ਸ੍ਰੀ ਦਰਬਾਰ ਸਾਹਿਬ ‘ਚ ਟਾਈਟਲਰ ਦੀ ਤਸਵੀਰ ਵਾਲੀ ਟੀ-ਸ਼ਰਟ ਪਾ ਕੇ ਆਏ ਕਰਮਜੀਤ ਗਿੱਲ ਦੀ ਜ਼ਮਾਨਤ ਅਰਜ਼ੀ ਰੱਦ

0
398

1984 ਦੇ ਸਿੱਖ ਕਤਲੇਆਮ ਦੇ ਦੋਸ਼ੀ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਦੀ ਤਸਵੀਰ ਵਾਲੀ ਟੀ-ਸ਼ਰਟ ਪਾ ਕੇ ਸ੍ਰੀ ਦਰਬਾਰ ਸਾਹਿਬ ਵਿਖੇ ਆਉਣ ਵਾਲੇ ਕਰਮਜੀਤ ਸਿੰਘ ਗਿੱਲ ਦੀ ਦਾਇਰ ਕੀਤੀ ਗਈ ਜ਼ਮਾਨਤ ਅਰਜ਼ੀ ਨੂੰ ਸਥਾਨਕ ਜ਼ਿਲ੍ਹਾ ਸੈਸ਼ਨ ਜੱਜ ਡੀਐਸ ਰਲਹਨ ਨੇ ਖਾਰਿਜ ਕਰ ਦਿੱਤੀ ਹੈ। ਇਸ ਸਬੰਧੀ ਕੁਲਵਿੰਦਰ ਸਿੰਘ ਰਾਮਦਾਸ ਨੇ ਦੱਸਿਆ ਕਿ ਕਰਮਜੀਤ ਸਿੰਘ ਗਿੱਲ ਦੇ ਵਕੀਲਾਂ ਨੇ ਅਦਾਲਤ ਵਿੱਚ ਦਲੀਲ ਦਿੱਤੀ ਹੈ ਕਿ ਉਸ ਦਾ ਧਾਰਮਿਕ ਭਾਵਨਾਵਾਂ ਭੜਕਾਉਣ ਦਾ ਕੋਈ ਇਰਾਦਾ ਨਹੀਂ ਸੀ, ਸਗੋਂ ਉਹ ਆਪਣੇ ਸਿਆਸੀ ਗੁਰੂ ਦੀ ਤਸਵੀਰ ਵਾਲੀ ਟੀ-ਸ਼ਰਟ ਪਾ ਕੇ ਮੱਥਾ ਟੇਕਣ ਗਿਆ ਸੀ, ਜੋ ਕਿ ਇੱਕ ਅਪਰਾਧ ਨਹੀਂ ਹੈ।

ਓਥੇ ਹੀ ਕਮਿਸ਼ਨਰੇਟ ਪੁਲਿਸ ਵੱਲੋਂ ਕੀਤੀ ਗਈ ਜਾਂਚ ਵਿੱਚ ਉਸ ਖ਼ਿਲਾਫ਼ ਧਾਰਮਿਕ ਭਾਵਨਾਵਾਂ ਭੜਕਾਉਣ ਦੇ ਦੋਸ਼ ਹੇਠ ਧਾਰਾ 153-ਏ ਤਹਿਤ ਕੇਸ ਦਰਜ ਕੀਤਾ ਗਿਆ ਹੈ । ਦੂਜੇ ਪਾਸੇ ਸਰਕਾਰੀ ਵਕੀਲ ਅੰਜੂ ਸ਼ਰਮਾ ਅਤੇ ਸ਼੍ਰੋਮਣੀ ਕਮੇਟੀ ਦੇ ਵਕੀਲ ਭਗਵੰਤ ਸਿਆਲਕਾ ਅਤੇ ਮਨਜੀਤ ਸਿੰਘ ਛੀਨਾ ਸਮੇਤ ਸਵਜੀਤ ਸਿੰਘ ਸਿਆਲਕਾ, ਰੋਹਿਤ ਸ਼ਰਮਾ, ਸੁਖਰਾਜ ਸਿੰਘ ਮਾਨ ਅਤੇ ਗੁਰਪ੍ਰੀਤ ਸਿੰਘ ਬਾਸਰਕੇ ਨੇ ਪੇਸ਼ ਹੋ ਕੇ ਦਲੀਲ ਦਿੱਤੀ ਕਿ ਕਥਿਤ ਦੋਸ਼ੀ ਸ੍ਰੀ ਦਰਬਾਰ ਸਾਹਿਬ ‘ਚ ਮੱਥਾ ਟੇਕਣ ਨਹੀਂ ਗਿਆ ਸੀ , ਸਗੋਂ ਫਿਰਕੂ ਭਾਵਨਾਵਾਂ ਭੜਕਾਉਣ ਲਈ ਗਿਆ ਸੀ।

ਉਨ੍ਹਾਂ ਕਿਹਾ ਕਿ ਇਹ ਵਿਅਕਤੀ ਪਹਿਲਾਂ ਦੂਸਰੀ ਟੀ-ਸ਼ਰਟ ਪਾ ਕੇ ਸ੍ਰੀ ਦਰਬਾਰ ਸਾਹਿਬ ਅੰਦਰ ਦਾਖ਼ਲ ਹੋਇਆ ਸੀ ਪਰ ਬਾਅਦ ਵਿੱਚ ਇਸਨੇ ਜਗਦੀਸ਼ ਟਾਈਟਲਰ ਦੀ ਤਸਵੀਰ ਵਾਲੀ ਟੀ-ਸ਼ਰਟ ਪਾ ਕੇ ਸ੍ਰੀ ਦਰਬਾਰ ਸਾਹਿਬ ਵਿੱਚ ਤਸਵੀਰਾਂ ਖਿੱਚੀਆਂ ਤੇ ਬਾਅਦ ਵਿੱਚ ਇਨ੍ਹਾਂ ਨੂੰ ਸੋਸ਼ਲ ਮੀਡੀਆ ‘ਤੇ ਵਾਇਰਲ ਕਰ ਦਿੱਤਾ। ਜਿਸ ਤੋਂ ਸਪੱਸ਼ਟ ਹੈ ਕਿ ਉਹ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਲਈ ਹੀ ਸ੍ਰੀ ਦਰਬਾਰ ਸਾਹਿਬ ਵਿਖੇ ਗਿਆ ਸੀ। ਸਾਰੀਆਂ ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ ਮੁਲਜ਼ਮ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ।