ਚੰਡੀਗੜ੍ਹ | ਰਾਜਪਾਲ ਵੱਲੋਂ ਆਪਣੀ ਚਿੱਠੀ ਵਿੱਚ ਚੁੱਕੇ ਗਏ ਸੂਬੇ ਦੇ ਵੱਖ-ਵੱਖ ਮੁੱਦਿਆਂ ਦਾ ਅੰਕੜਿਆਂ ਨਾਲ ਜਵਾਬ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਲੋਕਾਂ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ ਜਿਸ ਦੇ ਹਾਂ-ਪੱਖੀ ਨਤੀਜੇ ਸਾਹਮਣੇ ਆ ਰਹੇ ਹਨ।

ਸੂਬੇ ਦੀ ਅਮਨ-ਕਾਨੂੰਨ ਦੀ ਵਿਵਸਥਾ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਅਮਨ-ਕਾਨੂੰਨ ਦੀ ਰਾਖੀ ਨੂੰ ਯਕੀਨੀ ਬਣਾਉਣ ਲਈ ਵਿਆਪਕ ਪੱਧਰ ਉਤੇ ਕਦਮ ਚੁੱਕੇ ਹਨ। ਸੂਬੇ ਦੇ ਸੁਖਾਵੇਂ ਮਾਹੌਲ ਦੀ ਮਿਸਾਲ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਮਾਰਚ, 2022 ਤੋਂ ਸੂਬੇ ਵਿਚ 50871 ਕਰੋੜ ਰੁਪਏ ਦਾ ਨਿਵੇਸ਼ ਹੋਇਆ ਹੈ ਅਤੇ 3420 ਪ੍ਰਾਜੈਕਟਾਂ ਨੂੰ ਪ੍ਰਵਾਨਗੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਟਾਟਾ ਸਟੀਲ ਵੱਲੋਂ ਦੇਸ਼ ਦਾ ਦੂਜਾ ਸਟੀਲ ਪਲਾਂਟ ਲੁਧਿਆਣਾ ਵਿਚ ਸਥਾਪਤ ਕੀਤਾ ਜਾ ਰਿਹਾ ਹੈ। ਇਸੇ ਤਰ੍ਹਾਂ ਸਨਾਥਨ, ਨੈਸਲੇ, ਨਾਭਾ ਪਾਵਰ ਪਲਾਂਟ ਵੱਲੋਂ ਨਿਵੇਸ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਸੂਖਮ, ਛੋਟੇ ਤੇ ਦਰਮਿਆਨੇ ਉਦਯੋਗਾਂ ਦੀ ਰਿਕਾਰਡ 2.70 ਲੱਖ ਰਜਿਸਟ੍ਰੇਸ਼ਨ ਹੋਈ ਹੈ ਅਤੇ ਉੱਤਰੀ ਭਾਰਤ ਵਿੱਚੋਂ ਪੰਜਾਬ ਨੇ ਪਹਿਲਾ ਸਥਾਨ ਹਾਸਲ ਕੀਤਾ ਹੈ ਅਤੇ ਇਹ ਅੰਕੜੇ ਵੀ ਭਾਰਤ ਸਰਕਾਰ ਨੇ ਰਾਜ ਸਭਾ ਵਿਚ ਪੇਸ਼ ਕੀਤੇ ਹਨ। ਉਨ੍ਹਾਂ ਦੱਸਿਆ ਕਿ ਦੇਸ਼ ਦੇ ਇਕ ਮੋਹਰੀ ਮੈਗਜ਼ੀਨ ਨੇ ਆਪਣੀ ਅਮਨ-ਕਾਨੂੰਨ ਦੀ ਬਿਹਤਰ ਵਿਵਸਥਾ ਬਾਰੇ ਜਾਰੀ ਕੀਤੀ ਰਿਪੋਰਟ ਵਿਚ ਪੰਜਾਬ ਨੂੰ ਦੂਜਾ ਸਥਾਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਬੜੇ ਦੁੱਖ ਦੀ ਗੱਲ ਹੈ ਕਿ ਉਨ੍ਹਾਂ ਦੀ ਸਰਕਾਰ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਸਕੀਮਾਂ ਲਾਗੂ ਕਰਨ ਲਈ ਕੰਮ ਕਰ ਰਹੀ ਹੈ ਜਦਕਿ ਰਾਜਪਾਲ ਅਜਿਹੀਆਂ ਚਿੱਠੀਆਂ ਰਾਹੀਂ ਆਪਣੇ ਆਕਾਵਾਂ ਨੂੰ ਖੁਸ਼ ਕਰ ਰਹੇ ਹਨ।

