ਗੁਰਦਾਸਪੁਰ, 1 ਨਵੰਬਰ | ਜ਼ਿਲੇ ਦੇ ਡੇਰਾ ਬਾਬਾ ਨਾਨਕ ਦੇ ਇੱਕ ਪਿੰਡ ਵਿੱਚ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਗੋਲੀਬਾਰੀ ਵਿਚ ਇੱਕ ਨੌਜਵਾਨ ਜ਼ਖ਼ਮੀ ਹੋ ਗਿਆ, ਜਿਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਹਮਲਾਵਰ ਬਾਈਕ ‘ਤੇ ਸਵਾਰ ਹੋ ਕੇ ਆਏ ਸਨ। ਮੁਲਜ਼ਮਾਂ ਨੇ ਗੋਲੀਆਂ ਚਲਾ ਕੇ ਜੂਏ ਦੇ ਪੈਸੇ ਲੁੱਟ ਲਏ ਅਤੇ ਫ਼ਰਾਰ ਹੋ ਗਏ। ਪੁਲਿਸ ਨੇ ਘਟਨਾ ਵਾਲੀ ਥਾਂ ਦਾ ਜਾਇਜ਼ਾ ਲਿਆ ਹੈ। ਨਾਲ ਹੀ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਦਰਅਸਲ ਮਾਮਲਾ ਡੇਰਾ ਬਾਬਾ ਨਾਨਕ ਦੇ ਪਿੰਡ ਰਾਊਵਾਲ ਦਾ ਹੈ। ਜਿੱਥੇ ਮਾਤਾ ਰਾਣੀ ਮੰਦਰ ਨੇੜੇ ਕੁਝ ਨੌਜਵਾਨ ਜੂਆ ਖੇਡ ਰਹੇ ਸਨ। ਉਦੋਂ ਕੁਝ ਲੋਕ ਉਥੇ ਆਏ ਅਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸ ਕਾਰਨ ਉਥੇ ਭਗਦੜ ਮੱਚ ਗਈ। ਮੁਲਜ਼ਮ ਜੂਏ ਦੇ ਪੈਸੇ ਲੈ ਕੇ ਉਥੋਂ ਫਰਾਰ ਹੋ ਗਏ। ਜ਼ਖ਼ਮੀ ਨੌਜਵਾਨ ਦੀ ਪਛਾਣ ਕਮਲਦੀਪ ਸਿੰਘ ਵਜੋਂ ਹੋਈ ਹੈ। ਜ਼ਖ਼ਮੀ ਨੂੰ ਅੰਮ੍ਰਿਤਸਰ ਦੇ ਗੁਰੂ ਨਾਨਕ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ।

ਇਸ ਮਾਮਲੇ ਵਿਚ ਕੋਟਲੀ ਥਾਣਾ ਸੂਰਤ ਮੱਲੀ ਦੇ ਅਧਿਕਾਰੀਆਂ ਨੇ ਦੱਸਿਆ ਕਿ ਮਾਮਲਾ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ। ਪੁਲਿਸ ਟੀਮਾਂ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੀਆਂ ਹਨ। ਇਲਾਕੇ ਵਿਚ ਲੱਗੇ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਘਟਨਾ ਨਾਲ ਸਬੰਧਤ ਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ।