ਸੁਪਰੀਮ ਕੋਰਟ ਦਾ ਵੱਡਾ ਫੈਸਲਾ : ਜੰਮੂ-ਕਸ਼ਮੀਰ ਤੋਂ ਧਾਰਾ 370 ਨੂੰ ਹਟਾਉਣ ਦੇ ਫੈਸਲੇ ਨੂੰ ਠਹਿਰਾਇਆ ਜਾਇਜ਼

0
894

ਨਵੀਂ ਦਿੱਲੀ, 11 ਦਸੰਬਰ| ਧਾਰਾ 370 ‘ਤੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ ਆਇਆ ਹੈ। ਚੀਫ ਜਸਟਿਸ ਆਫ ਇੰਡੀਆ ਤੇ ਸੰਵਿਧਾਨਕ ਬੈਂਚ ਨੇ ਕੇਂਦਰ ਸਰਕਾਰ ਦੇ ਫੈਸਲੇ ਨੂੰ ਬਰਕਰਾਰ ਰੱਖਦਿਆਂ ਧਾਰਾ 370 ਨੂੰ ਹਟਾਉਣ ਨੂੰ ਜਾਇਜ਼ ਠਹਿਰਾਇਆ ਹੈ।

ਸੁਪਰੀਮ ਕੋਰਟ ਦਾ ਕਹਿਣਾ ਹੈ ਕਿ ਜੰਮੂ-ਕਸ਼ਮੀਰ ਭਾਰਤ ਦਾ ਅਨਿੱਖੜਵਾਂ ਅੰਗ ਹੈ। ਜੰਮੂ-ਕਸ਼ਮੀਰ ਵੀ ਭਾਰਤੀ ਸੰਵਿਧਾਨ ਦੇ ਅਧੀਨ ਹੈ।

ਸੁਪਰੀਮ ਕੋਰਟ ਦੀ ਬੈਂਚ ਨੇ ਚੋਣ ਕਮਿਸ਼ਨ ਨੂੰ ਜੰਮੂ-ਕਸ਼ਮੀਰ ਵਿਚ 30 ਸਤੰਬਰ ਤੱਕ ਚੋਣਾਂ ਕਰਵਾਉਂਣ ਦੇ ਹੁਕਮ ਜਾਰੀ ਕੀਤੇ ਹਨ।

ਸੁਪਰੀਮ ਕੋਰਟ ਦੇ ਇਸ ਫੈਸਲੇ ਨਾਲ ਕੇਂਦਰ ਦੀ ਮੋਦੀ ਸਰਕਾਰ ਨੂੰ ਰਾਹਤ ਮਿਲੀ ਹੈ। ਸੀਜੇਆਈ ਨੇ ਕਿਹਾ ਕਿ ਜੰਮੂ-ਕਸ਼ਮੀਰ ਭਾਰਤ ਦਾ ਅਨਿੱਖੜਵਾਂ ਅੰਗ ਹੈ। ਉਸ ਦੀ ਆਪਣੀ ਕੋਈ ਅੰਦਰੂਨੀ ਪ੍ਰਭੂਸੱਤਾ ਨਹੀਂ ਸੀ। ਅਜਿਹੀ ਸਥਿਤੀ ਵਿੱਚ, ਧਾਰਾ 370 ਇੱਕ ਅਸਥਾਈ ਵਿਵਸਥਾ ਹੈ।

ਸੁਪਰੀਮ ਕੋਰਟ ਨੇ ਸੋਮਵਾਰ ਨੂੰ ਜੰਮੂ-ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦੇਣ ਵਾਲੀ ਧਾਰਾ 370 ਨੂੰ ਹਟਾਉਣ ਦੇ ਕੇਂਦਰ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ‘ਤੇ ਆਪਣਾ ਫੈਸਲਾ ਸੁਣਾਇਆ। ਫੈਸਲਾ ਸੁਣਾਉਂਦੇ ਹੋਏ ਸੀਜੇਆਈ ਨੇ ਕਿਹਾ ਕਿ ਜੰਮੂ-ਕਸ਼ਮੀਰ ਵਿੱਚ ਧਾਰਾ 370 ਇੱਕ ਅਸਥਾਈ ਵਿਵਸਥਾ ਹੈ। ਸੁਪਰੀਮ ਕੋਰਟ ਨੇ ਮੰਨਿਆ ਕਿ ਜੰਮੂ-ਕਸ਼ਮੀਰ ਦੀ ਸੰਵਿਧਾਨ ਸਭਾ ਭੰਗ ਹੋਣ ਤੋਂ ਬਾਅਦ ਵੀ ਰਾਸ਼ਟਰਪਤੀ ਕੋਲ ਧਾਰਾ 370 ਨੂੰ ਖ਼ਤਮ ਕਰਨ ਸਬੰਧੀ ਅਧਿਸੂਚਨਾ ਜਾਰੀ ਕਰਨ ਦਾ ਅਧਿਕਾਰ ਹੈ।