ਆਯੁਸ਼ਮਾਨ ਯੋਜਨਾ ਨੂੰ ਲੈ ਕੇ ਮਾਨ ਸਰਕਾਰ ਦਾ ਵੱਡਾ ਐਲਾਨ, ਸੂਬੇ ਦੇ ਲੋਕਾਂ ਨੂੰ ਦਿੱਤਾ ਇਕ ਹੋਰ ਤੋਹਫਾ

0
15834

ਚੰਡੀਗੜ੍ਹ, 15 ਨਵੰਬਰ | ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਕੈਬਨਿਟ ਮੰਤਰੀ ਡਾ. ਬਲਵੀਰ ਸਿੰਘ ਨੇ ਸੂਬੇ ਦੇ ਵਸਨੀਕਾਂ ਨੂੰ ਤੋਹਫਾ ਦਿੰਦੇ ਹੋਏ ਐਲਾਨ ਕੀਤਾ ਕਿ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਦਾਇਰੇ ਦਾ ਵਿਸਥਾਰ ਕਰਦੇ ਹੋਏ 1 ਕਰੋੜ 60 ਲੱਖ ਯੋਗ ਲਾਭਪਾਤਰੀਆਂ ਦੇ ਕਾਰਡ ਬਣਾਏ ਜਾਣਗੇ। ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਸਿਹਤ ਮੰਤਰੀ ਡਾ. ਬਲਵੀਰ ਸਿੰਘ ਨੇ ਬੱਚਿਆਂ ਵਿੱਚ ਦਿਲ ਦੀਆਂ ਗੰਭੀਰ ਬਿਮਾਰੀਆਂ ਦਾ ਪਤਾ ਲਗਾਉਣ ਲਈ ਸਿਵਲ ਹਸਪਤਾਲ ਮੋਗਾ ਵਿਖੇ ਲਗਾਈ ਗਈ ਪੀਡੀਆਟ੍ਰਿਕ ਈਕੋ ਕਾਰਡੀਓਗ੍ਰਾਫੀ ਮਸ਼ੀਨ ਦਾ ਉਦਘਾਟਨ ਕਰਨ ਮੌਕੇ ਕੀਤਾ।

ਸਿਹਤ ਮੰਤਰੀ ਡਾ: ਬਲਵੀਰ ਸਿੰਘ ਨੇ ਦੱਸਿਆ ਕਿ ਆਯੁਸ਼ਮਾਨ ਭਾਰਤ ਸਿਹਤ ਬੀਮਾ ਯੋਜਨਾ ਤਹਿਤ ਭਾਰਤ ਸਰਕਾਰ ਵੱਲੋਂ ਸਿਰਫ਼ 16 ਲੱਖ ਲਾਭਪਾਤਰੀਆਂ ਲਈ ਹੀ ਫੰਡ ਮੁਹੱਈਆ ਕਰਵਾਏ ਜਾਂਦੇ ਹਨ, ਜਦੋਂ ਕਿ ਪੰਜਾਬ ਸਰਕਾਰ ਵੱਲੋਂ 70 ਲੱਖ ਲੋਕਾਂ ਦੇ ਕਾਰਡ ਬਣਾਏ ਗਏ ਹਨ ਅਤੇ ਹੁਣ ਤੱਕ 44 ਲੱਖ ਲੋਕਾਂ ਨੂੰ ਇਸ ਦਾ ਲਾਭ ਮਿਲ ਚੁੱਕਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਟੀਚਾ ਇਸ ਸਕੀਮ ਤਹਿਤ 1.60 ਕਰੋੜ ਲੋਕਾਂ ਨੂੰ ਕਵਰ ਕਰਨ ਦਾ ਹੈ। ਬਾਕੀ 90 ਲੱਖ ਲੋਕਾਂ ਦੇ ਕਾਰਡ ਵੀ ਜਲਦੀ ਹੀ ਬਣਾਏ ਜਾਣਗੇ। ਉਨ੍ਹਾਂ ਦੱਸਿਆ ਕਿ ਹੁਣ ਤੱਕ 95 ਫੀਸਦੀ ਲੋਕਾਂ ਦਾ ਮੁਫਤ ਇਲਾਜ ਕੀਤਾ ਜਾ ਚੁੱਕਾ ਹੈ। ਸਰਕਾਰੀ ਸਿਹਤ ਸੰਸਥਾਵਾਂ ਵਿੱਚ ਡਾਕਟਰਾਂ ਦੀ ਘਾਟ ਬਾਰੇ ਪੁੱਛੇ ਜਾਣ ’ਤੇ ਉਨ੍ਹਾਂ ਕਿਹਾ ਕਿ ਅਗਲੇ ਇੱਕ ਸਾਲ ਵਿੱਚ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮਾਹਿਰ ਡਾਕਟਰਾਂ ਦੀ ਘਾਟ ਪੂਰੀ ਕਰ ਦਿੱਤੀ ਜਾਵੇਗੀ। ਹੁਣ ਤੱਕ 272 ਮਾਹਿਰ ਡਾਕਟਰਾਂ ਦੀ ਭਰਤੀ ਕੀਤੀ ਜਾ ਚੁੱਕੀ ਹੈ। ਮੈਡੀਕਲ ਹਸਪਤਾਲਾਂ ਵਿੱਚ ਵੀ ਡਾਕਟਰਾਂ ਦੀ ਭਰਤੀ ਕੀਤੀ ਗਈ ਹੈ। ਜਦਕਿ 350 ਹੋਰ ਡਾਕਟਰਾਂ ਅਤੇ 1800 ਪੈਰਾ ਮੈਡੀਕਲ ਸਟਾਫ਼ ਦੀ ਭਰਤੀ ਦੀ ਪ੍ਰਕਿਰਿਆ ਵੀ ਸ਼ੁਰੂ ਕਰ ਦਿੱਤੀ ਗਈ ਹੈ।