ਨਵੀਂ ਦਿੱਲੀ, 26 ਦਸੰਬਰ| ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮੰਗਲਵਾਰ ਨੂੰ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ, ਉਨ੍ਹਾਂ ਦੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਨੂੰ ‘ਵੀਰ ਬਾਲ ਦਿਵਸ’ ‘ਤੇ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਬੇਮਿਸਾਲ ਬਹਾਦਰੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰਦੀ ਰਹੇਗੀ।

26 ਦਸੰਬਰ ਨੂੰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਯਾਦ ਕਰਨ ਲਈ ‘ਵੀਰ ਬਾਲ ਦਿਵਸ’ ਵਜੋਂ ਮਨਾਇਆ ਜਾਂਦਾ ਹੈ, ਜਿਨ੍ਹਾਂ ਨੇ ਅਪਣੇ ਧਰਮ ਦੀ ਰਾਖੀ ਕਰਦਿਆਂ ਅਪਣੀਆਂ ਜਾਨਾਂ ਕੁਰਬਾਨ ਕੀਤੀਆਂ।

 

ਅਮਿਤ ਸ਼ਾਹ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਇਕ ਪੋਸਟ ‘ਚ ਕਿਹਾ, “ਵੀਰ ਬਾਲ ਦਿਵਸ ਮੌਕੇ ਮੈਂ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਨੂੰ ਨਮਨ ਕਰਦਾ ਹਾਂ। ਪਰਮ ਹਿੰਮਤ ਨਾਲ ਉਹ ਬੇਰਹਿਮ ਮੁਗਲ ਸ਼ਾਸਨ ਦੇ ਵਿਰੁੱਧ ਖੜ੍ਹੇ ਹੋਏ ਅਤੇ ਧਰਮ ਪਰਿਵਰਤਨ ਤੋਂ ਇਨਕਾਰ ਕਰਦਿਆਂ ਉਨ੍ਹਾਂ ਨੇ ਸ਼ਹਾਦਤ ਨੂੰ ਚੁਣਿਆ। ਉਨ੍ਹਾਂ ਦੀ ਬੇਮਿਸਾਲ ਬਹਾਦਰੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰਦੀ ਰਹੇਗੀ।”

 

ਸ਼ਾਹ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ‘ਵੀਰ ਬਾਲ ਦਿਵਸ’ ਐਲਾਨ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਦੀ ਕੁਰਬਾਨੀ ਦੀ ਗਾਥਾ ਦੇਸ਼ ਅਤੇ ਦੁਨੀਆਂ ਦੇ ਕੋਨੇ-ਕੋਨੇ ‘ਚ ਫੈਲਾਈ ਹੈ। ਜ਼ਿਕਰਯੋਗ ਹੈ ਕਿ ਪਿਛਲੇ ਸਾਲ ਜਨਵਰੀ ਵਿਚ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ, ਪ੍ਰਧਾਨ ਮੰਤਰੀ ਨੇ 26 ਦਸੰਬਰ ਨੂੰ ਵੀਰ ਬਾਲ ਦਿਵਸ ਵਜੋਂ ਮਨਾਉਣ ਦਾ ਐਲਾਨ ਕੀਤਾ ਸੀ।