ਮੋਦੀ ਸਰਕਾਰ ਦੇ ਆਖ਼ਰੀ ਬਜਟ ਤੋਂ ਦੇਸ਼ ਦੇ ਆਮ ਲੋਕਾਂ ਦੀਆਂ ਆਸਾਂ ਟੁੱਟੀਆਂ – ਸੁਸ਼ੀਲ ਕੁਮਾਰ ਰਿੰਕੂ

0
361

ਜਲੰਧਰ, 1 ਫਰਵਰੀ | ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਅੱਜ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪੇਸ਼ ਕੀਤੇ ਆਪਣੇ ਕਾਰਜਕਾਲ ਦੇ ਆਖ਼ਰੀ ਬਜਟ ਨੂੰ ਸਿਰਫ਼ ਕਾਗਜ਼ਾਂ ਦਾ ਬੰਡਲ ਕਰਾਰ ਦਿੱਤਾ ਹੈ।  ਉਨ੍ਹਾਂ ਕਿਹਾ ਕਿ ਇਸ ਬਜਟ ਨੇ ਦੇਸ਼ ਦੇ ਆਮ ਲੋਕਾਂ ਦੀਆਂ ਉਮੀਦਾਂ ‘ਤੇ ਪਾਣੀ ਫੇਰ ਦਿੱਤਾ ਹੈ ਕਿਉਂਕਿ ਇਸ ਵਿੱਚ ਸਾਡੇ ਦੇਸ਼ ਦੇ ਨੌਜਵਾਨਾਂ, ਦਲਿਤਾਂ ਅਤੇ ਪਛੜੇ ਵਰਗਾਂ ਦੇ ਲੋਕਾਂ ਅਤੇ ਕਿਸਾਨਾਂ ਦੀ ਭਲਾਈ ਲਈ ਕੋਈ ਵੀ ਵਿਵਸਥਾ ਨਹੀਂ ਕੀਤੀ ਗਈ।

ਸੰਸਦ ਮੈਂਬਰ ਨੇ ਕਿਹਾ ਕਿ ਬਜਟ ਵਿੱਚ ਇਸ ਗੱਲ ਦਾ ਕੋਈ ਜ਼ਿਕਰ ਨਹੀਂ ਹੈ ਕਿ ਸਰਕਾਰ ਨੇ ਦੇਸ਼ ਦੇ ਨੌਜਵਾਨਾਂ ਨੂੰ ਕਿੰਨੀਆਂ ਨੌਕਰੀਆਂ ਦਿੱਤੀਆਂ ਹਨ ਅਤੇ ਕਿੰਨੇ ਨਵੇਂ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ ਜਾਣਗੇ।  ਇਸੇ ਤਰ੍ਹਾਂ ਦਲਿਤਾਂ ਅਤੇ ਪੱਛੜੀਆਂ ਸ਼੍ਰੇਣੀਆਂ ਨਾਲ ਸਬੰਧਤ ਲੋਕਾਂ ਦੀ ਭਲਾਈ ਲਈ ਬਜਟ ਵਿੱਚ ਕੋਈ ਉਪਬੰਧ ਨਹੀਂ ਕੀਤਾ ਗਿਆ।

ਰਿੰਕੂ ਨੇ ਕਿਹਾ ਕਿ ਦਲਿਤਾਂ ਅਤੇ ਪੱਛੜੀਆਂ ਸ਼੍ਰੇਣੀਆਂ ਨਾਲ ਸਬੰਧਤ ਲੋਕਾਂ ਦੀ ਭਲਾਈ ਲਈ ਇਸ ਬਜਟ ਵਿੱਚ ਕੋਈ ਨਵੀਂ ਸਕੀਮ ਨਹੀਂ ਲਿਆਂਦੀ ਗਈ ਅਤੇ ਨਾ ਹੀ ਬਜਟ ਵਿੱਚ ਉਨ੍ਹਾਂ ਲਈ ਕੋਈ ਵੱਖਰਾ ਪ੍ਰਬੰਧ ਕੀਤਾ ਗਿਆ ਹੈ, ਜਿਸ ਨਾਲ ਗਰੀਬ ਅਤੇ ਦਲਿਤ ਵਰਗ ਨੂੰ ਸਿੱਧੇ ਤੌਰ ’ਤੇ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ।

ਸਰਕਾਰ ਨੇ ਇਸ ਬਜਟ ਵਿੱਚ ਸਾਡੇ ਅੰਨਦਾਤਾ, ਸਾਡੇ ਕਿਸਾਨ ਭਰਾਵਾਂ ਨੂੰ ਉੱਚਾ ਚੁੱਕਣ ਅਤੇ ਉਨ੍ਹਾਂ ਨੂੰ ਕਰਜ਼ੇ ਵਿੱਚੋਂ ਕੱਢਣ ਲਈ ਕੋਈ ਪ੍ਰਬੰਧ ਨਹੀਂ ਕੀਤਾ ਅਤੇ ਕਿਸਾਨਾਂ ਨੂੰ ਪੂਰੀ ਤਰ੍ਹਾਂ ਅਣਗੌਲਿਆ ਕੀਤਾ ਗਿਆ ਹੈ।  ਉਨ੍ਹਾਂ ਕਿਹਾ ਕਿ ਇਕੱਲੇ ਪੰਜਾਬ ਵਿੱਚ ਹੀ ਕਰੀਬ 17 ਲੱਖ ਕਿਸਾਨ ਪ੍ਰਧਾਨ ਮੰਤਰੀ ਸਨਮਾਨ ਯੋਜਨਾ ਦੇ ਲਾਭ ਤੋਂ ਵਾਂਝੇ ਕੀਤੇ ਗਏ ਹਨ, ਇਸ ਲਈ ਪੂਰੇ ਦੇਸ਼ ਵਿੱਚ ਕਿੰਨੇ ਕਿਸਾਨ ਅਜਿਹੇ ਹੋਣਗੇ ਜੋ ਇਸ ਤਰ੍ਹਾਂ ਲਾਭ ਤੋਂ ਵਾਂਝੇ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਦੇਸ਼ ਦੇ ਲੋਕ ਇਸ ਬਜਟ ਤੋਂ ਪੂਰੀ ਤਰ੍ਹਾਂ ਨਿਰਾਸ਼ ਹਨ ਅਤੇ ਹੁਣ ਮੋਦੀ ਸਰਕਾਰ ਨੂੰ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਇਸ ਦਾ ਨਤੀਜਾ ਭੁਗਤਣਾ ਪਵੇਗਾ ਕਿਉਂਕਿ ਦੇਸ਼ ਦੀ ਜਨਤਾ ਉਨ੍ਹਾਂ ਨੂੰ ਸੱਤਾ ਤੋਂ ਲਾਂਭੇ ਕਰ ਦੇਵੇਗੀ।