ਅੰਮ੍ਰਿਤਸਰ, 19 ਜੁਲਾਈ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਲਗਾਤਾਰ ਹਰਿਮੰਦਰ ਸਾਹਿਬ ਨੂੰ ਈਮੇਲ ਰਾਹੀਂ ਮਿਲ ਰਹੀ ਹੈ ਧਮਕੀਆਂ ‘ਤੇ ਕਿਹਾ ਕਿ ਲੱਗਦਾ ਹੈ ਕਿ ਵੱਡੀ ਸਾਜ਼ਿਸ਼ ਰਚੀ ਜਾ ਰਹੀ ਹੈ ਤੇ ਕੱਲ੍ਹ 2 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਪਰ ਇਸ ਦੇ ਬਾਵਜੂਦ ਈਮੇਲ ਜਾਰੀ ਹਨ ਤੇ ਸਿੱਖਾਂ ‘ਚ ਡਰ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਅੱਜ ਦਰਬਾਰ ਸਾਹਿਬ ਨੂੰ ਸੱਤਵੀਂ ਈਮੇਲ ਭੇਜੀ ਗਈ ਹੈ।
ਉਨ੍ਹਾਂ ਕਿਹਾ ਕਿ ਗੁਰਜੀਤ ਸਿੰਘ ਔਜਲਾ ਇੱਕ ਸਿੱਖ ਐਮਪੀ. ਹਨ ਪਰ ਮੈਨੂੰ ਹੈਰਾਨੀ ਹੋਈ ਕਿ ਉਨ੍ਹਾਂ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਤੇ ਸੀਆਈਐਸਐਫ ਲਾਉਣ ਲਈ ਕੇਂਦਰ ਨੂੰ ਪੱਤਰ ਲਿਖਿਆ। ਕਾਂਗਰਸ ਦਾ ਇਤਿਹਾਸ ਰਿਹਾ ਹੈ ਕਿ ਉਨ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਹੋਰ ਗੁਰੂ ਧਾਮ ‘ਤੇ ਟੈਂਕਾਂ ਨਾਲ ਹਮਲਾ ਕੀਤਾ ਤੇ ਬਹੁਤ ਸਾਰੇ ਨਿਰਦੋਸ਼ ਸਿੱਖ ਸ਼ਹੀਦ ਹੋਏ ਤੇ ਉਨ੍ਹਾਂ ਦਾ ਬਿਆਨ ਪੂਰੀ ਤਰ੍ਹਾਂ ਨਿੰਦਣਯੋਗ ਹੈ।
ਉਨ੍ਹਾਂ ਕਿਹਾ ਕਿ ਦਰਬਾਰ ਸਾਹਿਬ ਦਾ ਪ੍ਰਸ਼ਾਸਨ ਦਰਬਾਰ ਸਾਹਿਬ ਦੀ ਸੁਰੱਖਿਆ ਲਈ ਸਮਰੱਥ ਹੈ ਪਰ ਮਾੜੇ ਅਨਸਰਾਂ ਨੂੰ ਗਲਤ ਗਤੀਵਿਧੀਆਂ ਤੋਂ ਰੋਕਣਾ ਸਰਕਾਰਾਂ ਦੀ ਜ਼ਿੰਮੇਵਾਰੀ ਹੈ। ਰਾਜਨੀਤਿਕ ਪਾਰਟੀਆਂ ਨੂੰ ਇਸ ਮੁੱਦੇ ‘ਤੇ ਰਾਜਨੀਤੀ ਬੰਦ ਕਰਨੀ ਚਾਹੀਦੀ ਹੈ ਤੇ ਸਾਰੇ ਇਕੱਠੇ ਹੋ ਕੇ ਇਸ ਮੁੱਦੇ ‘ਤੇ ਧਿਆਨ ਕੇਂਦਰਿਤ ਕਰਨਾ ਚਾਹੀਦਾ ਹੈ ਤੇ ਦੋਸ਼ੀਆਂ ਨੂੰ ਸੰਗਤ ਦੇ ਸਾਹਮਣੇ ਰੱਖਣਾ ਚਾਹੀਦਾ ਹੈ। ਰੋਜ਼ਾਨਾ ਸੰਗਤ ਦਰਬਾਰ ਸਾਹਿਬ ਵਿਖੇ ਨਿਯਮਿਤ ਤੌਰ ‘ਤੇ ਆ ਰਹੀ ਹੈ ਤੇ ਉਨ੍ਹਾਂ ਸੰਗਤ ਨੂੰ ਬਿਨਾਂ ਕਿਸੇ ਡਰ ਦੇ ਦਰਬਾਰ ਸਾਹਿਬ ਆਉਣ ਦੀ ਅਪੀਲ ਵੀ ਕੀਤੀ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਧਮਕੀ ਭਰੇ ਈਮੇਲਾਂ ਬਾਰੇ ਐਸਜੀਪੀਸੀ ਨਾਲ ਸੰਪਰਕ ਨਹੀਂ ਕਰ ਰਹੀ ਹੈ ਤੇ ਉਨ੍ਹਾਂ ਇਸ ਦੀ ਨਿੰਦਾ ਕੀਤੀ ਤੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੂੰ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ ਤੇ ਇਸ ਮੁੱਦੇ ‘ਤੇ ਐਸਜੀਪੀਸੀ ਨਾਲ ਗੱਲਬਾਤ ਸ਼ੁਰੂ ਕਰਨੀ ਚਾਹੀਦੀ ਹੈ।