ਚੰਡੀਗੜ੍ਹ, 15 ਜਨਵਰੀ | ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਵੱਲੋਂ ਨਗਰ ਕੌਂਸਲ/ਨਗਰ ਪੰਚਾਇਤ, ਖਰੜ, ਕੁਰਾਲੀ, ਨਵਾਂਗਾਓ, ਡੇਰਾ ਬਸੀ, ਲਾਲੜੂ, ਜ਼ੀਰਕਪੁਰ, ਬਨੂੜ, ਘੜੂੰਆਂ, ਐਸ.ਏ.ਐਸ. ਨਗਰ, ਰੂਪਨਗਰ, ਨੰਗਲ, ਕੀਰਤਪੁਰ ਸਾਹਿਬ, ਸ੍ਰੀ ਆਨੰਦਪੁਰ ਸਾਹਿਬ, ਮੋਰਿੰਡਾ, ਸ੍ਰੀ ਚਮਕੌਰ ਸਾਹਿਬ, ਸਰਹਿੰਦ-ਫਤਹਿਗੜ੍ਹ ਸਾਹਿਬ, ਗੋਬਿੰਦਗੜ੍ਹ, ਅਮਲੋਹ, ਖਮਾਣੋਂ ਅਤੇ ਬਸੀ ਪਠਾਣਾ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਸਬੰਧੀ ਸਮੀਖਿਆ ਮੀਟਿੰਗ ਦੌਰਾਨ ਅੱਜ ਇਥੇ ਮਿਉਂਸੀਪਲ ਭਵਨ ਸੈਕਟਰ-35 ਚੰਡੀਗੜ੍ਹ ਵਿਖੇ ਅਧਿਕਾਰੀਆਂ ਨੂੰ ਚੱਲ ਰਹੇ ਕਾਰਜਾਂ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਨ ਦੇ ਨਿਰਦੇਸ਼ ਦਿੱਤੇ ਗਏ।
ਸਥਾਨਕ ਸਰਕਾਰਾਂ ਮੰਤਰੀ ਨੇ ਮੀਟਿੰਗ ਦੌਰਾਨ ਸਵੱਛ ਭਾਰਤ ਮਿਸ਼ਨ ਅਧੀਨ ਬਣਾਏ ਜਾ ਰਹੇ ਸੀਵਰੇਜ ਟ੍ਰੀਟਮੈਂਟ ਪਲਾਂਟ ਲਈ ਜਗ੍ਹਾ ਦੀ ਉਪਲੱਬਧਤਾ, ਅਮਰੁਤ ਮਿਸ਼ਨ ਅਧੀਨ ਆਉਂਦੇ ਵੱਖ-ਵੱਖ ਪ੍ਰਾਜੈਕਟਾਂ, ਕਾਰਜਾਂ ਸਬੰਧੀ ਅਲਾਟ ਹੋਏ ਫੰਡਾਂ ਅਤੇ ਹੋਰਨਾਂ ਕੰਮਾਂ ਦੀ ਸਥਿਤੀ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਗੁਣਵੱਤਾ ਅਤੇ ਪਾਰਦਰਸ਼ਤਾ ਲਿਆਉਣੀ ਯਕੀਨੀ ਬਣਾਈ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਨੇ ਵੱਖ-ਵੱਖ ਸਕੀਮਾਂ ਅਧੀਨ ਆਉਂਦੇ ਕੰਮਾਂ ਅਤੇ ਫੰਡਾਂ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਵਿਧਾਇਕਾਂ ਨਾਲ ਸਾਂਝੀ ਕੀਤੀ।
ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਵਿਧਾਇਕਾਂ ਨਾਲ ਵਿਕਾਸ ਕਾਰਜਾਂ ਸਬੰਧੀ ਸਾਰੀ ਜਾਣਕਾਰੀ ਸਾਂਝੀ ਕੀਤੀ ਜਾਵੇ ਤਾਂ ਜੋ ਇਲਾਕਾ ਨਿਵਾਸੀਆਂ ਦੀ ਜ਼ਰੂਰਤ ਅਨੁਸਾਰ ਵਿਕਾਸ ਕਾਰਜ ਕਰਵਾਏ ਜਾ ਸਕਣ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਜੇਕਰ ਉਨ੍ਹਾਂ ਨੂੰ ਸਾਫ਼-ਸਫਾਈ ਲਈ ਕਿਸੇ ਤਰ੍ਹਾਂ ਦੇ ਉਪਕਰਣਾਂ/ਮਸ਼ੀਨਰੀ ਦੀ ਜ਼ਰੂਰਤ ਹੋਵੇ ਤਾਂ ਉਹ ਖਰੀਦ ਲਈ ਜਾਵੇ। ਇਸ ਤੋਂ ਇਲਾਵਾ ਜੇਕਰ ਵਿਕਾਸ ਕਾਰਜਾਂ ਲਈ ਹੋਰ ਵਾਧੂ ਫੰਡਾਂ ਦੀ ਜਰੂਰਤ ਹੋਵੇ ਤਾਂ ਉਸਦਾ ਪੂਰਾ ਐਕਸ਼ਨ ਪਲਾਨ ਤਿਆਰ ਕਰਵਾਕੇ ਮੁੱਖ ਦਫ਼ਤਰ ਭੇਜਿਆ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਕੋਲ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ।
