ਚੰਡੀਗੜ੍ਹ | ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਇਸ ਦਿਸ਼ਾ ਵਿਚ ਕੰਮ ਕਰਦੇ ਹੋਏ ਕਿਰਤ, ਸ਼ਿਕਾਇਤ ਨਿਵਾਰਣ, ਨਿਵੇਸ਼ ਪ੍ਰੋਤਸਾਹਨ, ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਅਤੇ ਪ੍ਰਾਹੁਣਚਾਰੀ ਮੰਤਰੀ ਅਨਮੋਲ ਗਗਨ ਮਾਨ ਨੇ ਦੱਸਿਆ ਕਿ ਸੂਬਾ ਸਰਕਾਰ ਵਲੋਂ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰੱਕਸ਼ਨ ਵਰਕਰਜ਼ ਵੈਲਫੇਅਰ ਬੋਰਡ ਰਾਹੀਂ ਵੱਖ-ਵੱਖ ਭਲਾਈ ਸਕੀਮਾਂ ਤਹਿਤ 9 ਕਰੋੜ ਰੁਪਏ ਦੀ ਰਾਸ਼ੀ 3935 ਉਸਾਰੀ ਕਿਰਤੀਆਂ ਨੂੰ ਜਾਰੀ ਕੀਤੀ ਗਈ ਹੈ।
ਮੰਤਰੀ ਨੇ ਦੱਸਿਆ ਕਿ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰੱਕਸ਼ਨ ਵਰਕਰਜ਼ ਵੈੱਲਫੇਅਰ ਬੋਰਡ ਰਾਹੀਂ ਉਸਾਰੀ ਕਿਰਤੀਆਂ ਦੀ ਭਲਾਈ ਲਈ ਵੱਖ-ਵੱਖ ਸਕੀਮਾਂ ਉਪਲੱਬਧ ਹਨ। ਉਨ੍ਹਾਂ ਕਿਹਾ ਕਿ ਭਲਾਈ ਸਕੀਮ ਦਾ ਲਾਭ ਦੇਣ ਲਈ ਜ਼ਿਲ੍ਹਾ ਪੱਧਰ ‘ਤੇ ਵਿਸ਼ੇਸ਼ ਕੈਂਪ ਲਗਾ ਕੇ ਉਸਾਰੀ ਕਿਰਤੀਆਂ ਦੀ ਰਜਿਸਟਰੇਸ਼ਨ ਕੀਤੀ ਜਾਂਦੀ ਹੈ ਤਾਂ ਜੋ ਯੋਗ ਲਾਭਪਾਤਰੀਆਂ ਨੂੰ ਸਰਕਾਰ ਦੀਆਂ ਸਮੂਹ ਸਕੀਮਾਂ ਦਾ ਲਾਭ ਮਿਲ ਸਕੇ।
ਮੰਤਰੀ ਨੇ ਉਸਾਰੀ ਕਿਰਤੀਆਂ ਦੀ ਭਲਾਈ ਸਕੀਮਾਂ ਦਾ ਜ਼ਿਕਰ ਕਰਦਿਆਂ ਕਿਹਾ ਹੈ ਕਿ ਉਸਾਰੀ ਕਿਰਤੀਆਂ ਦੀਆਂ ਧੀਆਂ ਦੇ ਵਿਆਹ ਲਈ ਸ਼ਗਨ ਸਕੀਮ ਉਪਲੱਬਧ ਹੈ। ਉਨ੍ਹਾਂ ਕਿਹਾ ਕਿ ਐਕਸਗ੍ਰੇਸ਼ੀਆ ਸਕੀਮ ਤਹਿਤ ਕਿਰਤੀ ਦੀ ਦੁਰਘਟਨਾ ਸਮੇਂ ਮੌਤ ਹੋ ਜਾਣ ‘ਤੇ ਵਿੱਤੀ ਸਹਾਇਤਾ ਦੀ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਉਸਾਰੀ ਕਿਰਤੀ ਜਿਸ ਨੇ ਪਿਛਲੇ 12 ਮਹੀਨਿਆਂ ‘ਚ 90 ਦਿਨਾਂ ਤੋਂ ਵੱਧ ਬਤੌਰ ਉਸਾਰੀ ਕਿਰਤੀ ਕੰਮ ਕੀਤਾ ਹੋਵੇ ਅਤੇ ਉਸ ਦੀ ਉਮਰ 18-60 ਸਾਲਾਂ ਵਿਚਕਾਰ ਹੋਵੇ, ਉਹ ਵਿਅਕਤੀ ਲਾਭਪਾਤਰੀ ਬਣ ਸਕਦਾ ਹੈ।
ਇਸ ਮੌਕੇ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਉਸਾਰੀ ਕਿਰਤੀਆਂ ਨੂੰ ਭਲਾਈ ਸਕੀਮਾਂ ਦਾ ਲਾਭ ਦੇਣ ਲਈ ਹੋਰ ਮਿਹਨਤ ਅਤੇ ਪਾਰਦਰਸ਼ਤਾ ਨਾਲ ਕੰਮ ਕਰਨ ਤਾਂ ਜੋ ਉਸਾਰੀ ਕਿਰਤੀ ਵਰਗ ਨੂੰ ਆਰਥਿਕ ਪੱਖੋਂ ਹੋਰ ਮਜ਼ਬੂਤ ਕੀਤਾ ਜਾ ਸਕੇ।