ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਦੇ ਦਰਿਆਈ ਪਾਣੀਆਂ ਉਤੇ ਇਕਲੌਤਾ ਹੱਕ ਸਿਰਫ਼ ਪੰਜਾਬ ਦਾ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਹਰਿਆਣਾ ਨੂੰ ਬਰਾਬਰ ਦਾ ਹਿੱਸਾ ਦੇਣ ਦੀ ਗੱਲ ਕਰਨ ਦੀ ਥਾਂ ਇਸ ਗੱਲ ਉਤੇ ਜ਼ੋਰ ਦੇਣਾ ਚਾਹੀਦਾ ਸੀ।

ਉਨ੍ਹਾਂ ਮੁੱਖ ਮੰਤਰੀ ਮਾਨ ਨੂੰ ਚਿਤਾਵਨੀ ਦਿੱਤੀ ਕਿ ਉਹ ਪੰਜਾਬੀਆਂ ਦੀਆਂ ਇੱਛਾਵਾਂ ਦੇ ਖ਼ਿਲਾਫ਼ ਸੂਬੇ ਨੂੰ ਅੱਗ ਨਾ ਲਾਉਣ ਕਿਉਂਕਿ ਪੰਜਾਬੀ ਹਰਿਆਣਾ ਨਾਲ ਕੋਈ ਗੱਲਬਾਤ ਨਹੀਂ ਕਰਨਾ ਚਾਹੁੰਦੇ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਪਾਣੀ ਦੀ ਉਪਲੱਬਧਤਾ ਚੈੱਕ ਕਰਨ ਵਾਸਤੇ ਹਰਿਆਣਾ ਵੱਲੋਂ ਗੱਲਬਾਤ ਕਰਨ ਲਈ ਵਿਛਾਏ ਜਾਲ ਵਿਚ ਫਸ ਗਏ। ਅਜਿਹਾ ਇਸ ਗੱਲ ਦੇ ਬਾਵਜੂਦ ਕੀਤਾ ਗਿਆ ਕਿ ਗ਼ੈਰ ਰਿਪੇਰੀਅਨ ਰਾਜ ਹੋਣ ਦੇ ਕਾਰਨ ਹਰਿਆਣਾ ਦਾ ਕੋਈ ਹੱਕ ਨਹੀਂ ਬਣਦਾ।

ਸੁਖਬੀਰ ਨੇ ਇਸ ਗੱਲ ਦਾ ਵੀ ਗੰਭੀਰ ਨੋਟਿਸ ਲਿਆ ਕਿ ਪੰਜਾਬ ਦੇ ਐਡਵੋਕੇਟ ਜਨਰਲ ਨੇ ਮੁੱਖ ਮੰਤਰੀ ਦੀ ਹਾਜ਼ਰੀ ਵਿਚ ਇਹ ਦਾਅਵਾ ਕੀਤਾ ਕਿ ਜੇਕਰ ਸੂਬੇ ਕੋਲ ਪਾਣੀ ਹੋਇਆ ਤਾਂ ਉਹ ਐਸ.ਵਾਈ.ਐਲ ਦੀ ਉਸਾਰੀ ’ਤੇ ਗੌਰ ਕਰਨਗੇ। ਪੰਜਾਬ ਸਰਕਾਰ ਨੂੰ ਤੁਰੰਤ ਖ਼ੁਦ ਨੂੰ ਇਸ ਸਟੈਂਡ ਤੋਂ ਵੱਖ ਕਰਨਾ ਚਾਹੀਦਾ ਹੈ ਤੇ ਪੰਜਾਬ ਵਿਰੋਧੀ ਬਿਆਨ ਦੇਣ ਲਈ ਏ.ਜੀ. ਦੀ ਨਿਖੇਧੀ ਕਰਨੀ ਚਾਹੀਦੀ ਹੈ।