ਹਾਈਕੋਰਟ ਨੇ ਪੰਜਾਬ ਸਰਕਾਰ ਨੂੰ NHAI ਦੇ ਪ੍ਰਾਜੈਕਟਾਂ ਲਈ ਐਕਵਾਇਰ ਜ਼ਮੀਨ ਦਾ ਕਬਜ਼ਾ ਦਿਵਾਉਣ ਦੇ ਦਿੱਤੇ ਹੁਕਮ, ਕੰਮ ‘ਚ ਢਿੱਲ ਲਈ ਕੀਤੀ ਆਲੋਚਨਾ

0
226

ਚੰਡੀਗੜ੍ਹ, 11 ਨਵੰਬਰ | ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ (NHAI) ਦੇ ਵੱਖ-ਵੱਖ ਪਾਇਲਟ ਪ੍ਰੋਜੈਕਟਾਂ ਲਈ ਐਕਵਾਇਰ ਕੀਤੀ ਜ਼ਮੀਨ ਦਾ ਕਬਜ਼ਾ ਯਕੀਨੀ ਬਣਾਉਣ ਦੇ ਹੁਕਮ ਦਿੱਤੇ ਹਨ। ਹਾਈ ਕੋਰਟ ਨੇ ਇਸ ਮਾਮਲੇ ਵਿਚ ਪੰਜਾਬ ਸਰਕਾਰ ਦੀ ਢਿੱਲ ਅਤੇ ਨਾਕਾਮੀ ਦੀ ਸਖ਼ਤ ਆਲੋਚਨਾ ਕਰਦਿਆਂ ਇਸ ਨੂੰ ਅਹਿਮ ਪ੍ਰਾਜੈਕਟਾਂ ਵਿਚ ਦੇਰੀ ਦਾ ਕਾਰਨ ਕਰਾਰ ਦਿੱਤਾ ਹੈ।

ਇਸ ਮਾਮਲੇ ਵਿਚ ਹਾਈਕੋਰਟ ਦੇ ਡਵੀਜ਼ਨ ਬੈਂਚ ਨੇ ਪੰਜਾਬ ਦੇ ਮੁੱਖ ਸਕੱਤਰ ਅਤੇ ਡੀਜੀਪੀ ਨੂੰ ਕਟੜਾ-ਦਿੱਲੀ ਐਕਸਪ੍ਰੈਸ ਵੇਅ ‘ਤੇ ਐਨਐਚਏਆਈ ਲਈ ਜ਼ਮੀਨ ਨੂੰ ਕਬਜ਼ੇ ਮੁਕਤ ਕਰਨ ਲਈ ਸਪੱਸ਼ਟ ਨਿਰਦੇਸ਼ ਦਿੱਤੇ ਹਨ ਤਾਂ ਜੋ ਇਸ ਪ੍ਰਾਜੈਕਟ ਵਿਚ ਕੋਈ ਰੁਕਾਵਟ ਨਾ ਆਵੇ। ਜਸਟਿਸ ਸੁਰੇਸ਼ਵਰ ਠਾਕੁਰ ਅਤੇ ਜਸਟਿਸ ਕੁਲਦੀਪ ਤਿਵਾਰੀ ਦੀ ਡਵੀਜ਼ਨ ਬੈਂਚ ਨੇ ਐਨਐਚਏਆਈ ਅਤੇ ਇਸ ਦੇ ਠੇਕੇਦਾਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦਾ ਵੀ ਹੁਕਮ ਦਿੱਤਾ ਤਾਂ ਜੋ ਉਹ ਕੰਮ ਮੁੜ ਸ਼ੁਰੂ ਕਰ ਸਕਣ।

ਹਾਈ ਕੋਰਟ ਨੇ ਪੰਜਾਬ ਸਰਕਾਰ ਤੋਂ ਇਹ ਵੀ ਪੁੱਛਿਆ ਹੈ ਕਿ ਪਿਛਲੇ ਹੁਕਮਾਂ ਦੇ ਬਾਵਜੂਦ 15 ਅਕਤੂਬਰ ਤੱਕ ਜ਼ਮੀਨ ਦਾ ਪੂਰਾ ਕਬਜ਼ਾ ਕਿਉਂ ਨਹੀਂ ਸੌਂਪਿਆ ਜਾ ਸਕਿਆ। ਅਦਾਲਤ ਨੇ ਪੰਜਾਬ ਸਰਕਾਰ ਦੀ ਸਮਾਂ ਸੀਮਾ ਵਧਾਉਣ ਦੀ ਮੰਗ ਨਾਲ ਵੀ ਅਸਹਿਮਤੀ ਜਤਾਈ।

ਇਸ ਮਾਮਲੇ ਵਿਚ NHAI ਨੇ ਇੱਕ ਪਟੀਸ਼ਨ ਦਾਇਰ ਕਰ ਕੇ ਕਿਹਾ ਸੀ ਕਿ ਰਾਜ ਦੇ ਅਧਿਕਾਰੀਆਂ ਦੇ ਸਹਿਯੋਗ ਦੀ ਘਾਟ ਕਾਰਨ ਨੈਸ਼ਨਲ ਹਾਈਵੇ ਪ੍ਰੋਜੈਕਟਾਂ ਵਿਚ ਰੁਕਾਵਟ ਆ ਰਹੀ ਹੈ। NHAI ਨੇ ਇਹ ਵੀ ਕਿਹਾ ਕਿ ਜ਼ਮੀਨ ਦੇ ਕਬਜ਼ੇ ਤੋਂ ਬਿਨਾਂ ਮਹੱਤਵਪੂਰਨ ਪ੍ਰੋਜੈਕਟਾਂ ਨੂੰ ਅੱਗੇ ਵਧਾਉਣਾ ਮੁਸ਼ਕਲ ਹੋ ਰਿਹਾ ਹੈ।

ਪਿਛਲੀ ਸੁਣਵਾਈ ਦੌਰਾਨ ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਹਲਫ਼ਨਾਮਾ ਦਾਇਰ ਕਰ ਕੇ ਕਿਹਾ ਸੀ ਕਿ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸਵੇਅ ‘ਤੇ 136.44 ਕਿਲੋਮੀਟਰ ਜ਼ਮੀਨ ਦਾ ਕਬਜ਼ਾ NHAI ਨੂੰ ਦੇ ਦਿੱਤਾ ਗਿਆ ਹੈ, ਜਦਕਿ ਬਾਕੀ ਜ਼ਮੀਨ ਦਾ ਕਬਜ਼ਾ ਲੈਣ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)