ਚੰਡੀਗੜ੍ਹ | ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਆਰਥਿਕ ਅਤੇ ਅੰਕੜਾ ਸੰਸਥਾ ਵਿੱਚ ਦੋ ਜਾਂਚਕਰਤਾਵਾਂ ਨੂੰ ਤਰਸ ਦੇ ਆਧਾਰ ‘ਤੇ ਨਿਯੁਕਤੀ ਪੱਤਰ ਸੌਂਪੇ।

  ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣੇ ਦਫ਼ਤਰ ਵਿੱਚ ਨਿਯੁਕਤੀ ਪੱਤਰ ਸੌਂਪਦਿਆਂ ਵਿੱਤ ਮੰਤਰੀ ਨੇ ਨਵੇਂ ਭਰਤੀ ਹੋਏ ਮੁਲਾਜ਼ਮਾਂ ਨੂੰ ਤਨਦੇਹੀ ਅਤੇ ਇਮਾਨਦਾਰੀ ਨਾਲ ਕੰਮ ਕਰਨ ਲਈ ਕਿਹਾ।  ਵਿੱਤ ਮੰਤਰੀ ਨੇ ਉਨ੍ਹਾਂ ਨੂੰ ਡਿਸਟੈਂਸ ਐਜੂਕੇਸ਼ਨ ਰਾਹੀਂ ਆਪਣੀ ਵਿਦਿਅਕ ਯੋਗਤਾ ਵਿੱਚ ਹੋਰ ਸੁਧਾਰ ਕਰਨ ਲਈ ਵੀ ਪ੍ਰੇਰਿਤ ਕੀਤਾ।  ਉਨ੍ਹਾਂ ਕਿਹਾ ਕਿ ਇਸ ਨਾਲ ਨਾ ਸਿਰਫ ਉਨ੍ਹਾਂ ਨੂੰ ਤਰੱਕੀਆਂ ਹਾਸਲ ਕਰਨ ਵਿੱਚ ਮਦਦ ਮਿਲੇਗੀ ਸਗੋਂ ਉਨ੍ਹਾਂ ਦੀ ਯੋਗਤਾ ਵਿੱਚ ਵਾਧੇ ਦੇ ਨਾਲ ਵਿਭਾਗ ਨੂੰ ਉਨ੍ਹਾਂ ਦੀਆਂ ਸੇਵਾਵਾਂ ਦਾ ਲਾਭ ਵੀ ਮਿਲੇਗਾ। ਇਸ ਮੌਕੇ ਵਿੱਤ ਮੰਤਰੀ ਨੇ ਸਰਕਾਰੀ ਵਿਭਾਗਾਂ ਦੇ ਮੁਖੀਆਂ ਨੂੰ ਤਰਸ ਦੇ ਆਧਾਰ ‘ਤੇ ਨਿਯੁਕਤੀਆਂ ਨੂੰ ਤਰਜੀਹ ਦੇਣ ਲਈ ਕਿਹਾ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਮ੍ਰਿਤਕ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਉਨ੍ਹਾਂ ਦੀ ਔਖੀ ਘੜੀ ਵਿੱਚ ਮਦਦ ਮਿਲ ਸਕੇ।