ਅੰਮ੍ਰਿਤਸਰ ਦੇ ਰਾਮਬਾਗ ਵਿਖੇ ਮਨਾਇਆ ਗਿਆ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਜੀ ਦਾ ਜਨਮ ਦਿਹਾੜਾ

0
7

ਅੰਮ੍ਰਿਤਸਰ: ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਜੀ ਦਾ ਜਨਮ ਦਿਹਾੜਾ ਅੰਮ੍ਰਿਤਸਰ ਦੇ ਇਤਿਹਾਸਕ ਰਾਮਬਾਗ ਵਿਖੇ ਅਕਾਲ ਸੇਵਾ ਫਾਊਂਡੇਸ਼ਨ ਵੱਲੋਂ ਹਰ ਸਾਲ ਦੀ ਤਰ੍ਹਾਂ ਮਨਾਇਆ ਗਿਆ। ਇਸ ਮੌਕੇ ਸਮਾਜ ਸੇਵੀ ਸਰਬਜੀਤ ਸਿੰਘ ਸੋਨੂੰ ਜੰਡਿਆਲਾ ਸਮੇਤ ਫਾਊਂਡੇਸ਼ਨ ਦੇ ਮੈਂਬਰਾਂ ਅਤੇ ਸੰਗਤਾਂ ਨੇ ਸ਼ਿਰਕਤ ਕੀਤੀ। ਸਮਾਗਮ ਦੌਰਾਨ ਮਹਾਰਾਜਾ ਸਾਹਿਬ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ।

ਜ਼ਿਕਰਯੋਗ ਹੈ ਕਿ ਮਹਾਰਾਜਾ ਰਣਜੀਤ ਸਿੰਘ ਜੀ ਦਾ ਜਨਮ 13 ਨਵੰਬਰ 1780 ਨੂੰ ਗੁਜਰਾਂਵਾਲਾ ਵਿਖੇ ਹੋਇਆ ਸੀ। ਉਨ੍ਹਾਂ ਨੇ ਸ੍ਰੀ ਅੰਮ੍ਰਿਤਸਰ ਸਾਹਿਬ ਵਿੱਚ 84 ਕਿੱਲਿਆਂ ਵਿੱਚ ਰਾਮਬਾਗ ਬਣਵਾਇਆ ਸੀ, ਜਿਸ ਦਾ ਨਾਮ ਸ੍ਰੀ ਗੁਰੂ ਰਾਮਦਾਸ ਜੀ ਦੇ ਨਾਮ ‘ਤੇ ਰੱਖਿਆ ਗਿਆ। ਅੱਜ ਇਹ ਬਾਗ ਸ਼ਹਿਰ ਨੂੰ ਹਰਿਆਵਲ ਅਤੇ ਸਾਫ਼-ਸੁਥਰਾ ਵਾਤਾਵਰਨ ਦੇਣ ਵਿੱਚ ਅਹਿਮ ਭੂਮਿਕਾ ਨਿਭਾ ਰਿਹਾ ਹੈ।

ਇਸ ਮੌਕੇ ਅਕਾਲ ਸੇਵਾ ਫਾਊਂਡੇਸ਼ਨ ਦੇ ਸੇਵਾਦਾਰ ਸਰਬਜੀਤ ਸਿੰਘ ਸੋਨੂੰ ਜੰਡਿਆਲਾ ਨੇ ਦੱਸਿਆ ਕਿ ਫਾਊਂਡੇਸ਼ਨ ਵੱਲੋਂ ਹਰ ਸਾਲ ਮਹਾਰਾਜਾ ਰਣਜੀਤ ਸਿੰਘ ਜੀ ਦਾ ਜਨਮ ਦਿਹਾੜਾ ਅਤੇ ਬਰਸੀ ਉਨ੍ਹਾਂ ਦੇ ਰਾਮਬਾਗ ਵਿਖੇ ਮਨਾਈ ਜਾਂਦੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਇੱਥੇ ਕਈ ਪੁਰਾਤਨ ਵਿਰਾਸਤੀ ਥਾਵਾਂ ਦੀ ਹਾਲਤ ਬਹੁਤ ਖ਼ਰਾਬ ਸੀ, ਪਰ ਮੀਡੀਆ ਦੇ ਸਹਿਯੋਗ, ਅੰਮ੍ਰਿਤਸਰ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦੇ ਯਤਨਾਂ ਅਤੇ ਭਾਰਤੀ ਪੁਰਾਤੱਤਵ ਸਰਵੇਖਣ (ASI) ਦੇ ਸਹਿਯੋਗ ਨਾਲ ਕਈ ਕੰਮ ਮੁਕੰਮਲ ਕਰਵਾਏ ਗਏ ਹਨ।

