ਪੰਜਾਬ ਸਰਕਾਰ ਨੇ 26,454 ਪੋਸਟਾਂ ਨੂੰ ਦਿੱਤੀ ਹਰੀ ਝੰਡੀ, ਸਕੂਲ ਸਿੱਖਿਆ, ਸਿਹਤ, ਬਿਜਲੀ ਮਹਿਕਮੇ ‘ਚ ਹੋਵੇਗੀ ਭਰਤੀ, ਪੜ੍ਹੋ ਡਿਟੇਲ
ਚੰਡੀਗੜ੍ਹ | ਪੰਜਾਬ ਮੰਤਰੀ ਮੰਡਲ ਦੀ ਬੈਠਕ ਵਿੱਚ ਅੱਜ ਵਿਧਾਇਕਾਂ ਨੂੰ ਇੱਕ ਪੈਨਸ਼ਨ ਵਾਲੀ ਸਕੀਮ ਨੂੰ ਹਰੀ ਝੰਡੀ ਦੇ ਦਿੱਤੀ ਗਈ ਹੈ। ਹੁਣ ਵਿਧਾਇਕ ਜਾਂ ਮੰਤਰੀ ਭਾਵੇਂ ਜਿੰਨੀ ਵਾਰ ਜਿੱਤੇ ਇੱਕ ਹੀ ਪੈਨਸ਼ਨ ਦਾ ਹਕਦਾਰ ਹੋਵੇਗਾ। ਨਵੀਂ ਦਰ ਮੁਤਾਬਿਕ 60 ਹਜਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦੇ ਨਾਲ ਮਹਿੰਗਾਈ ਭੱਤਾ ਮਿਲੇਗਾ।
ਮੰਤਰੀ ਮੰਡਲ ਨੇ ਪੰਜਾਬ ਵਿਧਾਨ ਸਭਾ ਦੇ ਵਿਧਾਇਕਾਂ ਨੂੰ ਇੱਕ ਪੈਨਸ਼ਨ (ਭਾਵੇਂ ਜਿੰਨੀ ਵਾਰ ਵੀ ਮੈਂਬਰ ਰਹਿ ਚੁੱਕੇ ਹੋਣ) ਦੇਣ ਲਈ ‘ਦਿ ਪੰਜਾਬ ਸਟੇਟ ਲੈਜਿਸਲੇਚਰ ਮੈਂਬਰਜ਼ (ਪੈਨਸ਼ਨ ਅਤੇ ਮੈਡੀਕਲ ਸੁਵਿਧਾ ਰੈਗੂਲੇਸ਼ਨ) ਐਕਟ, 1977’ ਦੀ ਧਾਰਾ 3 (1) ਵਿੱਚ ਸੋਧ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਨਾਲ ਪੰਜਾਬ ਵਿਧਾਨ ਸਭਾ ਦੇ ਵਿਧਾਇਕਾਂ ਨੂੰ ਮੌਜੂਦਾ ਉਪਬੰਧ ਅਨੁਸਾਰ ਪਹਿਲੀ ਟਰਮ ਲਈ 15000 ਰੁਪਏ ਪੈਨਸ਼ਨ ਪ੍ਰਤੀ ਮਹੀਨਾ (ਸਮੇਤ ਮਹਿੰਗਾਈ ਭੱਤਾ, ਜੋ ਪੰਜਾਬ ਸਰਕਾਰ ਦੇ ਪੈਨਸ਼ਨਰਾਂ ‘ਤੇ ਲਾਗੂ ਹੁੰਦਾ ਹੈ) ਅਤੇ ਬਾਅਦ ਵਾਲੀ ਹਰੇਕ ਟਰਮ ਲਈ 10000 ਰਪੁਏ ਪੈਨਸ਼ਨ ਪ੍ਰਤੀ ਮਹੀਨਾ (ਸਮੇਤ ਮਹਿੰਗਾਈ ਭੱਤਾ, ਜੋ ਪੰਜਾਬ ਸਰਕਾਰ ਦੇ ਪੈਨਸ਼ਨਰਾਂ ‘ਤੇ ਲਾਗੂ ਹੁੰਦਾ ਹੈ) ਦੀ ਬਜਾਏ ਸਿਰਫ ਇੱਕ ਪੈਨਸ਼ਨ (ਟਰਮਾਂ ਦੀ ਗਿਣਤੀ ਕੀਤੇ ਬਗੈਰ) ਨਵੀਂ ਦਰ ਅਨੁਸਾਰ (60,000 ਰੁਪਏ ਪ੍ਰਤੀ ਮਹੀਨਾ + ਮਹਿੰਗਾਈ ਭੱਤਾ (ਜੋ ਪੰਜਾਬ ਸਰਕਾਰ ਦੇ ਪੈਨਸ਼ਨਰਾਂ ਤੇ ਲਾਗੂ ਹੁੰਦਾ ਹੈ) ਦਿੱਤੀ ਜਾਵੇਗੀ। ਇਸ ਸੋਧ ਨਾਲ ਪੰਜਾਬ ਸਰਕਾਰ ਨੂੰ ਸਾਲਾਨਾ ਲਗਭਗ 19.53 ਕਰੋੜ ਰੁਪਏ ਦੀ ਬੱਚਤ ਹੋਵੇਗੀ।
ਵਪਾਰਕ ਵਾਹਨ ਚਾਲਕਾਂ ਨੂੰ ਲੋੜੀਂਦੀ ਰਾਹਤ ਦੇਣ ਲਈ ਮੰਤਰੀ ਮੰਡਲ ਨੇ 6 ਮਈ ਤੋਂ 5 ਅਗਸਤ, 2022 ਤੱਕ ਵਪਾਰਕ ਵਾਹਨ ਜੁਰਮਾਨੇ ਤੋਂ ਮੋਟਰ ਵਾਹਨ ਟੈਕਸ ਵਸੂਲਣ ਲਈ ਰਾਜ ਟਰਾਂਸਪੋਰਟ ਵਿਭਾਗ ਦੀ ਮੁਆਫੀ (ਐਮਨੈਸਟੀ) ਸਕੀਮ ਨੂੰ ਹਰੀ ਝੰਡੀ ਦੇ ਦਿੱਤੀ ਹੈ। ਹਾਲਾਂਕਿ, ਵਿਭਾਗ ਫਿਟਨੈਸ ਸਰਟੀਫਿਕੇਟ ਜਾਰੀ ਕਰਨ ਸਮੇਂ ਨਾ ਤਾਂ ਵਿਆਜ ਅਤੇ ਨਾ ਹੀ ਲੇਟ ਫੀਸ ਵਸੂਲੇਗਾ।