ਤਰਨਤਾਰਨ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਤਰਨਤਾਰਨ ਅਧੀਨ ਆਉਂਦੇ ਪਿੰਡ ਰੈਸ਼ੀਆਨਾ ਵਿਖੇ ਬੀਤੀ ਰਾਤ ਕੁਝ ਵਿਅਕਤੀਆਂ ਵੱਲੋਂ ਇਕ ਨੌਜਵਾਨ ‘ਤੇ ਹਮਲਾ ਕਰਦੇ ਹੋਏ ਉਸ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ ਗਿਆ। ਹਮਲੇ ਦੌਰਾਨ ਸਿਰ ‘ਚ ਜ਼ਿਆਦਾ ਸੱਟ ਲੱਗਣ ਕਾਰਨ ਹਸਪਤਾਲ ‘ਚ ਇਲਾਜ ਦੌਰਾਨ ਅੱਜ ਸਵੇਰੇ ਨੌਜਵਾਨ ਦੀ ਮੌਤ ਹੋ ਗਈ। ਘਟਨਾ ਤੋਂ ਬਾਅਦ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਮੁਤਾਬਕ ਕਸ਼ਮੀਰ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ਪਿੰਡ ਰੈਸ਼ੀਆਨਾ ਜੋ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਬੀਤੀ ਰਾਤ ਕੁਝ ਵਿਅਕਤੀਆਂ ਵਲੋਂ ਰੰਜਿਸ਼ ਦੇ ਚਲਦਿਆਂ ਉਸ ‘ਤੇ ਜਾਨਲੇਵਾ ਹਮਲਾ ਕਰ ਦਿੱਤਾ ਗਿਆ। ਇਸ ਦੌਰਾਨ ਕਸ਼ਮੀਰ ਸਿੰਘ ਦੇ ਸਿਰ ਵਿਚ ਡੂੰਗੀ ਸੱਟ ਲੱਗ ਗਈ ਤੇ ਬੇਹੋਸ਼ ਹੋ ਗਿਆ, ਜਿਸ ਨੂੰ ਇਲਾਜ ਲਈ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ, ਜਿਥੇ ਅੱਜ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ। ਪੁਲਿਸ ਅਧਿਕਾਰੀ ਮੁਤਾਬਕ ਇਹ ਝਗੜਾ ਕਿਸੇ ਲੜਕੀ ਨੂੰ ਲੈ ਕੇ ਕੀਤਾ ਗਿਆ ਸੀ, ਜਿਸ ਦੀ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪਰਿਵਾਰ ਵੱਲੋਂ ਦਿੱਤੇ ਜਾਣ ਵਾਲੇ ਬਿਆਨਾਂ ਦੇ ਆਧਾਰ ‘ਤੇ ਪਰਚਾ ਦਰਜ ਕੀਤਾ ਗਿਆ ਹੈ।