ਚੰਡੀਗੜ੍ਹ | ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸਾਰੇ ਪ੍ਰਵਾਸੀ ਪੰਜਾਬੀਆਂ ਨੂੰ ਭਰੋਸਾ ਦਿਵਾਇਆ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਹਰੇਕ ਪ੍ਰਵਾਸੀ ਪੰਜਾਬੀ ਦੀ ਸ਼ਿਕਾਇਤ ਦਾ ਨਿਪਟਾਰਾ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਪ੍ਰਵਾਸੀ ਪੰਜਾਬੀ ਨੂੰ ਜੇਕਰ ਪੰਜਾਬ ਵਿਚ ਕਿਸੇ ਮੁਸੀਬਤ ਜਾਂ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤਾਂ ਉਹ ਬੇਝਿਜਕ ਆਪਣੀ ਸ਼ਿਕਾਇਤ ਦਰਜ ਕਰਵਾਵੇ। ਹਰੇਕ ਸਮੱਸਿਆ ਦਾ ਹੱਲ ਸਮਾਂਬੱਧ ਤਰੀਕੇ ਨਾਲ ਕੱਢਿਆ ਜਾਵੇਗਾ।
ਅੱਜ ਉਨ੍ਹਾਂ ਚੰਡੀਗੜ੍ਹ ਸਥਿਤ ਐਨ.ਆਰ.ਆਈ ਕੰਟਰੋਲ ਰੂਮ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨਾਲ ਐਨ.ਆਰ.ਆਈ ਵਿਭਾਗ ਦੇ ਪ੍ਰਮੁੱਖ ਸਕੱਤਰ ਜੇ. ਬਾਲਾਮੁਰਗਨ ਅਤੇ ਏ.ਡੀ.ਜੀ.ਪੀ., ਐਨ.ਆਰ.ਆਈ ਮਾਮਲੇ, ਪੰਜਾਬ ਪੁਲਿਸ ਪ੍ਰਵੀਨ ਕੁਮਾਰ ਸਿਨ੍ਹਾ ਵੀ ਹਾਜ਼ਰ ਸਨ। ਧਾਲੀਵਾਲ ਨੇ ਦੱਸਿਆ ਕਿ ਪ੍ਰਵਾਸੀ ਪੰਜਾਬੀ ਆਪਣੀਆਂ ਸ਼ਿਕਾਇਤਾਂ ਅਤੇ ਸਮੱਸਿਆਵਾਂ ਵਟਸਐਪ ਨੰਬਰ 93093-88088 ‘ਤੇ ਦਰਜ ਕਰਵਾ ਸਕਦੇ ਹਨ। ਦਰਜ ਹੋਈ ਸ਼ਿਕਾਇਤ ਦਾ ਨਿਪਟਾਰਾ ਕਰਨ ਲਈ ਸ਼ਿਕਾਇਤ ਨੂੰ ਸਬੰਧਤ ਵਿਭਾਗ ਜਾਂ ਅਫਸਰ ਨੂੰ ਭੇਜ ਦਿੱਤਾ ਜਾਂਦਾ ਹੈ। ਸ਼ਿਕਾਇਤ ਦਾ ਫਾਲੋਅੱਪ ਵੀ ਕੀਤਾ ਜਾਂਦਾ ਹੈ ਅਤੇ ਸ਼ਿਕਾਇਤਕਰਤਾ ਤੋਂ ਉਸਦੀ ਫੀਡਬੈਕ ਵੀ ਪ੍ਰਾਪਤ ਕੀਤੀ ਜਾਂਦੀ ਹੈ।
ਮੌਕੇ ‘ਤੇ ਹੀ ਧਾਲੀਵਾਲ ਨੇ ਅਜਿਹੇ ਬਹੁਤ ਸਾਰੇ ਸ਼ਿਕਾਇਤਕਰਤਾਵਾਂ ਨਾਲ ਖੁਦ ਫੋਨ ‘ਤੇ ਗੱਲਬਾਤ ਕੀਤੀ ਜਿਨ੍ਹਾਂ ਨੇ ਆਪਣੀ ਸਮੱਸਿਆ ਜਾਂ ਤਾਂ ਕਿਸੇ ਐਨ.ਆਰ.ਆਈ ਸੰਮੇਲਨ ਦੌਰਾਨ ਦੱਸੀ ਸੀ ਜਾਂ ਕੰਟਰੋਲ ਰੂਮ ਵਿਚ ਦਰਜ ਕਰਵਾਈ ਸੀ। ਸ਼ਿਕਾਇਤਕਰਤਾਵਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਖੁਦ ਨਿੱਜੀ ਦਿਲਚਸਪੀ ਵਿਖਾਈ ਹੈ।
ਇਸ ਮੌਕੇ ਧਾਲੀਵਾਲ ਨੇ ਹਾਜ਼ਰ ਅਫਸਰਾਂ ਨੂੰ ਹਦਾਇਤ ਕੀਤੀ ਕਿ ਜਿਹੜੇ ਮਾਮਲੇ ਕਿਸੇ ਅਦਾਲਤ ਵਿਚ ਸੁਣਵਾਈ ਅਧੀਨ ਹਨ, ਉਨ੍ਹਾਂ ਨੂੰ ਛੱਡ ਕੇ ਬਾਕੀ ਸਾਰੇ ਮਾਮਿਲਆਂ ਨੂੰ ਸਮਾਂਬੱਧ ਤਰੀਕੇ ਨਾਲ ਨਿਪਟਾਇਆ ਜਾਵੇ। ਉਨ੍ਹਾਂ ਕਿਹਾ ਕਿ ਕਿਸੇ ਵੀ ਪ੍ਰਵਾਸੀ ਪੰਜਾਬੀ ਨੂੰ ਨਿਰਾਸ਼ ਨਹੀਂ ਹੋਣ ਦਿੱਤਾ ਜਾਵੇਗਾ। ਬਹੁਤ ਜਲਦ ਸਾਰੇ ਡਿਪਟੀ ਕਮਿਸ਼ਨਰਾਂ ਨਾਲ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਸਬੰਧੀ ਇਕ ਮੀਟਿੰਗ ਵੀ ਕੀਤੀ ਜਾਵੇਗੀ।
ਇਸ ਦੌਰਾਨ ਧਾਲੀਵਾਲ ਨੇ ਸਾਰੇ ਪ੍ਰਵਾਸੀ ਪੰਜਾਬੀਆਂ ਨੂੰ ਪੰਜਾਬ ਵਿਚ ਨਿਵੇਸ਼ ਕਰਨ ਦੀ ਅਪੀਲ ਕੀਤੀ। ਧਾਲੀਵਾਲ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਇਹ ਕੋਸ਼ਿਸ਼ ਹੈ ਕਿ ਬਾਹਰਲੇ ਦੇਸ਼ਾਂ ਵਿਚ ਕਾਮਯਾਬੀਆਂ ਹਾਸਲ ਕਰਨ ਵਾਲੇ ਪੰਜਾਬੀ ਆਪਣੇ ਸੂਬੇ ਦੀ ਤਰੱਕੀ ਵਿਚ ਵੀ ਯੋਗਦਾਨ ਪਾਉਣ। ਇਸ ਮਕਸਦ ਲਈ ਪੰਜਾਬ ਸਰਕਾਰ ਉਨ੍ਹਾਂ ਦੀ ਹਰ ਤਰ੍ਹਾਂ ਦੀ ਮਦਦ ਕਰੇਗੀ।