ਮੁੱਖ ਮੰਤਰੀ ਵੱਲੋਂ ਭਗਵਾਨ ਵਾਲਮੀਕਿ ਜੀ ਚੇਅਰ ਲਈ ਹਰ ਸਾਲ ਬਜਟ ‘ਚੋਂ 5 ਕਰੋੜ ਰੁਪਏ ਦੇਣ ਦਾ ਐਲਾਨ

0
7285

ਅੰਮ੍ਰਿਤਸਰ | ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਬੁੱਧਵਾਰ ਨੂੰ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੀ ਵਧਾਈ ਦਿੰਦਿਆਂ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵਿਖੇ ਸਥਾਪਿਤ ਭਗਵਾਨ ਵਾਲਮੀਕਿ ਜੀ ਚੇਅਰ ਲਈ ਸਾਲਾਨਾ 5 ਕਰੋੜ ਰੁਪਏ ਦੀ ਗ੍ਰਾਂਟ ਦਾ ਐਲਾਨ ਕੀਤਾ।

ਸੂਬੇ ਦੇ ਸਰਵਪੱਖੀ ਵਿਕਾਸ ਵਿੱਚ ਵਾਲਮੀਕਿ ਭਾਈਚਾਰੇ ਦੇ ਉੱਘੇ ਯੋਗਦਾਨ ਨੂੰ ਵੇਖਦਿਆਂ ਮੁੱਖ ਮੰਤਰੀ ਨੇ ਮਹਾਨ ਸਿੱਖ ਯੋਧੇ ਅਤੇ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਨਿੰਨ ਸੇਵਕ ਸ਼ਹੀਦ ਬਾਬਾ ਜੀਵਨ ਸਿੰਘ ਜੀ (ਭਾਈ ਜੈਤਾ ਜੀ) ਦੇ ਨਾਂ ‘ਤੇ ਵੀ ਇਕ ਚੇਅਰ ਸਥਾਪਿਤ ਕਰਨ ਦਾ ਐਲਾਨ ਕੀਤਾ।

ਸੂਬਾ ਪੱਧਰੀ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਲੋਕਾਂ ਨੂੰ ਕਰੁਣਾ ਸਾਗਰ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਸ਼ੁੱਭ ਮੌਕੇ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਬਾਬਾ ਜੀਵਨ ਸਿੰਘ ਜੀ ਦੇ ਨਾਂ ‘ਤੇ ਸਥਾਪਿਤ ਹੋਣ ਵਾਲੀ ਚੇਅਰ ਨੂੰ ਵੀ ਹਰ ਸਾਲ 5 ਕਰੋੜ ਰੁਪਏ ਦੀ ਗ੍ਰਾਂਟ ਮਿਲੇਗੀ ਤਾਂ ਜੋ ਇਸ ਮਹਾਨ ਸਿੱਖ ਯੋਧੇ ਦੇ ਫਲਸਫੇ ਅਤੇ ਸਿੱਖਿਆਵਾਂ ‘ਤੇ ਖੋਜ ਹੋ ਸਕੇ।

ਮੁੱਖ ਮੰਤਰੀ ਨੇ ਕਿਹਾ ਕਿ ਭਗਵਾਨ ਵਾਲਮੀਕਿ ਜੀ ਸੰਸਕ੍ਰਿਤ ਭਾਸ਼ਾ ਦੇ ਪਿਤਾਮਾ ਸਨ ਅਤੇ ਦੁਨੀਆ ਦੇ ਪਹਿਲੇ ਕਵੀ ਜਾਂ ਆਦਿ ਕਵੀ ਸਨ, ਜਿਨ੍ਹਾਂ ਨੇ ਆਪਣੀ ਅਮਰ ਰਚਨਾ ਰਾਮਾਇਣ ਰਾਹੀਂ ਬਦੀ ‘ਤੇ ਨੇਕੀ ਦੀ ਜਿੱਤ ਦਾ ਸੁਨੇਹਾ ਦਿੱਤਾ।

ਉਨ੍ਹਾਂ ਕਿਹਾ ਕਿ ਇਸ ਮਹਾਕਾਵਿ ਨੇ ਲੋਕਾਂ ਨੂੰ ਸਦੀਆਂ ਤੱਕ ਜੀਵਨ ਜਾਚ ਸਿਖਾਈ ਹੈ ਅਤੇ ਮੌਜੂਦਾ ਪਦਾਰਥਵਾਦੀ ਸਮਾਜ ਵਿਚ ਨੈਤਿਕ ਜ਼ਿੰਦਗੀ ਜਿਊਣ ਅਤੇ ਕਦਰਾਂ-ਕੀਮਤਾਂ ਦਾ ਇਕ ਚਾਨਣ ਮੁਨਾਰਾ ਹੈ।

ਸਫਾਈ ਸੇਵਕਾਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਦਿਆਂ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਇਨ੍ਹਾਂ ਮੁਲਾਜ਼ਮਾਂ ਨੂੰ ਵੀ ਹਫਤੇ ਵਿਚ ਇਕ ਛੁੱਟੀ ਮਿਲੇਗੀ ਅਤੇ ਇਸ ਤੋਂ ਇਲਾਵਾ ਹੋਰ ਸਰਕਾਰੀ ਮੁਲਾਜ਼ਮਾਂ ਦੇ ਬਰਾਬਰ ਸਾਰੀਆਂ ਗਜ਼ਟਿਡ ਛੁੱਟੀਆਂ ਵੀ ਮਿਲਣਗੀਆਂ।

ਸਮਾਜ ਦੇ ਗ਼ਰੀਬ ਅਤੇ ਆਰਥਿਕ ਤੌਰ ‘ਤੇ ਪੱਛੜੇ ਵਰਗਾਂ ਦੀ ਹਾਲਤ ਨੂੰ ਸਮਝਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸਾਰੀਆਂ ਪੰਚਾਇਤਾਂ ਨੂੰ ਵਿਸਥਾਰਿਤ ਦਿਸ਼ਾ-ਨਿਰਦੇਸ਼ ਦੇ ਦਿੱਤੇ ਗਏ ਹਨ ਕਿ ਬੇਘਰ ਲੋਕਾਂ ਨੂੰ ਛੇਤੀ ਹੀ 5 ਮਰਲੇ ਦੇ ਪਲਾਟ ਅਲਾਟ ਕਰ ਦਿੱਤੇ ਜਾਣ।

ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਦੀਵਾਲੀ ਵਾਲੇ ਦਿਨ ਉਹ ਅਤੇ ਉਨ੍ਹਾਂ ਦੇ ਕੈਬਨਿਟ ਸਾਥੀ ਤੇ ਵਿਧਾਇਕ ਨਿੱਜੀ ਤੌਰ ‘ਤੇ ਦੀਵੇ ਬਾਲ ਕੇ ਬਸੇਰਾ ਸਕੀਮ ਦੇ ਯੋਗ ਲਾਭਪਾਤਰੀਆਂ ਨੂੰ ਅੰਸ਼ਿਕ ਤੌਰ ‘ਤੇ ਮਲਕਾਨਾ ਹੱਕ ਦੇਣ ਦੀ ਸ਼ੁਰੂਆਤ ਕਰਨਗੇ।