ਚੰਡੀਗੜ੍ਹ | ਭਾਰਤੀ ਚੋਣ ਕਮਿਸ਼ਨ ਨੇ ਲੋਕ ਸਭਾ ਹਲਕਾ ਜਲੰਧਰ ਵਿੱਚ ਜ਼ਿਮਨੀ ਚੋਣ ਕਰਵਾਉਣ ਲਈ ਵਿਸਤ੍ਰਿਤ ਪ੍ਰੋਗਰਾਮ ਜਾਰੀ ਕਰ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਮੁੱਖ ਚੋਣ ਅਧਿਕਾਰੀ, ਪੰਜਾਬ (ਸੀ.ਈ.ਓ.) ਸਿਬਿਨ ਸੀ ਨੇ ਦੱਸਿਆ ਕਿ ਇਸ ਬਾਰੇ ਨੋਟੀਫਿਕੇਸ਼ਨ 13 ਅਪ੍ਰੈਲ, 2023 (ਵੀਰਵਾਰ) ਨੂੰ ਜਾਰੀ ਕੀਤਾ ਜਾਵੇਗਾ, ਜਦਕਿ ਨਾਮਜ਼ਦਗੀਆਂ ਪੇਸ਼ ਕਰਨ ਦੀ ਆਖਰੀ ਮਿਤੀ 20 ਅਪ੍ਰੈਲ, 2023 (ਵੀਰਵਾਰ) ਹੈ।
ਉਨ੍ਹਾਂ ਦੱਸਿਆ ਕਿ 21 ਅਪ੍ਰੈਲ, 2023 (ਸ਼ੁੱਕਰਵਾਰ) ਨੂੰ ਨਾਮਜ਼ਦਗੀਆਂ ਦੀ ਜਾਂਚ ਕੀਤੀ ਜਾਵੇਗੀ ਅਤੇ ਨਾਮਜ਼ਦਗੀ ਵਾਪਸ ਲੈਣ ਦੀ ਆਖਰੀ ਮਿਤੀ 24 ਅਪ੍ਰੈਲ, 2023 (ਸੋਮਵਾਰ) ਹੈ। ਉਨ੍ਹਾਂ ਅੱਗੇ ਦੱਸਿਆ ਕਿ ਵੋਟਾਂ 10 ਮਈ, 2023 (ਬੁੱਧਵਾਰ) ਨੂੰ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 13 ਮਈ, 2023 (ਸ਼ਨੀਵਾਰ) ਨੂੰ ਕੀਤੀ ਜਾਵੇਗੀ। ਸੀ.ਈ.ਓ. ਨੇ ਦੱਸਿਆ ਕਿ ਚੋਣ ਪ੍ਰਕਿਰਿਆ 15 ਮਈ, 2023 (ਸੋਮਵਾਰ) ਨੂੰ ਮੁਕੰਮਲ ਹੋਵੇਗੀ।
ਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਪੱਤਰ 13 ਅਪ੍ਰੈਲ, 2023 ਤੋਂ 20 ਅਪ੍ਰੈਲ, 2023 ਤੱਕ ਜਨਤਕ ਛੁੱਟੀ ਤੋਂ ਇਲਾਵਾ ਕਿਸੇ ਵੀ ਦਿਨ ਸਵੇਰੇ 11.00 ਵਜੇ ਤੋਂ ਬਾਅਦ ਦੁਪਹਿਰ 3.00 ਵਜੇ ਤੱਕ ਰਿਟਰਨਿੰਗ ਅਫ਼ਸਰ ਕੋਲ ਪੇਸ਼ ਕੀਤੇ ਜਾ ਸਕਦੇ ਹਨ। ਉਨ੍ਹਾਂ ਅੱਗੇ ਕਿਹਾ ਕਿ 04-ਜਲੰਧਰ (ਐਸ.ਸੀ.) ਲੋਕ ਸਭਾ ਹਲਕੇ ਲਈ ਡਿਪਟੀ ਕਮਿਸ਼ਨਰ ਜਲੰਧਰ ਰਿਟਰਨਿੰਗ ਅਫ਼ਸਰ ਹਨ।
ਉਨ੍ਹਾਂ ਅੱਗੇ ਦੱਸਿਆ ਕਿ 04-ਜਲੰਧਰ (ਐਸ.ਸੀ.) ਲੋਕ ਸਭਾ ਹਲਕੇ ਵਿਚ ਜ਼ਿਮਨੀ ਚੋਣ ਲਈ ਨਾਮਜ਼ਦਗੀ ਪੱਤਰ ਫਾਰਮ 2-ਏ ਵਿਚ ਭਰੇ ਜਾਣੇ ਹਨ। ਇਹ ਫਾਰਮ ਰਿਟਰਨਿੰਗ ਅਫ਼ਸਰ ਕੋਲ ਉਪਲੱਬਧ ਹਨ। ਟਾਈਪ ਕੀਤੇ ਨਾਮਜ਼ਦਗੀ ਪੱਤਰ ਵੀ ਸਵੀਕਾਰ ਕੀਤੇ ਜਾਣਗੇ। ਬਸ਼ਰਤੇ ਉਹ ਨਿਰਧਾਰਤ ਫਾਰਮ ਵਿਚ ਹੋਣ।
