ਗੁਰਦਾਸਪੁਰ | ਬਟਾਲਾ ਅਧੀਨ ਪੈਂਦੇ ਪਿੰਡ ਵਡਾਲਾ ਗ੍ਰੰਥੀਆਂ ਵਿਚ ਵੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਅਣਪਛਾਤੇ ਦੋਸ਼ੀਆਂ ਨੇ ਕੁਝ ਗੁਰੂ ਸਾਹਿਬਾਨ ਦੀਆਂ 3 ਪੋਥੀਆਂ ਅਤੇ ਫੋਟੋਆਂ ਨੂੰ ਅੱਗ ਲਗਾ ਕੇ ਸੜਕ ਕਿਨਾਰੇ ਸੁੱਟ ਦਿੱਤਾ। ਘਟਨਾ ਕਾਰਨ ਸਮੁੱਚੇ ਪਿੰਡ ਵਾਸੀਆਂ ਵਿਚ ਭਾਰੀ ਰੋਸ ਹੈ।
ਜਾਣਕਾਰੀ ਦਿੰਦਿਆਂ ਪਿੰਡ ਵਾਸੀ ਕਰਨਬੀਰ ਸਿੰਘ ਅਤੇ ਇੰਦਰਪਾਲ ਸਿੰਘ ਬੈਂਸ ਨੇ ਦੱਸਿਆ ਕਿ ਅੱਜ ਤੜਕੇ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ। ਉਨ੍ਹਾਂ ਕਿਹਾ ਕਿ ਇਹ ਕਿਸੇ ਦੀ ਸੋਚੀ-ਸਮਝੀ ਸਾਜ਼ਿਸ਼ ਹੈ, ਜੋ ਲੋਕਾਂ ਦਾ ਧਰਮ ਪਰਿਵਰਤਨ ਕਰਵਾ ਰਹੀ ਹੈ। ਉਨ੍ਹਾਂ ਕਿਹਾ ਕਿ ਗੁਰਦਾਸਪੁਰ ਜ਼ਿਲ੍ਹੇ ਵਿੱਚ ਇਕ ਹਫ਼ਤੇ ਵਿਚ ਬੇਅਦਬੀ ਦੀ ਇਹ ਤੀਜੀ ਘਟਨਾ ਹੈ, ਜੋ ਬਹੁਤ ਹੀ ਚਿੰਤਾਜਨਕ ਹੈ।
ਉਨ੍ਹਾਂ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਅਜਿਹੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ ਤਾਂ ਜੋ ਅਜਿਹੀਆਂ ਘਟਨਾਵਾਂ ਨੂੰ ਠੱਲ੍ਹ ਪਾਈ ਜਾ ਸਕੇ। ਦੂਜੇ ਪਾਸੇ ਵਡਾਲਾ ਗ੍ਰੰਥੀਆਂ ਦੇ ਚੌਕੀ ਇੰਚਾਰਜ ਨੇ ਦੱਸਿਆ ਕਿ ਪੁਲਿਸ ਵੱਲੋਂ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।