ਭਿਆਨਕ ਸੜਕ ਹਾਦਸਾ, ਇਕ ਬੱਚੇ ਸਮੇਤ 11 ਲੋਕਾਂ ਦੀ ਮੌਤ

0
617
ਮਹਾਰਾਸ਼ਟਰ ਦੇ ਨਾਸਿਕ 'ਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇੱਥੇ ਯਵਤਮਾਲ ਤੋਂ ਮੁੰਬਈ ਜਾ ਰਹੀ ਇਹ ਲਗਜ਼ਰੀ ਬੱਸ ਅਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ, ਜਿਸ ਤੋਂ ਬਾਅਦ ਬੱਸ ਨੂੰ ਅੱਗ ਲੱਗ ਗਈ। ਇਸ ਸੜਕ ਹਾਦਸੇ 'ਚ 11 ਲੋਕਾਂ ਦੀ ਮੌਤ ਹੋਣ ਦੀ ਖਬਰ ਸਾਹਮਣੇ ਆ ਰਹੀ ਹੈ। ਇਨ੍ਹਾਂ ਵਿੱਚ ਇਕ ਬੱਚਾ ਵੀ ਸ਼ਾਮਲ ਹੈ। ਇਸ ਹਾਦਸੇ 'ਤੇ ਦੁੱਖ ਪ੍ਰਗਟ ਕਰਦੇ ਹੋਏ ਪੀ.ਐਮ. ਮੋਦੀ ਨੇ ਪੀ.ਐਮ.ਐਨ.ਆਰ.ਐਫ. ਤੋਂ ਹਰੇਕ ਮ੍ਰਿਤਕ ਦੇ ਵਾਰਸਾਂ ਨੂੰ 2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ ਕੀਤਾ।

ਨਾਸਿਕ ਪੁਲਿਸ ਨੇ ਦੱਸਿਆ ਕਿ ਇਹ ਹਾਦਸਾ ਅੱਜ ਸਵੇਰੇ ਕਰੀਬ 5.15 ਵਜੇ ਵਾਪਰਿਆ। ਪੁਲਿਸ ਨੇ ਸੜਕ ਹਾਦਸੇ ਤੋਂ ਬਾਅਦ ਬੱਸ ਨੂੰ ਲੱਗੀ ਭਿਆਨਕ ਅੱਗ 'ਚ 11 ਸਵਾਰੀਆਂ ਦੇ ਮਾਰੇ ਜਾਣ ਦੀ ਖ਼ਬਰ ਦੀ ਪੁਸ਼ਟੀ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਭਿਆਨਕ ਸੜਕ ਹਾਦਸਾ ਨਾਸਿਕ-ਔਰੰਗਾਬਾਦ ਰੋਡ 'ਤੇ ਵਾਪਰਿਆ।

ਫਾਇਰ ਬ੍ਰਿਗੇਡ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ ਪਰ ਉਦੋਂ ਤੱਕ ਕਈ ਲੋਕ ਅੱਗ ਦੀ ਲਪੇਟ 'ਚ ਆ ਚੁੱਕੇ ਸਨ। ਸਾਰੇ ਜ਼ਖਮੀਆਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ। ਦੱਸਿਆ ਜਾ ਰਿਹਾ ਹੈ ਕਿ ਕੁਝ ਲੋਕਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਅਤੇ ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ। ਜਾਣਕਾਰੀ ਮੁਤਾਬਕ ਹਾਦਸਾ ਇੰਨਾ ਭਿਆਨਕ ਸੀ ਕਿ ਟੱਕਰ ਤੋਂ ਬਾਅਦ ਬੱਸ 50-60 ਫੁੱਟ ਅੱਗੇ ਜਾ ਡਿੱਗੀ। ਹਾਦਸੇ ਤੋਂ ਤੁਰੰਤ ਬਾਅਦ ਬੱਸ ਨੂੰ ਅੱਗ ਲੱਗ ਗਈ। ਜਿਸ ਤੋਂ ਬਾਅਦ ਕੁਝ ਯਾਤਰੀਆਂ ਨੇ ਆਪਣੀ ਜਾਨ ਬਚਾਉਣ ਲਈ ਬੱਸ ਤੋਂ ਛਾਲ ਮਾਰਨ ਦੀ ਕੋਸ਼ਿਸ਼ ਕੀਤੀ, ਜਿਸ 'ਚ ਉਹ ਵੀ ਬੁਰੀ ਤਰ੍ਹਾਂ ਜ਼ਖਮੀ ਹੈ।