ਲੋਕ ਸਭਾ ਚੋਣ ਖੇਤਰ ਹਲਕੇ ਦੀ ਸੀਟ ਹਾਸਲ ਕਰਨ ਲਈ ਉਮੀਦਵਾਰ ਕਿਸੇ ਵੀ ਲੋਕ ਸਭਾ ਹਲਕੇ ਵਿਚ ਵੋਟਰ ਵਜੋਂ ਰਜਿਸਟਰ ਹੋਣਾ ਚਾਹੀਦਾ ਹੈ। ਇਸ ਸਬੰਧੀ ਰਿਟਰਨਿੰਗ ਅਫਸਰ ਦੀ ਸੰਤੁਸ਼ਟੀ ਲਈ ਉਮੀਦਵਾਰਾਂ ਨੂੰ ਲਾਗੂ ਵੋਟਰ ਸੂਚੀ ਦੀ ਸੰਬੰਧਿਤ ਐਂਟਰੀ ਦੀ ਪ੍ਰਮਾਣਿਤ ਕਾਪੀ ਪੇਸ਼ ਕਰਨੀ ਹੋਵੇਗੀ। ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਭਰੇ ਜਾਣ ਤੋਂ ਬਾਅਦ ਅਤੇ ਨਾਮਜ਼ਦਗੀਆਂ ਦੀ ਪੜਤਾਲ ਲਈ ਨਿਰਧਾਰਿਤ ਮਿਤੀ ਤੋਂ ਪਹਿਲਾਂ ਸਹੁੰ/ਪੁਸ਼ਟੀ ਸਬੰਧੀ ਸਰਟੀਫਿਕੇਟ ਪੇਸ਼ ਕੀਤਾ ਜਾਣਾ ਹੈ।
ਸੀ.ਈ.ਓ ਨੇ ਦੱਸਿਆ ਕਿ 14.04.2023 (ਸ਼ੁੱਕਰਵਾਰ) ਨੂੰ ਵਿਸਾਖੀ ਅਤੇ ਡਾ. ਬੀ.ਆਰ. ਅੰਬੇਡਕਰ ਦਾ ਜਨਮ ਦਿਨ ਹੈ। ਇਸ ਦਿਨ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ, 1881 ਤਹਿਤ ਛੁੱਟੀ ਹੈ। ਇਸ ਲਈ ਇਸ ਦਿਨ ਉਮੀਦਵਾਰ ਨਾਮਜ਼ਦਗੀ ਪੱਤਰ ਪੇਸ਼ ਨਹੀਂ ਕਰ ਸਕਣਗੇ।
ਉਨ੍ਹਾਂ ਦੱਸਿਆ ਕਿ 15.04.2023 ਨੂੰ ਤੀਸਰਾ ਸ਼ਨੀਵਾਰ ਹੋਣ ਕਰਕੇ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ, 1881 ਅਧੀਨ ਛੁੱਟੀ ਨਹੀਂ ਹੈ, ਇਸ ਲਈ ਉਮੀਦਵਾਰਾਂ ਵੱਲੋਂ ਉਸ ਦਿਨ ਨਾਮਜ਼ਦਗੀ ਪੱਤਰ ਪੇਸ਼ ਕੀਤੇ ਜਾ ਸਕਦੇ ਹਨ। 16.04.2023 ਨੂੰ ਐਤਵਾਰ ਦੀ ਛੁੱਟੀ ਹੋਣ ਕਾਰਨ ਉਮੀਦਵਾਰ ਵੱਲੋਂ ਉਸ ਦਿਨ ਵੀ ਨਾਮਜ਼ਦਗੀ ਪੱਤਰ ਦਾਖਲ ਨਹੀਂ ਕੀਤੇ ਜਾ ਸਕਣਗੇ। ਇਸੇ ਤਰ੍ਹਾਂ 22.04.2023 ਨੂੰ ਚੌਥੇ ਸ਼ਨੀਵਾਰ ਦੀ ਛੁੱਟੀ ਹੈ, ਇਸ ਲਈ ਉਸ ਦਿਨ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਵਾਪਸ ਨਹੀਂ ਲਏ ਜਾ ਸਕਦੇ।
ਸੀ.ਈ.ਓ. ਨੇ ਦੱਸਿਆ ਕਿ 23.04.2023 ਨੂੰ ਐਤਵਾਰ ਦੀ ਛੁੱਟੀ ਹੋਣ ਕਾਰਨ ਉਸ ਦਿਨ ਵੀ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਵਾਪਸ ਨਹੀਂ ਲਏ ਜਾ ਸਕਦੇ। ਉਨ੍ਹਾਂ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਜ਼ਿਮਨੀ ਚੋਣਾਂ ਦੇ ਐਲਾਨ ਦੀ ਮਿਤੀ 29 ਮਾਰਚ, 2023 ਤੋਂ ਜ਼ਿਲ੍ਹਾ ਜਲੰਧਰ ਵਿਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ ਅਤੇ ਇਹ ਚੋਣ ਪ੍ਰਕਿਰਿਆ ਦੇ ਮੁਕੰਮਲ ਹੋਣ ਤੱਕ ਲਾਗੂ ਰਹੇਗਾ।