ਬੁਲੇਟ ਸਵਾਰਾਂ ਨੂੰ ਹੁੱਲੜਬਾਜ਼ੀ ਕਰਨੀ ਪਈ ਮਹਿੰਗੀ, ਟ੍ਰੈਫਿਕ ਪੁਲਿਸ ਨੇ ਕੀਤੇ ਚਲਾਨ

0
2800

ਰੋਪੜ/ਸ੍ਰੀ ਅਨੰਦਪੁਰ ਸਾਹਿਬ | ਬੁਲੇਟ ਮੋਟਰਸਾਈਕਲਾਂ ਦੇ ਪਟਾਕੇ ਮਾਰਨ, ਨੰਬਰ ਪਲੇਟਾਂ ‘ਤੇ ਨੰਬਰ ਲਿਖਣ ਦੀ ਬਜਾਏ ਸ਼ੇਅਰੋ ਸ਼ਾਇਰੀ ਲਿਖਣ, ਚਾਰ-ਚਾਰ ਜਣੇ ਬੈਠ ਕੇ ਟੂ-ਵ੍ਹੀਲਰ ਚਲਾਉਣ ਵਾਲੇ ਮਨਚਲਿਆਂ ਦੀ ਸ਼ਾਮਤ ਆ ਗਈ ਜਦੋਂ ਟ੍ਰੇੈਫਿਕ ਪੁਲਿਸ ਨੇ ਉਨ੍ਹਾਂ ਦੇ ਚਲਾਨ ਕੱਟੇ।

ਇਸ ਸਬੰਧੀ ਅੱਜ ਤੋਂ ਹੀ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਦੇ ਦੋਸ਼ਾਂ ਤਹਿਤ ਟ੍ਰੈਫਿਕ ਪੁਲਿਸ ਮੁਲਾਜ਼ਮਾਂ ਇੰਚਾਰਜ ਏਐੱਸਆਈ ਜਸਪਾਲ ਸਿੰਘ ਤੇ ਹੈੱਡ ਕਾਂਸਟੇਬਲ ਹਰਜਾਪ ਸਿੰਘ ਵੱਲੋਂ ਸਥਾਨਕ ਬੱਸ ਸਟੈਂਡ ਤੇ ਪੰਜਾਬ ਨੈਸ਼ਨਲ ਬੈਂਕ ਦੇ ਨਜ਼ਦੀਕ ਵਿਸ਼ੇਸ਼ ਨਾਕਾ ਲਗਾ ਕੇ ਵੱਡੀ ਗਿਣਤੀ ਵਾਹਨਾਂ ਦੇ ਚਲਾਨ ਕੱਟੇ ਗਏ। ਜਸਪਾਲ ਸਿੰਘ ਨੇ ਦੱਸਿਆ ਕਿ ਅਜੇ ਕੁਝ ਦਿਨ ਪਹਿਲਾਂ ਹੀ ਉਨ੍ਹਾਂ ਦੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਡਿਊਟੀ ਲੱਗੀ ਹੈ ਤੇ ਉਨ੍ਹਾਂ ਵੱਲੋਂ ਵੱਖ-ਵੱਖ ਥਾਵਾਂ ‘ਤੇ ਨਾਕੇ ਲਗਾ ਕੇ ਟ੍ਰੈਫਿਕ ਨਿਯਮਾਂ ਦੀਆਂ ਧੱਜੀਆਂ ਉਡਾਉਣ ਤੇ ਹੁੱਲੜਬਾਜ਼ੀ ਕਰਨ ਵਾਲੇ ਲੋਕਾਂ ਦੇ ਚਲਾਨ ਕੀਤੇ ਜਾ ਰਹੇ ਹਨ।

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਨਹੀਂ ਤਾਂ ਬਿਨਾਂ ਕਿਸੇ ਦੀ ਸਿਫਾਰਿਸ਼ ਉਨ੍ਹਾਂ ਦੇ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਮਲ ‘ਚ ਲਿਆਂਦੀ ਜਾਵੇਗੀ। ਉਨ੍ਹਾਂ ਸਕੂਲ ਪੜ੍ਹਦੇ ਬੱਚਿਆਂ ਦੇ ਮਾਪਿਆਂ ਤੇ ਸਕੂਲ ਪ੍ਰਬੰਧਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਛੋਟੇ-ਛੋਟੇ ਬੱਚਿਆਂ ਨੂੰ ਟੂ-ਵ੍ਹੀਲਰ ਚਲਾਉਣ ਤੋਂ ਰੋਕਣ ਤਾਂ ਜੋ ਕਾਨੂੰਨੀ ਕਾਰਵਾਈ ਤੋਂ ਬਚਾਅ ਹੋ ਸਕੇ। ਟ੍ਰੈਫ਼ਿਕ ਪੁਲਿਸ ਮੁਲਾਜ਼ਮਾਂ ਨੂੰ ਦੁਬਾਰਾ ਇਥੇ ਤਾਇਨਾਤ ਕਰਨ ਲਈ ਸ਼ਹਿਰ ਵਾਸੀਆਂ ਨੇ ਜ਼ਿਲ੍ਹਾ ਪੁਲਿਸ ਮੁਖੀ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਵੀ ਕੀਤਾ।