ਸੀਐਮ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਪੰਜਾਬ ‘ਚ ਸਿਹਤ ਸੰਭਾਲ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਵਚਨਬੱਧ

0
17

ਚੰਡੀਗੜ੍ਹ | ਪੰਜਾਬ ਦੇ ਹਰਮਨ ਪਿਆਰੇ ਮੁੱਖ ਮੰਤਰੀ ਸੂਬੇ ਦੇ ਸਿਹਤ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਕਰ ਰਹੇ ਹਨ। ਪ੍ਰਾਇਮਰੀ, ਸੈਕੰਡਰੀ ਅਤੇ ਤੀਜੇ ਦਰਜੇ ਦੀਆਂ ਸਿਹਤ ਸੰਭਾਲ ਸੇਵਾਵਾਂ ਵਿੱਚ ਪਹਿਲਕਦਮੀਆਂ ‘ਤੇ ਜ਼ੋਰ ਦਿੱਤਾ ਜਾ ਰਿਹਾ ਹੈ।

ਸਿਹਤ ਮੰਤਰੀ ਡਾ. ਬਲਬੀਰ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਅਨੁਸਾਰ ਕਿਡਨੀ ਦੇ ਮਰੀਜ਼ਾਂ ਲਈ 8 ਅਤਿ-ਆਧੁਨਿਕ ਡਾਇਲਸਿਸ ਸੈਂਟਰਾਂ ਦਾ ਉਦਘਾਟਨ ਹੁਣ ਕੀਤਾ ਗਿਆ ਹੈ ਤਾਂ ਜੋ ਸਰਕਾਰੀ ਸਿਹਤ ਸਹੂਲਤਾਂ ਨੂੰ ਹੋਰ ਵੀ ਮਜ਼ਬੂਤ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਹੰਸ ਫਾਊਂਡੇਸ਼ਨ ਦੇਹਰਾਦੂਨ ਦੇ ਸਹਿਯੋਗ ਨਾਲ ਸਥਾਪਿਤ ਕੀਤੇ ਗਏ ਇਹ ਡਾਇਲਸਿਸ ਸੈਂਟਰ, ਰਾਜ ਭਰ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ਵਿੱਚ ਸਥਿਤ ਕੀਤੇ ਗਏ ਹਨ।

ਸਿਹਤ ਮੰਤਰੀ ਨੇ ਪਟਿਆਲਾ ਦੇ ਮਾਤਾ ਕੌਸ਼ੱਲਿਆ ਸਰਕਾਰੀ ਹਸਪਤਾਲ ਵਿੱਚ ਸੁਵਿਧਾ ਦਾ ਉਦਘਾਟਨ ਕੀਤਾ ਅਤੇ ਨਾਲ ਹੀ ਅੰਮ੍ਰਿਤਸਰ, ਮਲੇਰਕੋਟਲਾ, ਮੋਗਾ, ਗੋਨਿਆਣਾ, ਫਾਜ਼ਿਲਕਾ, ਫਰੀਦਕੋਟ ਅਤੇ ਜਲੰਧਰ ਸਮੇਤ ਸੱਤ ਹੋਰ ਸ਼ਹਿਰਾਂ ਵਿੱਚ ਵਰਚੁਅਲ ਕਨੈਕਟੀਵਿਟੀ ਰਾਹੀਂ ਕੇਂਦਰਾਂ ਦੀ ਸ਼ੁਰੂਆਤ ਕੀਤੀ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਹੰਸ ਫਾਊਂਡੇਸ਼ਨ ਨਾਲ ਇਸ ਮਹੱਤਵਪੂਰਨ ਸਹਿਯੋਗ ਦਾ ਉਦੇਸ਼ ਮਰੀਜ਼ਾਂ ਨੂੰ ਮੁਫਤ ਡਾਇਲਸਿਸ ਸਹੂਲਤਾਂ ਪ੍ਰਦਾਨ ਕਰਨਾ ਅਤੇ ਰਾਜ ਭਰ ਵਿੱਚ ਕਿਡਨੀ ਦੇ ਮਰੀਜਾਂ ਦੀ ਬੀਮਾਰੀ ‘ਚ ਮਹੱਤਵਪੂਰਨ ਸੁਧਾਰ ਕਰਨਾ ਹੈ।
ਸ਼ੁਰੂਆਤ ਵਿੱਚ, ਅੱਠ ਸਰਕਾਰੀ ਹਸਪਤਾਲਾਂ ਵਿੱਚ ਇਹ ਡਾਇਲਸਿਸ ਸੈਂਟਰ ਸਥਾਪਿਤ ਕੀਤੇ ਗਏ ਹਨ, ਜਿਸ ਨਾਲ ਹਜ਼ਾਰਾਂ ਲੋੜਵੰਦ ਮਰੀਜ਼ਾਂ ਨੂੰ ਫਾਇਦਾ ਹੋਵੇਗਾ। ਯੋਜਨਾ ਇਸ ਪ੍ਰੋਗਰਾਮ ਨੂੰ ਸਾਰੇ ਸਰਕਾਰੀ ਹਸਪਤਾਲਾਂ ਤੱਕ ਪਹੁਚਾਉਣ ਦੀ ਹੈ, ਜੋ ਸਾਰਿਆਂ ਲਈ ਪਹੁੰਚਯੋਗ ਅਤੇ ਮਿਆਰੀ ਸਿਹਤ ਸੇਵਾਵਾਂ ਨੂੰ ਯਕੀਨੀ ਬਣਾਵੇਗਾ।

