ਪੰਜਾਬ ਰੋਡਵੇਜ਼ ਦੇ ਵਰਕਰਾਂ ਦੀ ਹੜਤਾਲ ਖਤਮ, ਮੁੜ ਸੜਕਾਂ ‘ਤੇ ਦੌੜਨਗੀਆਂ ਬੱਸਾਂ

0
5324

ਜਲੰਧਰ/ਲੁਧਿਆਣਾ/ਚੰਡੀਗੜ੍ਹ | ਪੰਜਾਬ ਰੋਡਵੇਜ਼, ਪਨਬਸ, ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੀ ਬੱਸਾਂ ਦੀ ਕਈ ਦਿਨਾਂ ਤੋਂ ਚੱਲ ਰਹੀ ਹੜਤਾਲ ਅੱਜ ਸਵੇਰੇ ਮੁਲਤਵੀ ਕਰ ਦਿੱਤੀ ਗਈ। ਪੰਜਾਬ ਸਰਕਾਰ ਨਾਲ ਸਮਝੌਤੇ ਮਗਰੋਂ ਬੱਸਾਂ ਨੂੰ ਬਕਾਇਦਾ ਰੂਟ ਉਤੇ ਰੋਜ਼ਾਨਾ ਦੀ ਤਰ੍ਹਾਂ ਚਲਾਉਣ ਦਾ ਫੈਸਲਾ ਕੀਤਾ ਗਿਆ ਹੈ। ਇਸ ਨਾਲ ਲੋਕਾਂ ਨੂੰ ਸੁਖ ਦਾ ਸਾਹ ਆਇਆ ਹੈ।

ਦੱਸ ਦਈਏ ਕਿ ਭਾਵੇਂ ਬੀਤੀ ਕੱਲ੍ਹ ਯੂਨੀਅਨ ਦੀ ਮੁੱਖ ਮੰਤਰੀ ਦੇ ਵਧੀਕ ਪ੍ਰਮੁੱਖ ਸਕੱਤਰ ਹਿਮਾਂਸ਼ੂ ਜੈਨ ਨਾਲ ਮੀਟਿੰਗ ਬੇਸਿੱਟਾ ਰਹੀ ਸੀ। ਉਸ ਤੋਂ ਬਾਅਦ ਮੁਲਾਜ਼ਮਾਂ ਨੇ ਹੜਤਾਲ ਹੋਰ ਤੇਜ਼ ਕਰਨ ਦਾ ਐਲਾਨ ਕੀਤਾ ਸੀ। ਫਿਰ ਦੇਰ ਰਾਤ ਹੋਈ ਮੀਟਿੰਗ ਵਿੱਚ ਜਥੇਬੰਦਕ ਮੰਗਾਂ ਸਵੀਕਾਰ ਕਰਨ ਤੋਂ ਮਗਰੋਂ ਇਹ ਨਵਾਂ ਫੈਸਲਾ ਲਿਆ ਗਿਆ ਹੈ।

ਜਥੇਬੰਦੀ ਦੇ ਆਗੂਆਂ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਪੰਜਾਬ ਰੋਡਵੇਜ਼ ਦੇ ਬਰਖ਼ਾਸਤ ਕੰਡੈਕਟਰ ਨੂੰ ਬਹਾਲ ਕਰ ਦਿੱਤਾ ਗਿਆ ਹੈ, ਜੋ ਪਿਛਲੇ ਛੇ ਦਿਨਾਂ ਤੋਂ ਬਹਾਲੀ ਲਈ ਪਾਣੀ ਵਾਲੀ ਟੈਂਕੀ ਉਤੇ ਚੜਿਆਂ ਹੋਇਆ ਸੀ ਤੇ ਫਿਰੋਜ਼ਪੁਰ ਡਿਪੂ ਦੇ ਬਦਲੇ ਹੋਏ ਮੁਲਾਜ਼ਮਾਂ ਵਿਚੋਂ 8 ਬਦਲੀਆਂ ਰੱਦ ਕਰ ਦਿੱਤੀਆਂ ਹਨ, ਜਦੋਂਕਿ 7 ਤਬਾਦਲੇ ਇੱਕ ਹਫ਼ਤੇ ਦੇ ਅੰਦਰ ਅੰਦਰ ਕਰਨ ਦਾ ਵਿਸ਼ਵਾਸ ਦਿਵਾਇਆ ਗਿਆ ਹੈ। ਜਥੇਬੰਦੀ ਵੱਲੋਂ ਅੱਜ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਸਾਹਮਣੇ ਦਿੱਤੇ ਜਾਣ ਵਾਲੇ ਧਰਨੇ ਤੇ ਘਿਰਾਓ ਨੂੰ ਵੀ ਰੱਦ ਕਰ ਦਿੱਤਾ ਗਿਆ ਹੈ।