ਅੰਮ੍ਰਿਤਸਰ| ਜਗਦੇਵ ਕਾਲਾ ਇਲਾਕੇ 'ਚ ਨਹਿਰ 'ਚੋਂ 23 ਸਾਲਾ ਨੌਜਵਾਨ ਦੀ ਲਾਸ਼ ਮਿਲੀ। ਨੌਜਵਾਨ ਦੀ ਪਛਾਣ ਹਰਪ੍ਰੀਤ ਸਿੰਘ ਵਾਸੀ ਜਗਦੇਵ ਕਾਲਾ ਵਜੋਂ ਹੋਈ ਹੈ। ਪਰਿਵਾਰਕ ਮੈਂਬਰਾਂ ਅਨੁਸਾਰ ਉਹ ਬੀਤੇ ਦਿਨ ਲਾਪਤਾ ਹੋ ਗਿਆ ਸੀ। ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਮ੍ਰਿਤਕ ਦੇ ਰਿਸ਼ਤੇਦਾਰਾਂ ਦਾ ਕਹਿਣਾ ਹੈ ਕਿ ਕੰਮ ਤੋਂ ਘਰ ਆ ਕੇ ਉਸ ਦੇ ਕੁਝ ਦੋਸਤ ਆਏ ਸਨ, ਜੋ ਉਸ ਨੂੰ ਕਾਰ 'ਚ ਬਿਠਾ ਕੇ ਆਪਣੇ ਨਾਲ ਲੈ ਗਏ। ਕਾਫੀ ਦੇਰ ਬਾਅਦ ਜਦੋਂ ਪਰਿਵਾਰ ਵਾਲਿਆਂ ਨੇ ਆਪਣੇ ਬੇਟੇ ਨੂੰ ਫੋਨ ਕੀਤਾ ਤਾਂ ਫੋਨ ਦੀ ਘੰਟੀ ਵੱਜ ਰਹੀ ਪਰ ਕੋਈ ਫੋਨ ਚੁੱਕ ਨਹੀਂ ਰਿਹਾ ਸੀ। ਜਦੋਂ ਉਹ ਨੌਜਵਾਨ ਦੀ ਭਾਲ ਕਰਨ ਗਏ ਤਾਂ ਉਨ੍ਹਾਂ ਨੂੰ ਜਗਦੇਵ ਕਾਲਾ ਇਲਾਕੇ 'ਚ ਨਹਿਰ 'ਚੋਂ ਨੌਜਵਾਨ ਦੀ ਲਾਸ਼ ਮਿਲੀ, ਜਿਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਇਨਸਾਫ਼ ਦੀ ਮੰਗ ਕਰਦਿਆਂ ਦੱਸਿਆ ਕਿ ਸਾਡੇ ਲੜਕੇ ਦਾ ਕਿਸੇ ਨਾਲ ਕੋਈ ਝਗੜਾ ਜਾਂ ਦੁਸ਼ਮਣੀ ਨਹੀਂ ਸੀ | ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਕਿਹਾ ਕਿ ਇਸ ਮਾਮਲੇ 'ਚ ਜੋ ਵੀ ਦੋਸ਼ੀ ਹੋਵੇਗਾ, ਉਨ੍ਹਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।