ਮੁੱਖ ਮੰਤਰੀ ਨੇ 27 ਦਸੰਬਰ ਨੂੰ ਮਾਤਮੀ ਬਿਗੁਲ ਵਜਾਉਣ ਦਾ ਫ਼ੈਸਲਾ ਲਿਆ ਵਾਪਸ

0
935

ਚੰਡੀਗੜ੍ਹ, 24 ਦਸੰਬਰ| ਮੁੱਖ ਮੰਤਰੀ ਭਗਵੰਤ ਮਾਨ ਨੇ 27 ਦਸੰਬਰ ਨੂੰ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਆਪਣਾ ਮਾਤਮੀ ਬਿਗਲ ਵਜਾਉਣ ਦਾ ਫ਼ੈਸਲਾ ਵਾਪਸ ਲੈ ਲਿਆ ਹੈ। ਉਨ੍ਹਾਂ ਨੇ ਟਵੀਟ ਕਰਦੇ ਹੋਏ ਇਹ ਜਾਣਕਾਰੀ ਦਿੱਤੀ। ਮੁੱਖ ਮੰਤਰੀ ਨੇ ਲਿਖਿਆ ਕਿ ”ਮੈਂ ਇਹ ਬਿਲਕੁਲ ਵੀ ਨਹੀਂ ਚਾਹੁੰਦਾ ਕਿ ਇਨ੍ਹਾਂ ਸ਼ਹਾਦਤ ਵਾਲੇ ਦਿਨਾਂ ਵਿੱਚ ਸਮੁੱਚੀਆਂ ਸੰਗਤਾਂ ਸਾਹਿਬਜ਼ਾਦਿਆਂ ਦੀਆਂ ਕੁਰਬਾਨੀਆਂ ਨੂੰ ਨਮਨ ਕਰਨ ਤੋਂ ਇਲਾਵਾ ਕਿਸੇ ਹੋਰ ਵਾਦ-ਵਿਵਾਦ ਵਿੱਚ ਪੈਣ। ਇਸ ਲਈ ਭਾਵਨਾਵਾਂ ਦੀ ਕਦਰ ਕਰਦੇ ਹੋਏ  ਪੰਜਾਬ ਸਰਕਾਰ ਵੱਲੋਂ 27 ਦਸੰਬਰ ਨੂੰ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਬਿਗੁਲ ਵਜਾਉਣ ਵਾਲਾ ਫੈਸਲਾ ਵਾਪਸ ਲਿਆ ਜਾਂਦਾ ਹੈ”

ਜ਼ਿਕਰਯੋਗ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੇ ਸਬੰਧ ਵਿਚ 27 ਦਸੰਬਰ ਨੂੰ ਪੰਜਾਬ ਸਰਕਾਰ ਵੱਲੋਂ ਮਾਤਮੀ ਬਿਗਲ ਵਜਾਉਣ ਦੇ ਫੈਸਲੇ ਨੂੰ ਸਿੱਖ ਸਿਧਾਂਤਾਂ ਦੇ ਨਾ-ਅਨੁਕੂਲ ਕਰਾਰ ਦਿੱਤਾ ਸੀ ਤੇ ਕਿਹਾ ਸੀ ਕਿ ਪੰਜਾਬ ਸਰਕਾਰ ਨੂੰ ਇਹ ਫੈਸਲਾ ਤੁਰੰਤ ਵਾਪਸ ਲੈ ਕੇ ਸਿੱਖ ਪਰੰਪਰਾਵਾਂ ਦੇ ਅਨੁਸਾਰ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸ਼ਰਧਾ-ਸਤਿਕਾਰ ਅਰਪਿਤ ਕਰਨਾ ਚਾਹੀਦਾ ਹੈ।

ਇਕ ਲਿਖਤੀ ਬਿਆਨ ਜਾਰੀ ਕਰਦਿਆਂ ਗਿਆਨੀ ਰਘਬੀਰ ਸਿੰਘ ਨੇ ਕਿਹਾ ਸੀ ਕਿ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਦੇ ਮਾਨਵ ਜਾਤੀ ਲਈ ਲਾਸਾਨੀ ਪਰਉਪਕਾਰ ਨੂੰ ਸ਼ਰਧਾ ਭੇਟ ਕਰਨ ਲਈ ਪੰਜਾਬ ਸਰਕਾਰ ਦੀ ਭਾਵਨਾ ਬੇਸ਼ੱਕ ਸ਼ੁੱਧ ਹੋਵੇ ਪਰ ਸਿੱਖ ਪਰੰਪਰਾ ਵਿਚ ‘ਨਿੱਕੀਆਂ ਜਿੰਦਾਂ, ਵੱਡੇ ਸਾਕੇ’ ਕਰਕੇ ਜਾਣੇ ਜਾਂਦੇ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਮੌਕੇ ‘ਮਾਤਮੀ ਬਿਗੁਲ’ ਵਜਾਉਣ ਦਾ ਫ਼ੈਸਲਾ ਸ਼ਹਾਦਤ ਦੇ ਲਾਸਾਨੀ ਸਿੱਖ ਸੰਕਲਪ ਨੂੰ ਠੇਸ ਪਹੁੰਚਾਉਣ ਵਾਲਾ ਹੈ, ਇਸ ਲਈ ਸਰਕਾਰ ਨੂੰ ਇਹ ਫ਼ੈਸਲਾ ਵਾਪਸ ਲੈਣਾ ਚਾਹੀਦਾ ਹੈ। ਇਸ ਤੋਂ ਬਾਅਦ ਅੱਜ ਮੁੱਖ ਮੰਤਰੀ ਨੇ ਵੀ ਟਵੀਟ ਕਰ ਕੇ ਇਹ ਜਾਣਕਾਰੀ ਦਿੱਤੀ ਕਿ ਉਹਨਾਂ ਨੇ ਅਪਣਾ ਮਾਤਮੀ ਬਿਗਲ ਵਜਾਉਣ ਦਾ ਫੈਸਲਾ ਵਾਪਸ ਲੈ ਲਿਆ ਹੈ।