ਉਨ੍ਹਾਂ ਦੱਸਿਆ ਕਿ ਸਾਲ 2024 ਵਿੱਚ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੂੰ ਮਹਾਰਾਜਾ ਰਣਜੀਤ ਸਿੰਘ ਜੀ ਦੇ ਬੁੱਤ ਵਾਲੀ ਥਾਂ ਦੇ ਮਾੜੇ ਹਾਲਾਤ ਦਿਖਾਏ ਗਏ ਸਨ। ਉਸ ਸਮੇਂ ਉਨ੍ਹਾਂ ਨੇ ਇਸ ਥਾਂ ਦਾ ਸੁਧਾਰ ਕਰਵਾਉਣ ਦਾ ਭਰੋਸਾ ਦਿੱਤਾ ਸੀ। ਸੋਨੂੰ ਜੰਡਿਆਲਾ ਮੁਤਾਬਕ ਬੁੱਤ ਦੇ ਆਲੇ-ਦੁਆਲੇ ਦੇ ਵਿਕਾਸ ਲਈ ਸਮਾਰਟ ਸਿਟੀ ਤਹਿਤ ਮਨਜ਼ੂਰ ਹੋਏ ਇੱਕ ਕਰੋੜ ਰੁਪਏ ਦੇ ਕੰਮ ਹੁਣ ਮੁਕੰਮਲ ਹੋ ਚੁੱਕੇ ਹਨ।

ਉਨ੍ਹਾਂ ਅੱਗੇ ਦੱਸਿਆ ਕਿ ਮਹਾਰਾਜਾ ਸਾਹਿਬ ਦੇ ਸਮਰ ਪੈਲੇਸ ਦੇ ਆਲੇ-ਦੁਆਲੇ ਰਸਤੇ ਬਣਾਉਣ ਅਤੇ ਮੁੰਸ਼ੀ ਖਾਨਿਆਂ ਨੂੰ ਕਵਰ ਕਰਨ ਲਈ ASI ਨੂੰ ਬੇਨਤੀ ਕੀਤੀ ਗਈ ਸੀ। ਇਸ ਤੋਂ ਇਲਾਵਾ ਰਾਮਬਾਗ ਵਿੱਚ ਸੋਲਰ ਲਾਈਟਾਂ ਅਤੇ CCTV ਕੈਮਰੇ ਲਗਾਉਣ ਦੀ ਮੰਗ ਵੀ ਰੱਖੀ ਗਈ ਹੈ, ਜਿਸ ਦੇ ਜਲਦੀ ਪੂਰਾ ਹੋਣ ਦੀ ਉਮੀਦ ਹੈ। ਉਨ੍ਹਾਂ ਇਸ ਕੰਮ ਲਈ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ASI ਅਤੇ ਵਿਸ਼ੇਸ਼ ਤੌਰ ‘ਤੇ ਓਮ ਜੀ ਦਾ ਧੰਨਵਾਦ ਕੀਤਾ।

ਇਸ ਮੌਕੇ ਫਾਊਂਡੇਸ਼ਨ ਦੇ ਸੇਵਾਦਾਰ ਹਰਪਾਲ ਸਿੰਘ ਰੰਧਾਵਾ ਨੇ ਕਿਹਾ ਕਿ ਜਦੋਂ ਤੱਕ ਉਨ੍ਹਾਂ ਵਿੱਚ ਸਾਹ ਹਨ, ਉਹ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਜੀ ਦੀਆਂ ਵਿਰਾਸਤਾਂ ਨੂੰ ਸੰਭਾਲਣ ਲਈ ਯਤਨ ਕਰਦੇ ਰਹਿਣਗੇ। ਉਨ੍ਹਾਂ ਸੰਗਤਾਂ ਨੂੰ ਮਹਾਰਾਜਾ ਸਾਹਿਬ ਦੇ ਜਨਮ ਦਿਹਾੜੇ ਦੀਆਂ ਵਧਾਈਆਂ ਵੀ ਦਿੱਤੀਆਂ।

ਸਮਾਗਮ ਦੌਰਾਨ ਮਹਾਰਾਜਾ ਰਣਜੀਤ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਅਰਦਾਸ ਕੀਤੀ ਗਈ। ਇਸ ਤੋਂ ਬਾਅਦ ਸਮਰ ਪੈਲੇਸ ਦੇ ਬਾਹਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਨਿਸ਼ਾਨ ਸਾਹਿਬ ਚੜ੍ਹਾਇਆ ਗਿਆ। ਸਰਬਜੀਤ ਸਿੰਘ ਸੋਨੂੰ ਜੰਡਿਆਲਾ ਨੇ ਕਿਹਾ ਕਿ ਸਿੱਖ ਕੌਮ ਨੂੰ ਆਪਣੇ ਮਹਾਨ ਯੋਧਿਆਂ ਅਤੇ ਜਰਨੈਲਾਂ ਦੇ ਇਤਿਹਾਸ ‘ਤੇ ਮਾਣ ਹੋਣਾ ਚਾਹੀਦਾ ਹੈ ਅਤੇ ਸਾਰਿਆਂ ਨੂੰ ਮਿਲ ਕੇ ਅਜਿਹੇ ਇਤਿਹਾਸਕ ਦਿਹਾੜੇ ਮਨਾਉਣੇ ਚਾਹੀਦੇ ਹਨ। ਅਖੀਰ ਵਿੱਚ ਉਨ੍ਹਾਂ ਨੇ ਸਮਾਗਮ ਵਿੱਚ ਪਹੁੰਚੀਆਂ ਸੰਗਤਾਂ ਅਤੇ ਦੇਸ਼-ਵਿਦੇਸ਼ ਵਿੱਚ ਵੱਸਦੀ ਸੰਗਤ ਨੂੰ ਮਹਾਰਾਜਾ ਸਾਹਿਬ ਦੇ ਜਨਮ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ।