ਮੁੱਖ ਮੰਤਰੀ ਨੇ ਦਿੱਤੀ ਲੋਕਾਂ ਨੂੰ ਰਾਹਤ: ‘ਦੁਆਬੇ ‘ਚ ਸਰਕਾਰ ਤੁਹਾਡੇ ਦਰਬਾਰ’ ਸਕੀਮ ਤਹਿਤ ਆਪਣੀ ਜਲੰਧਰ ਰਿਹਾਇਸ਼ ਵਿਖੇ ਸਮੱਸਿਆਵਾਂ ਸੁਣੀਆਂ ਤੇ ਕੀਤਾ ਨਿਬੇੜਾ

0
3877
ਜਲੰਧਰ, 24 ਜੁਲਾਈ : ਸੂਬੇ ਦੇ ਲੋਕਾਂ ਨਾਲ ਕੀਤੇ ਇੱਕ ਹੋਰ ਵਾਅਦੇ ਨੂੰ ਪੂਰਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ‘ਦੁਆਬੇ ਵਿੱਚ ਸਰਕਾਰ ਤੁਹਾਡੇ ਦੁਆਰ ’ ਸਕੀਮ ਦੇ ਹਿੱਸੇ ਵਜੋਂ ਆਪਣੀ ਜਲੰਧਰ ਸਥਿਤ ਰਿਹਾਇਸ਼ ’ਤੇ ਇਲਾਕੇ ਦੇ ਲੋਕਾਂ ਨਾਲ ਨਿੱਜੀ ਤੌਰ ’ਤੇ ਮੁਲਾਕਾਤ ਕਰ ਕੇ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ।
ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਵਾਅਦਾ ਕੀਤਾ ਸੀ ਕਿ ਉਹ ਦੋ ਦਿਨ ਜਲੰਧਰ ਵਿਖੇ ਰਹਿ ਕੇ ਨਿੱਜੀ ਤੌਰ ’ਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਿਆ ਕਰਨਗੇ। ਇਸੇ ਲਈ ਲਈ ਅੱਜ ਇੱਥੇ ਆਏ ਹਨ। ਉਨ੍ਹਾਂ ਕਿਹਾ ਕਿ ਇੱਥੇ ਆਉਣ ਵਾਲੇ ਹਰ ਵਿਅਕਤੀ ਦਾ ਧਿਆਨ ਰੱਖਿਆ ਜਾ ਰਿਹਾ ਹੈ ਅਤੇ ਪੂਰੀ ਸੁਹਿਰਦਤਾ ਅਤੇ ਸੁਚੱਜੇ ਢੰਗ ਨਾਲ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ  ਕੀਤਾ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਜਾਣ ਕੇ ਖ਼ੁਸ਼ੀ ਹੋਈ ਹੈ ਕਿ ਹੋਰ ਜ਼ਿਲ੍ਹਿਆਂ ਤੋਂ ਵੀ ਲੋਕ ਆਪਣੇ  ਰੋਜ਼ਾਨਾ ਦੇ ਪ੍ਰਸ਼ਾਸਨਿਕ ਕੰਮਾਂ ਲਈ ਇੱਥੇ ਆ ਰਹੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਅਜਿਹਾ ਕਦਮ ਪਿਛਲੇ 75 ਸਾਲਾਂ ਵਿੱਚ ਕਦੇ ਨਹੀਂ ਚੁੱਕਿਆ ਗਿਆ, ਜਿਸ ਕਾਰਨ ਲੋਕ ਵੱਡੀ ਗਿਣਤੀ ਵਿੱਚ ਆ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਨਾ ਸਿਰਫ਼ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਵਿੱਚ ਸਹਾਈ ਹੋ ਰਿਹਾ ਹੈ, ਸਗੋਂ ਸੂਬਾ ਸਰਕਾਰ ਦੀਆਂ ਨੀਤੀਆਂ ਸਬੰਧੀ ਪ੍ਰਤੀਕਰਮ ਲੈਣ ਦਾ ਇਕ ਪਲੇਟਫਾਰਮ ਵੀ ਬਣ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪਹਿਲਕਦਮੀ ਦਾ ਇੱਕੋ-ਇੱਕ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਸੂਬੇ ਦੇ ਖਾਸ ਕਰ ਕੇ ਮਾਝਾ ਅਤੇ ਦੋਆਬਾ ਖੇਤਰ ਦੇ ਲੋਕਾਂ ਨੂੰ ਉਨ੍ਹਾਂ ਦੇ ਨਿੱਤ ਦੇ ਕੰਮ ਕਰਵਾਉਣ ਲਈ ਸਹੂਲਤ ਮੁਹੱਈਆ ਕਰਵਾਈ ਜਾਵੇ। ਉਨ੍ਹਾਂ ਦੱਸਿਆ ਕਿ ਅੱਜ ਸ਼ਾਮੀਂ ਅੱਠ ਵਜੇ ਤੱਕ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਗਈਆਂ।
ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਆਪਣੇ ਰੋਜ਼ਾਨਾ ਦੇ ਕੰਮ ਕਰਵਾਉਣ ਲਈ ਹੁਣ ਚੰਡੀਗੜ੍ਹ ਨਹੀਂ ਜਾਣਾ ਪਵੇਗਾ ਕਿਉਂਕਿ ਸੂਬੇ ਦਾ ਚੁਣਿਆ ਹੋਇਆ ਮੁਖੀ ਖ਼ੁਦ ਉਨ੍ਹਾਂ ਲਈ ਜਲੰਧਰ ਵਿਖੇ ਹੀ ਉਪਲਬਧ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਸਰਕਾਰ ਚੰਡੀਗੜ੍ਹ ਦੀ ਬਜਾਏ ਸੂਬੇ ਦੇ ਕਸਬਿਆਂ ਤੇ ਜ਼ਿਲ੍ਹਿਆਂ ਤੋਂ ਚੱਲੇਗੀ ਅਤੇ ਇਹ ਬਹੁਤ ਹੀ ਮਾਣ ਤੇ ਤਸੱਲੀ ਵਾਲੀ ਗੱਲ ਹੈ ਕਿ ਉਨ੍ਹਾਂ ਨੇ ਇਕ ਵਾਰ ਫਿਰ ਆਪਣੇ ਵਾਅਦਾ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਹਰ ਯਤਨ ਦਾ ਇੱਕੋ-ਇੱਕ ਉਦੇਸ਼ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖ਼ੁਸ਼ਹਾਲੀ ਯਕੀਨੀ ਬਣਾਉਣਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਉਹ ਦਿਨ ਗਏ ਜਦੋਂ ਸਰਕਾਰ ਚੰਡੀਗੜ੍ਹ ਵਿੱਚ ਦਫ਼ਤਰਾਂ ਤੋਂ ਚਲਾਈ ਜਾਂਦੀ ਸੀ ਅਤੇ ਹੁਣ ਸੂਬੇ ਦੇ ਅਸਲ ਮਾਲਕ ਲੋਕਾਂ ਦੇ ਸਮੇਂ, ਪੈਸੇ ਤੇ ਊਰਜਾ ਦੀ ਬੱਚਤ ਕਰਨ ਲਈ ਸਰਕਾਰ ਪਿੰਡਾਂ ਅਤੇ ਕਸਬਿਆਂ ਤੋਂ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ‘ਸਰਕਾਰ ਤੁਹਾਡੇ ਦੁਆਰ’ ਦੀ ਆਪਣੀ ਅਹਿਮ ਸਕੀਮ ਸ਼ੁਰੂ ਕੀਤੀ ਹੈ, ਜਿਸ ਤਹਿਤ ਲੋਕਾਂ ਨੂੰ ਨਾਗਰਿਕ ਕੇਂਦਰਿਤ ਸੇਵਾਵਾਂ ਉਨ੍ਹਾਂ ਦੇ ਘਰ-ਘਰ ਪਹੁੰਚਾਉਣ ਲਈ ਪਿੰਡ ਪੱਧਰੀ ਕੈਂਪ ਲਗਾਏ ਜਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਲੋਕ ਭਲਾਈ ਲਈ ਅਜਿਹੇ ਹੋਰ ਲੋਕ ਪੱਖੀ ਉਪਰਾਲੇ ਕੀਤੇ ਜਾਣਗੇ।