ਸੂਬੇ ਵਿਚ ਨਸ਼ਿਆਂ ਦੀ ਸਮੱਸਿਆ ਬਾਰੇ ਰਾਜਪਾਲ ਵੱਲੋਂ ਚੁੱਕੇ ਸਵਾਲ ਦੇ ਜਵਾਬ ਵਿੱਚ ਅੰਕੜੇ ਪੇਸ਼ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਨਸ਼ਿਆਂ ਦੇ ਖਿਲਾਫ਼ ਜੰਗ ਵਿੱਢੀ ਹੋਈ ਹੈ। ਹੁਣ ਤੱਕ 23518 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ, 17623 ਐਫ.ਆਈ.ਆਰਜ਼ ਦਰਜ ਕੀਤੀਆਂ, 1627 ਕਿਲੋ ਹੈਰੋਇਨ ਫੜੀ, ਤਸਕਰਾਂ ਪਾਸੋਂ 13.29 ਕਰੋੜ ਰੁਪਏ ਬਰਾਮਦ ਕੀਤੇ ਅਤੇ 66 ਨਸ਼ਾ ਤਸਕਰਾਂ ਦੀ ਜਾਇਦਾਦ ਜ਼ਬਤ ਕੀਤੀ ਜਾ ਚੁੱਕੀ ਹੈ ਅਤੇ ਬਾਕੀਆਂ ਦੀ ਜ਼ਬਤ ਕਰਨ ਲਈ ਕਾਰਵਾਈ ਚੱਲ ਰਹੀ ਹੈ। ਸੂਬੇ ਵਿਚ ਗੈਂਗਸਟਰਵਾਦ ਖਿਲਾਫ਼ ਕੀਤੀ ਕਾਰਵਾਈ ਦਾ ਜ਼ਿਕਰ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਐਂਟੀ ਗੈਂਗਸਟਰ ਟਾਸਕ ਫੋਰਸ ਦਾ ਗਠਨ ਕੀਤਾ ਅਤੇ ਹੁਣ ਤੱਕ 753 ਖਤਰਨਾਕ ਗੈਂਗਸਟਰਾਂ ਨੂੰ ਗ੍ਰਿਫਤਾਰ ਕੀਤਾ ਅਤੇ ਵੱਡੀ ਮਾਤਰਾ ਵਿਚ ਹਥਿਆਰ ਅਤੇ ਵਾਹਨ ਫੜੇ ਗਏ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਨਸ਼ਿਆਂ ਦੀ ਲਾਹਣਤ ਨੂੰ ਜੜ੍ਹੋਂ ਪੁੱਟਣ ਲਈ ਹੋਰ ਸਖ਼ਤ ਕਦਮ ਚੁੱਕ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੂੰ 600 ਯੂਨਿਟ ਮੁਫ਼ਤ ਬਿਜਲੀ ਦੀ ਸਹੂਲਤ ਦਿੱਤੀ ਜਾ ਰਹੀ ਹੈ ਅਤੇ 90 ਫੀਸਦੀ ਲੋਕਾਂ ਦਾ ਜ਼ੀਰੋ ਬਿੱਲ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਸੂਬੇ ਦੇ 31,000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ ਅਤੇ 12000 ਤੋਂ ਵੱਧ ਕੱਚੇ ਅਧਿਆਪਕਾਂ ਨੂੰ ਪੱਕਾ ਕੀਤਾ ਗਿਆ ਤਾਂ ਕਿ ਨੌਜਵਾਨਾਂ ਦਾ ਭਵਿੱਖ ਸੁਰੱਖਿਅਤ ਬਣਾਇਆ ਜਾ ਸਕੇ। ਕਿਸਾਨਾਂ ਦੀ ਭਲਾਈ ਲਈ ਚੁੱਕੇ ਕਦਮਾਂ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਪਹਿਲੀ ਵਾਰ ਹੋਇਆ ਕਿ ਸਹਿਕਾਰੀ ਖੰਡ ਮਿੱਲ ਨੇ ਗੰਨਾ ਉਤਪਾਦਕਾਂ ਦਾ ਸਾਰਾ ਬਕਾਇਆ ਅਦਾ ਕਰ ਦਿੱਤਾ ਹੈ।