ਲੁਧਿਆਣਾ, 8 ਮਈ | ਆਮ ਆਦਮੀ ਪਾਰਟੀ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਅੱਜ ਲੁਧਿਆਣਾ ਵਿੱਚ ਇੱਕ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਭਾਜਪਾ ਆਗੂ ਰਵਨੀਤ ਬਿੱਟੂ ਨੂੰ ਕਰਾਰਾ ਜਵਾਬ ਦਿੱਤਾ ਅਤੇ ‘ਆਪ’ ਉਮੀਦਵਾਰ ਸੰਜੀਵ ਅਰੋੜਾ ਦੇ ਹੱਕ ਵਿੱਚ ਜ਼ੋਰਦਾਰ ਢੰਗ ਨਾਲ ਆਪਣੀ ਗੱਲ ਰੱਖੀ।
ਸ਼ੈਰੀ ਕਲਸੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਰਾਜਨੀਤੀ ਲੋਕ ਸੇਵਾ ਅਤੇ ਦੇਸ਼ ਭਗਤੀ ‘ਤੇ ਅਧਾਰਿਤ ਹੈ। ਸਾਨੂੰ ਇਸ ਲਈ ਕਿਸੇ ਸਰਟੀਫਿਕੇਟ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਕੁਝ ਰਾਜਨੀਤਿਕ ਵਿਰੋਧੀ ਸੰਜੀਵ ਅਰੋੜਾ ਦੇ ਇੱਕ ਵੀਡੀਓ ਨੂੰ ਤੋੜ-ਮਰੋੜ ਕੇ ਪੇਸ਼ ਕਰ ਰਹੇ ਹਨ ਅਤੇ ਉਸ ਨੂੰ ਇਸ ਤਰ੍ਹਾਂ ਪੇਸ਼ ਕਰ ਰਹੇ ਹਨ ਜਿਵੇਂ ਉਨ੍ਹਾਂ ਨੇ ਸ਼ਹੀਦਾਂ ਦਾ ਅਪਮਾਨ ਕੀਤਾ ਹੋਵੇ। ਜਦੋਂ ਕਿ ਅਸਲੀਅਤ ਇਹ ਹੈ ਕਿ ਇਹ ਵੀਡੀਓ ਇੱਕ ਜਨਤਕ ਚਰਚਾ ਦਾ ਹਿੱਸਾ ਸੀ ਜਿਸ ਵਿੱਚ ਅਰੋੜਾ ਜਨਤਾ ਨੂੰ ਪੁੱਛ ਰਹੇ ਸਨ ਕਿ ਮਾਰਕੀਟ ਦਾ ਨਾਂ ਕਿਸ ਦੇ ਨਾਂ ‘ਤੇ ਰੱਖਿਆ ਜਾਣਾ ਚਾਹੀਦਾ ਹੈ। ਇਸ ਲਈ, ਇਹ ਸਿਰਫ਼ ਜਨਤਾ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਹੈ, ਪਰ ਲੋਕ ਸੱਚਾਈ ਨੂੰ ਚੰਗੀ ਤਰ੍ਹਾਂ ਜਾਣਦੇ ਹਨ।
ਰਵਨੀਤ ਬਿੱਟੂ ਨੂੰ ਆੜੇ ਹੱਥੀਂ ਲੈਂਦਿਆਂ ਸ਼ੈਰੀ ਕਲਸੀ ਨੇ ਕਿਹਾ, “ਜੇਕਰ ਤੁਸੀਂ ਰਾਜਨੀਤੀ ਕਰਨਾ ਚਾਹੁੰਦੇ ਹੋ, ਤਾਂ ਵਿਕਾਸ ਅਤੇ ਲੋਕ ਭਲਾਈ ਦੇ ਆਧਾਰ ‘ਤੇ ਕਰੋ, ਨਾ ਕਿ ਸਸਤੀ ਬਿਆਨਬਾਜ਼ੀ ਦੇ ਆਧਾਰ ‘ਤੇ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦਾ ਕੰਮ ਚੰਗਾ ਹੁੰਦਾ, ਤਾਂ ਉਨ੍ਹਾਂ ਨੂੰ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਣ ਦੀ ਜ਼ਰੂਰਤ ਨਹੀਂ ਪੈਂਦੀ।”
ਸ਼ੈਰੀ ਕਲਸੀ ਨੇ ਕਿਹਾ ਕਿ ਅੱਜ ਪੰਜਾਬ ਦੇ ਸਾਰੇ ਸਰਕਾਰੀ ਦਫ਼ਤਰਾਂ ਵਿੱਚ ਸ਼ਹੀਦ ਭਗਤ ਸਿੰਘ ਅਤੇ ਡਾ. ਭੀਮ ਰਾਓ ਅੰਬੇਡਕਰ ਦੀਆਂ ਤਸਵੀਰਾਂ ਲਟਕੀਆਂ ਹੋਈਆਂ ਹਨ। ਸਾਡੀ ਪਾਰਟੀ ਵਿੱਚ ‘ਇਨਕਲਾਬ ਜ਼ਿੰਦਾਬਾਦ’ ਦਾ ਨਾਅਰਾ ਗੂੰਜਦਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨਿੱਜੀ ਤੌਰ ‘ਤੇ ਹਰੇਕ ਸ਼ਹੀਦ ਦੇ ਪਰਿਵਾਰ ਤੱਕ ਪਹੁੰਚ ਕਰਦੇ ਹਨ ਅਤੇ ਉਨ੍ਹਾਂ ਨੂੰ 1 ਕਰੋੜ ਰੁਪਏ ਦੀ ਸਹਾਇਤਾ ਪ੍ਰਦਾਨ ਕਰਦੇ ਹਨ। ਇਸ ਲਈ ਸਾਨੂੰ ਦੇਸ਼ ਭਗਤੀ ਨਾ ਸਿਖਾਓ।
ਕਲਸੀ ਨੇ ਕਿਹਾ ਕਿ ਸੰਜੀਵ ਅਰੋੜਾ ਲੁਧਿਆਣਾ ਪੱਛਮੀ ਦੇ ਲੋਕਾਂ ਦੀ ਆਵਾਜ਼ ਬਣ ਗਏ ਹਨ। ਹਰ ਰੋਜ਼ ਵੱਡੀ ਗਿਣਤੀ ਵਿੱਚ ਲੋਕ ਸੰਜੀਵ ਅਰੋੜਾ ਨਾਲ ਜੁੜ ਰਹੇ ਹਨ ਕਿਉਂਕਿ ਲੋਕਾਂ ਨੂੰ ਉਨ੍ਹਾਂ ਦੀ ਝੂਠ ਦੀ ਰਾਜਨੀਤੀ ਬਾਰੇ ਪਤਾ ਲੱਗ ਗਿਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਕੰਮ ਦੀ ਰਾਜਨੀਤੀ ਕਰਦੀ ਹੈ, ਇਸੇ ਲਈ ਲੋਕ ਸਾਨੂੰ ਪਸੰਦ ਕਰਦੇ ਹਨ।