ਅੰਮ੍ਰਿਤਸਰ, 26 ਅਕਤੂਬਰ | ਪਿੰਡ ਮਾਨਾਵਾਲਾ ‘ਚ ਲੜਕੇ ਦਾ ਲੜਕੀ ਨਾਲ ਪਿਆਰ ਕਰਨਾ ਪਿਆ ਮਹਿੰਗਾ। ਲੜਕੀ ਦੇ ਪਰਿਵਾਰ ਵਾਲਿਆਂ ਨੇ ਲੜਕੇ ਦੇ ਘਰ ‘ਤੇ ਹਮਲਾ ਕਰ ਕੇ ਉਸ ਨੂੰ ਅੱਗ ਲਾ ਦਿੱਤੀ। ਫਿਲਹਾਲ ਮੌਕੇ ‘ਤੇ ਪਹੁੰਚੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਜਾਣਕਾਰੀ ਦਿੰਦਿਆਂ ਲੜਕੇ ਦੇ ਪਰਿਵਾਰਕ ਮੈਂਬਰ ਵਿਕਰਮਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਲੜਕੇ ਨੂੰ ਮਾਨਵਾਲਾ ਕਲਾਂ ਦੀ ਰਹਿਣ ਵਾਲੀ ਇੱਕ ਲੜਕੀ ਨਾਲ ਪਿਆਰ ਹੋ ਗਿਆ ਸੀ ਅਤੇ ਦੋਵੇਂ ਇੱਕ ਦੂਜੇ ਨੂੰ ਮਿਲਦੇ ਰਹਿੰਦੇ ਸਨ। ਦੋਵੇਂ ਵਿਆਹ ਕਰਵਾਉਣਾ ਚਾਹੁੰਦੇ ਸਨ ਪਰ ਲੜਕੀ ਦੇ ਪਰਿਵਾਰ ਵਾਲਿਆਂ ਨੇ ਇਹ ਗੱਲ ਨਹੀਂ ਮੰਨੀ, ਜਿਸ ਕਾਰਨ ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਬੀਤੀ ਦੇਰ ਰਾਤ ਉਨ੍ਹਾਂ ਦੇ ਘਰ ਹਮਲਾ ਕਰ ਕੇ ਘਰ ਨੂੰ ਅੱਗ ਲਗਾ ਦਿੱਤੀ ਅਤੇ ਘਰ ਦਾ ਸਾਮਾਨ ਨਸ਼ਟ ਕਰ ਦਿੱਤਾ, ਜਿਸ ਕਾਰਨ ਕਾਫੀ ਨੁਕਸਾਨ ਹੋਇਆ ਹੈ।
ਪੀੜਤ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਘਟਨਾ ਸਮੇਂ ਉਹ ਬਾਹਰ ਗਏ ਹੋਏ ਸੀ ਅਤੇ 10-15 ਵਿਅਕਤੀ ਹਥਿਆਰਾਂ ਨਾਲ ਲੈਸ ਹੋ ਕੇ ਆਏ ਸਨ। ਉਨ੍ਹਾਂ ਨੇ ਹਵਾ ਵਿਚ ਗੋਲੀਆਂ ਚਲਾਈਆਂ, ਉਸ ਦਾ ਕੈਮਰਾ ਖੋਹ ਲਿਆ, ਉਸ ਦੇ ਸਕੂਟਰ ਨੂੰ ਅੱਗ ਲਗਾ ਦਿੱਤੀ ਅਤੇ ਉਸ ਦੇ ਘਰ ਦੀ ਭੰਨਤੋੜ ਕਰ ਕੇ ਅੱਗ ਲਗਾ ਦਿੱਤੀ। ਉਸ ਦੇ ਕੁਝ ਪੈਸੇ ਵੀ ਸੜ ਗਏ।
ਇਸ ਮਾਮਲੇ ਸਬੰਧੀ ਜਦੋਂ ਪੁਲਿਸ ਅਧਿਕਾਰੀਆਂ ਨਾਲ ਗੱਲ ਕੀਤੀ ਤਾਂ ਪੁਲਿਸ ਨੇ ਦੱਸਿਆ ਕਿ ਪਿੰਡ ਮਾਨਾਵਾਲਾ ਦੇ ਰਹਿਣ ਵਾਲੇ ਬਿਕਰਮਜੀਤ ਸਿੰਘ ਨਾਮਕ ਨੌਜਵਾਨ ਨੇ ਦੱਸਿਆ ਕਿ ਉਸ ਦਾ ਛੋਟਾ ਭਰਾ ਦੁਬਈ ਤੋਂ ਵਾਪਿਸ ਆਇਆ ਸੀ ਅਤੇ ਉਹ ਇੱਕ ਲੜਕੀ ਨਾਲ ਵਿਆਹ ਕਰਨਾ ਚਾਹੁੰਦਾ ਸੀ। ਲੜਕੀ ਦੇ ਪਰਿਵਾਰਕ ਮੈਂਬਰ ਇਸ ਲਈ ਤਿਆਰ ਨਹੀਂ ਸਨ ਅਤੇ ਇਸ ਲਈ ਉਨ੍ਹਾਂ ਨੇ ਉਨ੍ਹਾਂ ਦੇ ਘਰ ਵਿੱਚ ਭੰਨਤੋੜ ਕੀਤੀ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਜਾਂਚ ਤੋਂ ਬਾਅਦ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)