872 ਆਮ ਆਦਮੀ ਕਲੀਨਿਕਾਂ ਦੀ ਸਥਾਪਨਾ ਨੇ ਪੰਜਾਬ ਦੀ ਮੁੱਢਲੀ ਸਿਹਤ ਸੰਭਾਲ ਵਿੱਚ ਮਹੱਤਵਪੂਰਨ ਵਾਧਾ ਕੀਤਾ ਹੈ, ਜਿਸ ਨਾਲ ਆਉਣ ਵਾਲੇ ਸਾਲਾਂ ਵਿੱਚ ਗੁਰਦਿਆਂ ਦੀਆਂ ਬਿਮਾਰੀਆਂ ਵਿੱਚ ਮਹੱਤਵਪੂਰਨ ਕਮੀ ਲਈ ਰਾਹ ਪੱਧਰਾ ਹੋਇਆ ਹੈ। ਲਗਭਗ 2.15 ਕਰੋੜ ਇਲਾਜਾਂ ਵਿੱਚੋਂ, 92 ਲੱਖ ਨਵੇਂ ਮਰੀਜ਼ਾਂ ਨੇ ਮੁਹੱਲਾ ਕਲੀਨਿਕਾਂ ਦੀਆਂ ਸੇਵਾਵਾਂ ਦਾ ਲਾਭ ਉਠਾਇਆ ਹੈ। ਇਨ੍ਹਾਂ ਕਲੀਨਿਕਾਂ ਵਿੱਚ ਦਵਾਈਆਂ ਦੀ ਮੁਫਤ ਉਪਲਬਧਤਾ ਨੇ ਸਿਹਤ ਸਥਿਤੀਆਂ ਦੇ ਛੇਤੀ ਨਿਦਾਨ ਅਤੇ ਇਲਾਜ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ।

ਪੰਜਾਬ ਦੇ ਪ੍ਰਾਇਮਰੀ ਕੇਅਰ ਮਾਡਲ ਜੋ ਕਿ ਦਵਾਈਆਂ ਦੀ ਆਖਰੀ ਮੀਲ ਤੱਕ ਡਿਲਿਵਰੀ ਨੂੰ ਯਕੀਨੀ ਬਣਾਉਂਦਾ ਹੈ ਅਤੇ ਫਰਿਸ਼ਤੇ ਸਕੀਮ ਦੀ ਹਾਲ ਹੀ ਵਿੱਚ ਨੈਰੋਬੀ, ਕੀਨੀਆ ਵਿੱਚ ਹੋਏ ਇੱਕ ਸੈਮੀਨਾਰ ਵਿੱਚ ਅਪਣਾਏ ਜਾਣ ਵਾਲੇ ਗਲੋਬਲ ਮਾਡਲਾਂ ਵਜੋਂ ਸ਼ਲਾਘਾ ਕਰਨੀ ਬਣਦੀ ਹੈ। ਪੰਜਾਬ ਦੇ ਸਾਰੇ ਜ਼ਿਲ੍ਹਾ ਹਸਪਤਾਲਾਂ ਨੂੰ ਐਮਰਜੈਂਸੀ ਸੇਵਾਵਾਂ ਦੇ ਨਾਲ-ਨਾਲ ਐਨਆਈਸੀਯੂ ਅਤੇ ਆਈਸੀਯੂ ਸਹੂਲਤਾਂ ਨਾਲ ਲੈਸ ਕਰਨ ਦੀ ਯੋਜਨਾ ਦਾ ਵੀ ਐਲਾਨ ਮੁੱਖ ਮੰਤਰੀ ਵੱਲੋਂ ਕੀਤਾ ਜਾ ਚੁੱਕਾ ਹੈ। ਇਸ ਤੋਂ ਇਲਾਵਾ ਗੈਰ ਸਰਕਾਰੀ ਸੰਗਠਨਾਂ ਨੂੰ ਪੰਜਾਬ ਸਰਕਾਰ ਨਾਲ ਸਿਹਤ ਅਤੇ ਮੈਡੀਕਲ ਸਿੱਖਿਆ ਦੋਵਾਂ ਖੇਤਰਾਂ ਵਿੱਚ ਸਹਿਯੋਗ ਕਰਨ ਦਾ ਸੱਦਾ ਦਿੱਤਾ ਤਾਂ ਜੋ ਲੋਕਾਂ ਨੂੰ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ।