ਅੰਮ੍ਰਿਤਸਰ . ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਹੋਈ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਵਿੱਚ ਕਈ ਅਹਿਮ ਮੁੱਦੇ ਵਿਚਾਰੇ ਗਏ। ਇਨ੍ਹਾਂ ਵਿੱਚੋਂ ਲਾਪਤਾ ਹੋਏ 267 ਪਾਵਨ ਸਰੂਪਾਂ ਦਾ ਮਾਮਲਾ ਅਹਿਮ ਹੈ। ਜਥੇਦਾਰ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਹੁਕਮ ਜਾਰੀ ਕੀਤੇ ਹਨ ਕਿ ਹਫ਼ਤੇ ਦੇ ਅੰਦਰ-ਅੰਦਰ ਸ਼ਾਰਟ ਨੋਟਿਸ ਤੇ ਅੰਤਰਿਮ ਕਮੇਟੀ ਦੀ ਮੀਟਿੰਗ ਸੱਦ ਕੇ ਇਸ ਵਿੱਚ ਜ਼ਿੰਮੇਵਾਰ ਮੁਲਾਜ਼ਮਾਂ ਦੇ ਖਿਲਾਫ ਕਾਰਵਾਈ ਕੀਤੀ ਜਾਵੇ।
ਇਸ ਤੋਂ ਇਲਾਵਾ ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਦੇ ਮਾਮਲੇ ‘ਤੇ ਵੀ ਫ਼ੈਸਲਾ ਲਿਆ ਗਿਆ ਹੈ। ਥੇਦਾਰ ਨੇ ਕਿਹਾ ਕਿ ਢੱਡਰੀਆਂ ਵਾਲੇ ਦੇ ਕਥਨਾਂ ਸਬੰਧੀ ਪੜਤਾਲ ਲਈ ਬਣਾਈ ਵਿਦਵਾਨਾਂ ਦੀ ਸਬ ਕਮੇਟੀ ਦੀ ਰਿਪੋਰਟ ਅਨੁਸਾਰ ਉਸ ਨੇ ਗੁਰਮਤਿ ਪ੍ਰਤੀ ਕੁਝ ਗਲਤ ਬਿਆਨੀਆਂ ਕੀਤੀਆਂ ਹਨ। ਉਹ ਇਨ੍ਹਾਂ ਕਥਨਾਂ ਸਬੰਧੀ ਸਪਸ਼ਟੀਕਰਨ ਦੇਣ ਤੋਂ ਵੀ ਇਨਕਾਰੀ ਹੋਇਆ ਹੈ।
ਇਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਵਿਚਾਰ ਕਰਨ ਉਪਰੰਤ ਫੈਸਲਾ ਹੋਇਆ ਕਿ ਗੁਰੂ ਗ੍ਰੰਥ ਗੁਰੂ ਪੰਥ ਨੂੰ ਸਮਰਪਿਤ ਤੇ ਪਰੰਪਰਾਵਾਂ ਦੀ ਰਾਖੀ ਲਈ ਵਚਨਬੱਧ ਦੇਸ਼-ਵਿਦੇਸ਼ ਦੀਆਂ ਸਿੱਖ ਸੰਗਤਾਂ ਸੰਸਥਾਵਾਂ ਤੇ ਗੁਰਦੁਆਰਾ ਪ੍ਰਬੰਧਕਾਂ ਨੂੰ ਆਦੇਸ਼ ਦਿੱਤਾ ਹੈ ਕਿ ਜਿੰਨਾ ਚਿਰ ਤੱਕ ਉਹ ਆਪਣੀ ਗਲਤ ਬਿਆਨੀ ਲਈ ਸ੍ਰੀ ਅਕਾਲ ਤਖਤ ‘ਤੇ ਪੇਸ਼ ਹੋ ਕੇ ਮੁਆਫੀ ਨਹੀਂ ਮੰਗਦਾ, ਓਨਾਂ ਚਿਰ ਤੱਕ ਉਸ ਦੇ ਸਮਾਗਮ ਨਾ ਕਰਵਾਏ ਜਾਣ ਤੇ ਨਾ ਹੀ ਉਸ ਨੂੰ ਸੁਣਿਆ ਜਾਵੇ ਤੇ ਨਾ ਹੀ ਇਸ ਦੀਆਂ ਵੀਡੀਓ ਅੱਗੇ ਸ਼ੇਅਰ ਕੀਤੀਆਂ ਜਾਣ। ਜੇਕਰ ਇਹ ਹਾਲੇ ਵੀ ਬਾਜ਼ ਨਾ ਆਇਆ ਤਾਂ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।