‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਵਕੀਲ ਦਾ ਹਾਈਕੋਰਟ ‘ਚ ਦਾਅਵਾ- ‘ਫਰਜ਼ੀ ਮੁਕਾਬਲਾ ਬਣਾ ਕੇ ਅੰਮ੍ਰਿਤਪਾਲ ਨੂੰ ਮਾਰਨਾ ਚਾਹੁੰਦੀ ਹੈ ਪੁਲਿਸ’

0
166

ਚੰਡੀਗੜ੍ਹ| ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਕਾਨੂੰਨੀ ਸਲਾਹਕਾਰ ਇਮਾਨ ਸਿੰਘ ਖਾਰਾ ਨੇ ਦਾਅਵਾ ਕੀਤਾ ਕਿ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਪੁਲਿਸ ਨੇ ਸ਼ਾਹਕੋਟ ਤੋਂ ਗ੍ਰਿਫ਼ਤਾਰ ਕਰ ਲਿਆ ਹੈ।’ ਵਕੀਲ ਇਮਾਨ ਸਿੰਘ ਨੇ ਇਹ ਵੀ ਦੋਸ਼ ਲਾਇਆ ਕਿ ਪੁਲਿਸ ਇਕ ਫਰਜ਼ੀ ਮੁਕਾਬਲਾ ਬਣਾ ਕੇ ਅੰਮ੍ਰਿਤਪਾਲ ਸਿੰਘ ਨੂੰ ਮਾਰਨਾ ਚਾਹੁੰਦੀ ਹੈ।

ਹਾਲਾਂਕਿ ਪੁਲਿਸ ਨੇ ਇਸ ਦਾਅਵੇ ਨੂੰ ਨਕਾਰਦਿਆਂ ਕਿਹਾ ਕਿ ਉਹ ਅਜੇ ਵੀ ਅੰਮ੍ਰਿਤਪਾਲ ਸਿੰਘ ਨੂੰ ਫੜਨ ਦੀ ਕੋਸ਼ਿਸ਼ ਕਰ ਰਹੇ ਹਨ। ਵਕੀਲ ਨੇ ਦੱਸਿਆ ਕਿ ‘ਅੰਮ੍ਰਿਤਪਾਲ ਸਿੰਘ ਦੀ ਜਾਨ ਨੂੰ ਖਤਰਾ ਹੈ ਅਤੇ ਉਸ ਨੂੰ ਥਾਣਾ ਸ਼ਾਹਕੋਟ ਵਿਖੇ ਰੱਖਿਆ ਗਿਆ ਹੈ’।

ਇਕ ‘ਹੈਬੀਅਸ ਕਾਰਪਸ’ ਪਟੀਸ਼ਨ ਦੇ ਅਧਾਰ ’ਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਤੇ ਇਸ ਦੇ ਅਧਿਕਾਰੀਆਂ ਨੂੰ ਨੋਟਿਸ ਜਾਰੀ ਕੀਤਾ ਹੈ। ਪਟੀਸ਼ਨ ਵਿਚ ਅਦਾਲਤ ਤੋਂ ਮੰਗ ਕੀਤੀ ਗਈ ਹੈ ਕਿ ਜਲੰਧਰ ਦੇ ਪੁਲਿਸ ਕਮਿਸ਼ਨਰ ਅਤੇ ਹੋਰ ਅਧਿਕਾਰੀਆਂ ਨੂੰ ਕਥਿਤ ਤੌਰ ’ਤੇ ਹਿਰਾਸਤ ਵਿਚ ਲਏ ਗਏ ਅੰਮ੍ਰਿਤਪਾਲ ਸਿੰਘ ਨੂੰ ਪੇਸ਼ ਕਰਨ ਦੇ ਹੁਕਮ ਜਾਰੀ ਕੀਤੇ ਜਾਣ ਤਾਂ ਕਿ ਨਿਆਂ ਯਕੀਨੀ ਬਣਾਇਆ ਜਾ ਸਕੇ।

ਜਸਟਿਸ ਐੱਨ.ਐੱਸ. ਸ਼ੇਖਾਵਤ ਨੇ ਕੇਸ ਦੀ ਅਗਲੀ ਸੁਣਵਾਈ ਮੰਗਲਵਾਰ ਲਈ ਤੈਅ ਕੀਤੀ ਹੈ। ਪਟੀਸ਼ਨਕਰਤਾ ਇਮਾਨ ਸਿੰਘ ਖਾਰਾ ਨੇ ਦੋਸ਼ ਲਾਇਆ ਹੈ ਕਿ ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਪੁਲਿਸ ਕਮਿਸ਼ਨਰ ਨੇ ਗੈਰਕਾਨੂੰਨੀ ਢੰਗ ਨਾਲ ਜਬਰੀ ਹਿਰਾਸਤ ਵਿਚ ਰੱਖਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਹੋਰਾਂ ਨੂੰ ਵੀ ਬਿਨਾਂ ਕਿਸੇ ਕਾਨੂੰਨੀ ਕਾਰਵਾਈ ਹਿਰਾਸਤ ਵਿਚ ਰੱਖਿਆ ਗਿਆ ਹੈ। ਹਾਈ ਕੋਰਟ ਤੋਂ ਮੰਗ ਕੀਤੀ ਗਈ ਹੈ ਕਿ ਵਾਰੰਟ ਅਫ਼ਸਰ ਨੂੰ ‘ਮੌਕੇ’ ਉਤੇ ਭੇਜਿਆ ਜਾਵੇ।

ਵਾਰਿਸ ਪੰਜਾਬ ਦੇ ਵਕੀਲ ਖਾਰਾ ਨੇ ਕਿਹਾ ਕਿ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਨੂੰ 24 ਘੰਟਿਆਂ ਦੇ ਨਿਰਧਾਰਤ ਸਮੇਂ ਵਿੱਚ ਮੈਜਿਸਟਰੇਟ ਦੇ ਸਾਹਮਣੇ ਪੇਸ਼ ਨਹੀਂ ਕੀਤਾ। ਪੁਲਿਸ ਦੀ ਨੀਅਤ ਖ਼ਰਾਬ ਹੈ।’ ਐਡਵੋਕੇਟ ਖਾਰਾ ਨੇ ਦੋਸ਼ ਲਾਇਆ ਕਿ ‘ਪੁਲਿਸ ਅੰਮ੍ਰਿਤਪਾਲ ਦੀ ਗ੍ਰਿਫ਼ਤਾਰੀ ਨਾ ਦਿਖਾ ਕੇ ਉਸ ਨੂੰ ਝੂਠੇ ਮੁਕਾਬਲੇ ਵਿੱਚ ਮਾਰ ਸਕਦੀ ਹੈ ਜਾਂ ਉਸ ਨੂੰ ਮਨਘੜਤ ਕੇਸਾਂ ਵਿੱਚ ਫਸ ਸਕਦੀ ਹੈ।’ ਖਾਰਾ ਨੇ ਇਹ ਵੀ ਕਿਹਾ ਕਿ ‘ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਪੁਲਿਸ ਨੂੰ ਅੰਮ੍ਰਿਤਪਾਲ ਸਿੰਘ ਦੇ ਮਾਮਲੇ ‘ਚ ਅਧਿਕਾਰਤ ਸੂਚਨਾ ਦੇਣ ਦੇ ਨਿਰਦੇਸ਼ ਦਿੱਤੇ ਹਨ।