ਨਵੀਂ ਦਿੱਲੀ| ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਕੈਨੇਡਾ ਦੇ ਵਿਦੇਸ਼ ਮੰਤਰੀ ਮਿਲਾਨੀ ਜੌਲੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੇ ਸਾਹਮਣੇ ਖਾਲਿਸਤਾਨ ਦਾ ਮੁੱਦਾ ਚੁੱਕਿਆ। ਦੋਵਾਂ ਦੇਸ਼ਾਂ ਦੇ ਵਿਦੇਸ਼ ਮੰਤਰੀਆਂ ਨੇ ਸ਼ੁੱਕਰਵਾਰ (14 ਜੁਲਾਈ) ਨੂੰ ਇੰਡੋਨੇਸ਼ੀਆ ਦੀ ਰਾਜਧਾਨੀ ਜਕਾਰਤਾ ‘ਚ ਆਸੀਆਨ ਖੇਤਰੀ ਮੰਚ ਦੀ ਬੈਠਕ ਦੌਰਾਨ ਮੁਲਾਕਾਤ ਕੀਤੀ।

ਵਿਦੇਸ਼ ਮੰਤਰੀ ਜੈਸ਼ੰਕਰ ਨੇ ਹਿੰਸਾ ਭੜਕਾਉਣ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠਣ ਅਤੇ ਕੈਨੇਡਾ ਵਿੱਚ ਭਾਰਤੀ ਡਿਪਲੋਮੈਟਾਂ ਦੀ ਸੁਰੱਖਿਆ ਯਕੀਨੀ ਬਣਾਉਣ ‘ਤੇ ਜ਼ੋਰ ਦਿੱਤਾ। ਇਸ ਤੋਂ ਇਲਾਵਾ ਡਾਕਟਰ ਜੈਸ਼ੰਕਰ ਨੇ ਚੀਨੀ ਡਿਪਲੋਮੈਟ ਵਾਂਗ ਯੀ ਨਾਲ ਵੀ ਮੁਲਾਕਾਤ ਕੀਤੀ ਅਤੇ ਸਰਹੱਦੀ ਵਿਵਾਦ ਨਾਲ ਜੁੜੇ ਮੁੱਦਿਆਂ ‘ਤੇ ਚਰਚਾ ਕੀਤੀ।

ਜੌਲੀ ਨਾਲ ਮੁਲਾਕਾਤ ਤੋਂ ਬਾਅਦ ਜੈਸ਼ੰਕਰ ਨੇ ਟਵੀਟ ਕਰਕੇ ਲਿਖਿਆ, “ਜਕਾਰਤਾ ਵਿੱਚ ਕੈਨੇਡੀਅਨ ਵਿਦੇਸ਼ ਮੰਤਰੀ ਮੇਲਾਨੀਆ ਜੌਲੀ ਨਾਲ ਮੁਲਾਕਾਤ ਕੀਤੀ ਅਤੇ ਭਾਰਤ-ਪ੍ਰਸ਼ਾਂਤ ਖੇਤਰ ਅਤੇ ਸਾਡੇ ਆਰਥਿਕ ਸਹਿਯੋਗ ‘ਤੇ ਚਰਚਾ ਕੀਤੀ।” ਉਨ੍ਹਾਂ ਨੇ ਅੱਗੇ ਲਿਖਿਆ, ਸਾਡੇ ਡਿਪਲੋਮੈਟਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੀ ਮਹੱਤਤਾ ਅਤੇ ਹਿੰਸਾ ਨੂੰ ਭੜਕਾਉਣ ਵਾਲੀਆਂ ਸਥਿਤੀਆਂ ਨਾਲ ਮਜ਼ਬੂਤੀ ਨਾਲ ਨਜਿੱਠਣ ਦੀ ਜ਼ਰੂਰਤ ਨੂੰ ਰੇਖਾਂਕਿਤ ਕੀਤਾ।

ਹਾਲ ਹੀ ਦੇ ਦਿਨਾਂ ‘ਚ ਕੈਨੇਡਾ ‘ਚ ਖਾਲਿਸਤਾਨ ਸਮਰਥਕਾਂ ਦੀਆਂ ਗਤੀਵਿਧੀਆਂ ਤੇਜ਼ ਹੋ ਗਈਆਂ ਹਨ। ਕੈਨੇਡਾ ਵਿੱਚ ਪਿਛਲੇ ਕੁਝ ਮਹੀਨਿਆਂ ਵਿੱਚ ਖਾਲਿਸਤਾਨ ਪੱਖੀ ਵੱਖਵਾਦੀਆਂ ਨਾਲ ਜੁੜੀਆਂ ਕਈ ਘਟਨਾਵਾਂ ਸਾਹਮਣੇ ਆਈਆਂ ਹਨ, ਜਿੱਥੇ ਭਾਰਤੀ ਸੰਸਥਾਨਾ ਅਤੇ ਡਿਪਲੋਮੈਟਾਂ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਹਾਲ ਹੀ ‘ਚ ਖਾਲਿਸਤਾਨ ਸਮਰਥਕਾਂ ਨੇ ਕੈਨੇਡਾ ‘ਚ ਆਨਲਾਈਨ ਪੋਸਟਰ ਫੈਲਾਏ ਸਨ, ਜਿਨ੍ਹਾਂ ‘ਚ ਭਾਰਤੀ ਡਿਪਲੋਮੈਟਾਂ ‘ਤੇ ਨਿਸ਼ਾਨ ਲਗਾ ਕੇ ਉਨ੍ਹਾਂ ਨੂੰ ਨੁਕਸਾਨ ਪਹੁੰਚਾਉਣ ਬਾਰੇ ਲਿਖਿਆ ਸੀ।

ਭਾਰਤ ਨੇ ਇਹ ਮੁੱਦਾ ਕੈਨੇਡਾ ਦੇ ਸਾਹਮਣੇ ਚੁੱਕਿਆ ਸੀ, ਜਿਸ ਤੋਂ ਬਾਅਦ ਕੈਨੇਡਾ ਨੇ ਭਾਰਤ ਨੂੰ ਡਿਪਲੋਮੈਟਾਂ ਦੀ ਸੁਰੱਖਿਆ ਦਾ ਭਰੋਸਾ ਦਿੱਤਾ। ਭਾਰਤ ਨੇ ਕੈਨੇਡਾ, ਬ੍ਰਿਟੇਨ ਅਤੇ ਅਮਰੀਕਾ ਵਰਗੇ ਆਪਣੇ ਭਾਈਵਾਲ ਦੇਸ਼ਾਂ ਨੂੰ ਕਿਹਾ ਕਿ ਉਹ ਕੱਟੜਪੰਥੀ ਖਾਲਿਸਤਾਨੀ ਵਿਚਾਰਧਾਰਾ ਨੂੰ ਵਧਣ-ਫੁੱਲਣ ਨਾ ਦੇਣ ਅਤੇ ਇਨ੍ਹਾਂ ਦਾ ਵਧਣਾ ਸਬੰਧਾਂ ਲਈ ਚੰਗਾ ਨਹੀਂ ਹੈ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