ਲੁਧਿਆਣਾ | ਪੰਜਾਬ ਕੈਬਨਿਟ ਦੀ ਮੀਟਿੰਗ ਹੁਣ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਤੇ ਪਿੰਡਾਂ ਵਿਚ ਹੋਇਆ ਕਰੇਗੀ। ਇਹ ਫੈਸਲਾ ਲੁਧਿਆਣਾ ਦੇ ਸਰਕਟ ਵਿਚ ਹੋਈ ਕੈਬਨਿਟ ਦੀ ਬੈਠਕ ਵਿਚ ਲਿਆ ਗਿਆ। ਬੈਠਕ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੀ.ਐੱਮ. ਮਾਨ ਨੇ ਕਿਹਾ ਕਿ ਜਿਸ ਜਗ੍ਹਾ ਕੈਬਨਿਟ ਦੀ ਮੀਟਿੰਗ ਹੋਵੇਗੀ, ਉਸ ਪੂਰੇ ਦਿਨ ਸਰਕਾਰ ਉਥੇ ਹੀ ਰਹੇਗੀ।
ਸੀ.ਐੱਮ. ਮਾਨ ਨੇ ਕਿਹਾ ਕਿ ਇਸ ਨਾਲ ਜਿੱਥੇ ਸੂਬੇ ਦੇ ਵਿਕਾਸ ਨੂੰ ਹੁਲਾਰਾ ਮਿਲੇਗਾ, ਉਥੇ ਦੂਜੇ ਪਾਸੇ ਆਪਣੇ ਰੋਜ਼ਮਰਾ ਦੇ ਪ੍ਰਸ਼ਾਸਨਿਕ ਕੰਮ ਕਰਵਾ ਕੇ ਲੋਕਾਂ ਨੂੰ ਸਹੂਲਤ ਮਿਲੇਗੀ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਹੀ ਅਧਿਕਾਰੀਆਂ ਖਾਸ ਕਰਕੇ ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਕਪਤਾਨ ਨੂੰ ਆਪੋ-ਆਪਣੇ ਖੇਤਰ ਦੇ ਦੌਰੇ ਵਧਾਉਣ ਦੇ ਨਿਰਦੇਸ਼ ਦਿੱਤੇ ਹਨ।
ਮੁੱਖ ਮੰਤਰੀ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਦੀ ਮੀਟਿੰਗ ਅੱਜ ਚੰਡੀਗੜ੍ਹ ਦੇ ਸਿਵਲ ਸਕੱਤਰੇਤ ਦੀ ਬਜਾਏ ਲੁਧਿਆਣਾ ਦੇ ਸਰਕਟ ਹਾਊਸ ਵਿਖੇ ਕੀਤੀ ਗਈ। ਇਸ ਨੂੰ ਲੈ ਕੇ ਸੀ. ਐੱਮ. ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਅੱਜ ਸਥਾਨਕ ਸਰਕਟ ਹਾਊਸ ਵਿਖੇ ਮੰਤਰੀ ਮੰਡਲ ਦੀ ਮੀਟਿੰਗ ਕਰਕੇ ਆਪਣੇ ਪ੍ਰਮੁੱਖ ਪ੍ਰੋਗਰਾਮ ‘ਸਰਕਾਰ ਤੁਹਾਡੇ ਦੁਆਰ’ ਦੀ ਸ਼ੁਰੂਆਤ ਕੀਤੀ ਹੈ ਅਤੇ ਇਸ ਕਦਮ ਦਾ ਉਦੇਸ਼ ਲੋਕਾਂ ਦੀ ਭਲਾਈ ਅਤੇ ਸੂਬੇ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਹੁਣ ਮੰਤਰੀ ਮੰਡਲ ਸਿਰਫ਼ ਸਕੱਤਰੇਤ ਦੇ ਕਮਰਿਆਂ ਤੱਕ ਹੀ ਸੀਮਤ ਨਹੀਂ ਰਹੇਗਾ, ਸਗੋਂ ਸੂਬੇ ਭਰ ਦੇ ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਵਿੱਚ ਮੀਟਿੰਗਾਂ ਕੀਤੀਆਂ ਜਾਣਗੀਆਂ ਤਾਂ ਜੋ ਲੋਕਾਂ ਨੂੰ ਸੌਖ ਹੋ ਸਕੇ।