ਪਰਿਵਾਰ ਵੱਲੋਂ ਸ਼ੁਭਕਰਨ ਨੂੰ ਸ਼ਹੀਦ ਦਾ ਦਰਜਾ ਤੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਦੇਣ ਦੀ ਮੰਗ

0
10618

ਬਠਿੰਡਾ, 22 ਫਰਵਰੀ| ਕਿਸਾਨ ਅੰਦੋਲਨ ਦੌਰਾਨ ਖਨੌਰੀ ਪੰਜਾਬ ਹਰਿਆਣਾ ਬਾਰਡਰ ਉਤੇ ਗੋਲੀ ਦਾ ਸ਼ਿਕਾਰ ਹੋਏ ਸ਼ੁਭਕਰਨ ਸਿੰਘ ਦੇ ਪਰਿਵਾਰ ਨਾਲ ਉਨ੍ਹਾਂ ਦੇ ਘਰ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਗੱਲਬਾਤ ਲਈ ਪੁੱਜੇ। ਇਸ ਤੋਂ ਇਲਾਵਾ ਨੌਜਵਾਨ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਵੱਡੀ ਗਿਣਤੀ ਵਿੱਚ ਲੋਕ ਪਹੁੰਚ ਰਹੇ ਹਨ। ਪਰਿਵਾਰਕ ਮੈਂਬਰਾਂ ਦੀਆਂ ਮੰਗਾਂ ਪ੍ਰਸ਼ਾਸਨ ਵੱਲੋਂ ਜਲਦ ਮੰਨਣ ਦਾ ਭਰੋਸਾ ਦਿੱਤਾ ਜਾ ਰਿਹਾ ਹੈ।

ਮੰਗਾਂ ਲਾਗੂ ਕਰਾਉਣ ਲਈ ਦੁਬਾਰਾ ਤੋਂ ਸ਼ੁਰੂ ਹੋਏ ਕਿਸਾਨ ਅੰਦੋਲਨ ਦੌਰਾਨ ਪੰਜਾਬ ਹਰਿਆਣਾ ਬਾਰਡਰ ਖਨੌਰੀ ਵਿੱਚ ਗੋਲੀ ਦਾ ਸ਼ਿਕਾਰ ਹੋਏ ਪਿੰਡ ਬੱਲੋ ਦੇ ਰਹਿਣ ਵਾਲੇ ਸ਼ੁਭਕਰਨ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਕਰਨ ਲਈ ਅੱਜ ਜ਼ਿਲ੍ਹਾ ਪ੍ਰਸ਼ਾਸਨ ਉਸ ਦੇ ਘਰ ਪਹੁੰਚਿਆ। ਨੌਜਵਾਨ ਦੀ ਮੌਤ ਕਾਰਨ ਜਿੱਥੇ ਪਿੰਡ ਵਿੱਚ ਸੋਗ ਦਾ ਮਾਹੌਲ ਹੈ, ਉੱਥੇ ਹੀ ਪਰਿਵਾਰ ਗਹਿਰੇ ਸਦਮੇ ਵਿੱਚ ਹੈ। ਦੋ ਭੈਣਾਂ ਦੇ ਇਕਲੌਤੇ ਭਰਾ ਤੇ ਤਿੰਨ ਏਕੜ ਤੋਂ ਘੱਟ ਜ਼ਮੀਨ ਦੇ ਮਾਲਕ ਸ਼ੁਭਕਰਨ ਸਿੰਘ ਉਤੇ ਲੱਖਾਂ ਰੁਪਏ ਦਾ ਕਰਜ਼ਾ ਸੀ।