ਬਲਕਾਰ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਨੂੰ ਇੱਕ ਖੁਸ਼ਹਾਲ ਸੂਬਾ ਬਣਾਉਣ ਲਈ ਵਚਨਬੱਧ ਹੈ। ਇਸ ਲਈ ਮੰਤਰੀ ਨੇ ਅਧਿਕਾਰੀਆਂ ਨੂੰ ਇਸ ਟੀਚੇ ਦੀ ਪ੍ਰਾਪਤੀ ਲਈ ਇੱਕ ਦੂਜੇ ਨਾਲ ਤਾਲਮੇਲ ਕਰਕੇ ਕੰਮ ਕਰਨ ਲਈ ਕਿਹਾ।
ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਅਧਿਕਾਰੀਆਂ ਨੂੰ ਕਿਹਾ ਕਿ ਵੱਖ-ਵੱਖ ਸਕੀਮਾਂ ਅਧੀਨ ਅਣਵਰਤੇ ਫੰਡਾਂ ਨੂੰ ਜਲਦ ਤੋਂ ਜਲਦ ਖਰਚ ਕੀਤਾ ਜਾਵੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਸਖਤੀ ਨਾਲ ਆਦੇਸ਼ ਦਿੱਤੇ ਕਿ ਵੱਖ-ਵੱਖ ਸਕੀਮਾਂ ਅਧੀਨ ਅਣਵਰਤੇ ਫੰਡਾਂ ਨੂੰ ਦਿੱਤੇ ਗਏ ਦਿਸ਼ਾ-ਨਿਰਦੇਸ਼ਾਂ ਅਨੁਸਾਰ ਖਰਚ ਨਾ ਕਰਨ ਦੀ ਸੂਰਤ ਵਿੱਚ ਸਬੰਧਤ ਅਧਿਕਾਰੀਆਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਜੇਕਰ ਵਿਕਾਸ ਕਾਰਜਾਂ ਵਿੱਚ ਕਿਸੇ ਕਿਸਮ ਦੀ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਇਸ ਦਾ ਸਬੰਧਤ ਵਿਧਾਇਕ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆ ਕੇ ਤੁਰੰਤ ਨਿਪਟਾਰਾ ਕਰਵਾਇਆ ਜਾਵੇ।
ਮੰਤਰੀ ਵੱਲੋਂ ਇਸ ਗੱਲ ’ਤੇ ਵੀ ਜ਼ੋਰ ਦਿੱਤਾ ਕਿ ਵਿਕਾਸ ਕਾਰਜਾਂ ਵਿੱਚ ਗੁਣਵੱਤਾ ਅਤੇ ਪਾਰਦਰਸ਼ਤਾ ਲਿਆਉਣੀ ਯਕੀਨੀ ਬਣਾਈ ਜਾਵੇ। ਇਸ ਮੌਕੇ ਵਿਧਾਇਕਾਂ ਵਿੱਚ ਲਖਬੀਰ ਸਿੰਘ ਰਾਏ, ਰੁਪਿੰਦਰ ਸਿੰਘ ਹੈਪੀ, ਕੁਲਜੀਤ ਸਿੰਘ ਰੰਧਾਵਾਂ, ਦਿਨੇਸ਼ ਕੁਮਾਰ ਚੱਢਾ, ਡਾ ਚਰਨਜੀਤ ਸਿੰਘ, ਵਿਧਾਇਕਾਂ ਦੇ ਪ੍ਰਤੀਨਿਧੀਆਂ ਤੋਂ ਇਲਾਵਾ ਸਕੱਤਰ ਸਥਾਨਕ ਸਰਕਾਰ ਅਜੋਏ ਸ਼ਰਮਾ,ਪੀ.ਐਮ.ਆਈ.ਡੀ.ਸੀ. ਦੀ ਸੀ.ਈ.ਓ. ਦੀਪਤੀ ਉੱਪਲ, ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਉਮਾ ਸ਼ੰਕਰ ਗੁਪਤਾ ਅਤੇ ਨਗਰ ਕੌਂਸਲ ਅਤੇ ਨਗਰ ਪੰਚਾਇਤਾਂ ਦੇ ਕਾਰਜ ਸਾਧਕ ਅਫਸਰ ਅਤੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।