ਫ਼ਿਰੋਜ਼ਪੁਰ ‘ਚ ਕਾਰ ਨੇ ਬਾਈਕ ਸਵਾਰਾਂ ਨੂੰ ਮਾਰੀ ਭਿਆਨਕ ਟੱਕਰ, 2 ਭਰਾਵਾਂ ਸਮੇਤ 3 ਦੀ ਦਰਦਨਾਕ ਮੌਤ

0
1569

ਫਿਰੋਜ਼ਪੁਰ, 17 ਸਤੰਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਫ਼ਿਰੋਜ਼ਪੁਰ ਜ਼ਿਲੇ ਦੇ ਜ਼ੀਰਾ ਅਤੇ ਕੋਟ ਈਸੇ ਖਾਂ ਵਿਖੇ ਸਥਿਤ ਪੈਟਰੋਲ ਪੰਪ ਨੇੜੇ ਇਕ ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਸਵਾਰਾਂ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿਚ ਬਾਈਕ ਸਵਾਰ 2 ਭਰਾਵਾਂ ਸਮੇਤ 3 ਨੌਜਵਾਨਾਂ ਦੀ ਮੌਤ ਹੋ ਗਈ ਜਦਕਿ ਉਨ੍ਹਾਂ ਦਾ ਚੌਥਾ ਦੋਸਤ ਗੰਭੀਰ ਜ਼ਖ਼ਮੀ ਹੋ ਗਿਆ। ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਡਰਾਈਵਰ ਉਥੋਂ ਫਰਾਰ ਹੋ ਗਿਆ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ।

ਸਬ-ਇੰਸਪੈਕਟਰ ਲਖਵੀਰ ਸਿੰਘ ਨੇ ਦੱਸਿਆ ਕਿ ਸ਼ੁੱਕਰਵਾਰ ਦੇਰ ਰਾਤ ਜਨਦੀਪ ਸਿੰਘ (18), ਲਵਪ੍ਰੀਤ ਸਿੰਘ, ਗੁਰਜੰਟ ਸਿੰਘ (22) ਅਤੇ ਲਖਵਿੰਦਰ ਸਿੰਘ (30) ਵਾਸੀ ਲਾਹੋਕੇ ਖੁਰਦ ਤਲਵੰਡੀ ਮਾਂਗੇਖਾਂ ਤੋਂ ਬਾਈਕ ‘ਤੇ ਲਾਹੋਕੇ ਖੁਰਦ ਵੱਲ ਪਰਤ ਰਹੇ ਸਨ। ਜਿਵੇਂ ਹੀ ਜ਼ੀਰਾ ਤੇ ਕੋਟ ਈਸੇ ਖਾਂ ਸਥਿਤ ਪੈਟਰੋਲ ਪੰਪ ਨੇੜੇ ਪਹੁੰਚੇ ਤਾਂ ਤੇਜ਼ ਰਫ਼ਤਾਰ ਕਾਰ ਨੇ ਬਾਈਕ ਨੂੰ ਟੱਕਰ ਮਾਰ ਦਿੱਤੀ।

ਇਸ ਹਾਦਸੇ ਵਿਚ ਲਖਵਿੰਦਰ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਬਾਕੀ 3 ਗੰਭੀਰ ਜ਼ਖ਼ਮੀ ਹੋ ਗਏ। ਤਿੰਨਾਂ ਨੂੰ ਜ਼ੀਰਾ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਉਸ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਮੈਡੀਕਲ ਕਾਲਜ ਫਰੀਦਕੋਟ ਰੈਫਰ ਕਰ ਦਿੱਤਾ ਗਿਆ। ਇੱਥੇ 2 ਸਕੇ ਭਰਾਵਾਂ ਲਵਪ੍ਰੀਤ ਸਿੰਘ ਅਤੇ ਗੁਰਜੰਟ ਸਿੰਘ ਦੀ ਮੌਤ ਹੋ ਗਈ। ਜਨਦੀਪ ਦਾ ਇਲਾਜ ਚੱਲ ਰਿਹਾ ਹੈ। ਪੁਲਿਸ ਨੇ ਮੁਲਜ਼ਮ ਡਰਾਈਵਰ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।