ਅੰਮ੍ਰਿਤਸਰ। ਸ਼੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਅੱਜ ਸਿੱਖ ਸੰਸਥਾਵਾਂ ’ਤੇ ਕਬਜ਼ੇ ਲੈਣ ਲਈ ਲੜਾਈ ਹੋ ਰਹੀ ਹੈ। ਇਹ ਲੜਾਈ ਸਿਰਫ਼ ਸਿੱਖ ਸੰਸਥਾਵਾਂ ਦੀ ਗੋਲਕ ’ਤੇ ਕਬਜ਼ਾ ਕਰਨ ਤੇ ਆਪਣੀ ਚੌਧਰ ਦਿਖਾਉਣ ਦੀ ਹੈ। ਉਨ੍ਹਾਂ ਨੇ ਸਿੱਖ ਕੌਮ ਵਿੱਚ ਆਈ ਗਿਰਾਵਟ ’ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਇਸ ਨੂੰ ਦੂਰ ਕਰਨ ਦਾ ਸੱਦਾ ਦਿੱਤਾ ਹੈ।
ਅੰਮ੍ਰਿਤਸਰ ਵਿਖੇ ਵੀਰਵਾਰ ਨੂੰ ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਦੀ ਸ਼ਹੀਦੀ ਸ਼ਤਾਬਦੀ ਸਬੰਧੀ ਸਮਾਗਮ ਨੂੰ ਸੰਬੋਧਨ ਕਰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਸ੍ਰੀ ਅਕਾਲ ਤਖ਼ਤ ਵਿੱਚ ਪੁੱਜ ਰਹੀਆਂ ਵਧੇਰੇ ਸ਼ਿਕਾਇਤਾਂ ਵਿੱਚੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਕਮੇਟੀਆਂ ਦੀਆਂ ਆਪਸੀ ਲੜਾਈਆਂ ਨਾਲ ਸਬੰਧਤ ਹੁੰਦੀਆਂ ਹਨ ਤੇ ਇਨ੍ਹਾਂ ਵਿੱਚੋਂ ਵੀ ਵਧੇਰੇ ਵਿਦੇਸ਼ ਦੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੀਆਂ ਹਨ।
ਉਨ੍ਹਾਂ ਸਿੱਖ ਕੌਮ ਨੂੰ ਸੱਦਾ ਦਿੱਤਾ ਹੈ ਕਿ ਉਹ ਆਪਣੀਆਂ ਸੰਸਥਾਵਾਂ ਨੂੰ ਮਜ਼ਬੂਤ ਬਣਾਉਣ। ਇਸ ਮੌਕੇ ਉਨ੍ਹਾਂ ਸ਼੍ਰੋਮਣੀ ਕਮੇਟੀ ਨੂੰ ਕਿਹਾ ਕਿ ਉਹ ਤਖ਼ਤਾਂ ਦੇ ਜਥੇਦਾਰਾਂ ਦੀ ਨਿਯੁਕਤੀ, ਸੇਵਾਮੁਕਤੀ, ਸੇਵਾਕਾਲ ਦੀ ਮਿਆਦ ਆਦਿ ਬਾਰੇ ਨਿਯਮ ਬਣਾਵੇ। ਇਸ ਬਾਰੇ ਪਹਿਲਾਂ ਵੀ ਕਿਹਾ ਜਾ ਚੁੱਕਿਆ ਹੈ ਪਰ ਇਸ ’ਤੇ ਕੋਈ ਅਮਲ ਨਹੀਂ ਹੋਇਆ।
ਉਨ੍ਹਾਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਦੀਆਂ ਪ੍ਰਬੰਧਕੀ ਕਮੇਟੀਆਂ ਦੀ ਵੀ ਗੱਲ ਕੀਤੀ। ਇਸ ਮੌਕੇ ਧਰਮ ਪਰਿਵਰਤਨ ਦਾ ਮੁੱਦਾ ਉਭਾਰਦਿਆਂ ਉਨ੍ਹਾਂ ਕਿਹਾ ਕਿ ਧਰਮ ਪਰਿਵਰਤਨ ਕਰਨ ਵਾਲੇ ਵੀ ਸਿੱਖ ਸੰਸਥਾਵਾਂ ਦਾ ਮਜ਼ਾਕ ਉਡਾ ਰਹੇ ਹਨ।