ਪਰਿਵਾਰਕ ਮੈਂਬਰ ਬੂਟਾ ਸਿੰਘ ਦਾ ਕਹਿਣਾ ਹੈ ਕਿ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਕਿਸਾਨਾਂ ਉਤੇ ਜਿਸ ਤਰ੍ਹਾਂ ਹਰਿਆਣਾ ਸਰਕਾਰ ਵੱਲੋਂ ਤਸ਼ੱਦਦ ਕੀਤਾ ਜਾ ਰਿਹਾ ਹੈ, ਉਹ ਬਹੁਤ ਹੀ ਮੰਦਭਾਗਾ ਹੈ। ਇਸ ਤਸ਼ੱਦਦ ਕਾਰਨ ਨੌਜਵਾਨ ਸ਼ੁਭਕਰਨ ਸਿੰਘ ਦੀ ਮੌਤ ਹੋਈ ਹੈ ਅਤੇ ਇਸ ਮੌਤ ਦਾ ਵੱਡਾ ਕਾਰਨ ਸੁਰੱਖਿਆ ਬਲਾਂ ਵੱਲੋਂ ਚਲਾਈ ਗਈ ਗੋਲੀ ਹੈ।

ਉਹ ਮੰਗ ਕਰਦੇ ਹਨ ਕਿ ਮ੍ਰਿਤਕ ਨੌਜਵਾਨ ਨੂੰ ਸ਼ਹੀਦ ਦਾ ਦਰਜਾ ਦਿੰਦੇ ਹੋਏ ਉਸ ਦੀ ਪਿੰਡ ਵਿੱਚ ਜਿੱਥੇ ਯਾਦਗਾਰ ਸਥਾਪਿਤ ਕੀਤੀ ਜਾਵੇ, ਉਥੇ ਹੀ ਪਰਿਵਾਰ ਦੇ ਮੈਂਬਰਾਂ ਵਿਚੋਂ ਇੱਕ ਨੂੰ ਸਰਕਾਰੀ ਨੌਕਰੀ ਦੇ ਨਾਲ ਨਾਲ ਕਰਜ਼ਾ ਮਾਫ ਕੀਤੀ ਜਾਵੇ। ਉਨ੍ਹਾਂ ਨੇ ਕਿਹਾ ਕਿ ਜਿੰਨਾ ਸਮਾਂ ਉਨ੍ਹਾਂ ਦੀਆਂ ਮੰਗਾਂ ਲਿਖਤੀ ਨਹੀਂ ਮੰਨੀਆਂ ਜਾਂਦੀਆਂ, ਉਹ ਦੇਹ ਦਾ ਅੰਤਿਮ ਸਸਕਾਰ ਨਹੀਂ ਕਰਨਗੇ ਅਤੇ ਐਸਕੇਐਮ ਦੇ ਫੈਸਲੇ ਨੂੰ ਸਿਰ ਮੱਥੇ ਪ੍ਰਵਾਨ ਕਰਨਗੇ।

ਉਧਰ ਦੂਸਰੇ ਪਾਸੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਹੁੰਚੇ ਐਸਡੀਐਮ ਮੌੜ ਡਾਕਟਰ ਨਰਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਉਨ੍ਹਾਂ ਵੱਲੋਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਜਾ ਰਿਹਾ ਹੈ ਅਤੇ ਪਰਿਵਾਰ ਨੂੰ ਭਰੋਸਾ ਦਿੱਤਾ ਜਾ ਰਿਹਾ ਹੈ ਕਿ ਉਨ੍ਹਾਂ ਦੀ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ ਅਤੇ ਇਨ੍ਹਾਂ ਦੀਆਂ ਮੰਗਾਂ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਰਕਾਰ ਨਾਲ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ ਤੇ ਪੋਸਟਮਾਰਟਮ ਤੇ ਅੰਤਿਮ ਸਸਕਾਰ ਸਬੰਧੀ ਗੱਲਬਾਤ ਕੀਤੀ ਜਾ ਰਹੀ ਹੈ ਅਤੇ ਪਰਿਵਾਰ ਸਿਰ ਚੜ੍ਹੇ ਕਰਜ਼ੇ ਸਬੰਧੀ ਵੀ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।