੋਤ ਸਿੱਧੂ ਨੇ ਟਵੀਟ ਕਰ ਕੇ ਕਿਹਾ ਹੈ ਕਿ ਉਹ ਕਾਨੂੰਨ ਅੱਗੇ ਸਰੰਡਰ ਕਰਨਗੇ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਪਟਿਆਲਾ ਜੇਲ੍ਹ ਭੇਜਿਆ ਜਾ ਸਕਦਾ ਹੈ। ਪਟਿਆਲਾ ਜੇਲ੍ਹ ‘ਚ ਹੀ ਅਕਾਲੀ ਆਗੂ ਬਿਕਰਮ ਮਜੀਠੀਆ ਨਸ਼ੇ ਦੇ ਕੇਸ ‘ਚ ਬੰਦ ਹਨ।