ਚੰਡੀਗੜ੍ਹ, 28 ਨਵੰਬਰ | ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨੇ ਹੜਤਾਲ ਖਤਮ ਕਰਨ ਦਾ ਐਲਾਨ ਕਰ ਦਿੱਤਾ ਹੈ। ਕਿਸਾਨ ਆਗੂਆਂ ਨੇ ਦੱਸਿਆ ਕਿ ਪੰਜਾਬ ਦੇ ਰਾਜਪਾਲ ਨੇ ਮੀਟਿੰਗ ਵਿਚ MSP ਸਮੇਤ ਹੋਰ ਮੰਗਾਂ ਨੂੰ ਪੂਰਾ ਕਰਨ ਦਾ ਭਰੋਸਾ ਦਿੱਤਾ ਹੈ। ਦੱਸ ਦਈਏ ਕਿ ਕਿਸਾਨ 26 ਨਵੰਬਰ ਤੋਂ ਮੁਹਾਲੀ ਦੇ ਏਅਰਪੋਰਟ ਰੋਡ ਨੇੜੇ ਹੜਤਾਲ ’ਤੇ ਬੈਠੇ ਹਨ।
ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਸਵੇਰੇ ਗੱਲਬਾਤ ਲਈ ਬੁਲਾਇਆ ਸੀ। ਇਥੇ ਕਿਸਾਨਾਂ ਨੇ ਖੇਤੀਬਾੜੀ ਮੰਤਰੀ ਗੁਰਮੀਤ ਖੁੱਡੀਆਂ ਦੇ ਸਾਹਮਣੇ ਆਪਣੀਆਂ ਮੰਗਾਂ ਰੱਖੀਆਂ। ਹੁਣ ਕਿਸਾਨਾਂ ਦੀ 19 ਦਸੰਬਰ ਨੂੰ ਸੀਐਮ ਭਗਵੰਤ ਮਾਨ ਨਾਲ ਮੀਟਿੰਗ ਹੋਵੇਗੀ। ਇਸ ਵਿਚ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਵੀ ਬੁਲਾਇਆ ਜਾਵੇਗਾ।
ਇਸ ਦੇ ਨਾਲ ਹੀ ਪੰਚਕੂਲਾ ਵਿਚ ਕਿਸਾਨਾਂ ਨੇ ਰਾਜਪਾਲ ਬੰਡਾਰੂ ਦੱਤਾਤ੍ਰੇਅ ਨਾਲ ਮੁਲਾਕਾਤ ਕਰਕੇ ਧਰਨਾ ਖਤਮ ਕਰਨ ਦਾ ਐਲਾਨ ਕੀਤਾ ਹੈ। 11 ਦਸੰਬਰ ਨੂੰ ਸੰਯੁਕਤ ਕਿਸਾਨ ਮੋਰਚਾ ਹਰਿਆਣਾ ਦੇ ਆਗੂ ਮੀਟਿੰਗ ਕਰਕੇ ਰਣਨੀਤੀ ਤਿਆਰ ਕਰਨਗੇ। ਕਿਸਾਨਾਂ ਦਾ ਕਹਿਣਾ ਹੈ ਕਿ ਉਹ ਉਦੋਂ ਤੱਕ ਉਡੀਕ ਕਰਨਗੇ।
ਕਿਸਾਨਾਂ ਦੇ ਮੈਗਾ ਮਾਰਚ ਦੇ ਦੂਜੇ ਦਿਨ ਕਿਸਾਨ ਆਗੂ ਰਾਕੇਸ਼ ਟਿਕੈਤ ਪੰਚਕੂਲਾ ਪਹੁੰਚੇ ਸਨ, ਜਿਥੇ ਉਨ੍ਹਾਂ ਕਿਸਾਨਾਂ ਨਾਲ ਅੰਦੋਲਨ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਟਿਕੈਤ ਨੇ ਕਿਹਾ ਕਿ ਜੇਕਰ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਨਾ ਲਿਆ ਤਾਂ ਅੰਦੋਲਨ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਕੇਂਦਰ ਸਰਕਾਰ ਕਿਸਾਨਾਂ ਦੀ ਹਮੇਸ਼ਾ ਅਣਦੇਖੀ ਕਰਦੀ ਰਹੀ ਹੈ, ਜਿਸ ਨੂੰ ਹੁਣ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।