ਹੁਣ ਮਾਸਕ ਨਾ ਪਾਉਣ ‘ਤੇ 1000 ਰੁਪਏ ਜੁਰਮਾਨੇ ਦੇ ਨਾਲ ਕੋਰੋਨਾ ਟੈਸਟ ਵੀ ਕੀਤਾ ਜਾਵੇਗਾ

0
820

ਜਲੰਧਰ | ਜ਼ਿਲ੍ਹੇ ਵਿੱਚ ਹੁਣ ਮਾਸਕ ਨਾ ਪਾਉਣ ਵਾਲੇ ਲੋਕਾਂ ਦਾ 1000 ਰੁਪਏ ਦੇ ਚਲਾਨ ਦੇ ਨਾਲ-ਨਾਲ ਕੋਰੋਨਾ ਟੈਸਟ ਵੀ ਲਾਜ਼ਮੀ ਕੀਤਾ ਜਾਵੇਗਾ।

ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਸਿਹਤ ਅਤੇ ਪੁਲਿਸ ਵਿਭਾਗ ਨੂੰ ਹਦਾਇਤ ਕੀਤੀ ਕਿ ਸਾਂਝੇ ਤੌਰ ’ਤੇ ਚਲਾਨ ਕੱਟਣ ਅਤੇ ਕੋਵਿਡ ਟੈਸਟ ਕਰਨ ਦੀ ਮੁਹਿੰਮ ਨੂੰ ਇਕੱਠਿਆ ਚਲਾਇਆ ਜਾਵੇ।

ਡੀਸੀ ਨੇ ਕਿਹਾ- ਕੋਵਿਡ ਦੇ ਵੱਧ ਰਹੇ ਨਵੇਂ ਕੇਸਾਂ ਨੂੰ ਧਿਆਨ ਵਿੱਚ ਰੱਖਦਿਆਂ ਇਹ ਬਹੁਤ ਜ਼ਰੂਰੀ ਹੋ ਗਿਆ ਹੈ ਕਿ ਕੋਵਿਡ ਤੋਂ ਬਚਾਅ ਲਈ ਨਿਯਮਾਂ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕੋਵਿਡ ਸਬੰਧੀ ਨਿਯਮਾਂ ਖਾਸ ਕਰਕੇ ਨਾ ਮਾਸਕ ਪਾਉਣ ਦੀ ਉਲੰਘਣਾ ਨੂੰ ਰੋਕਣ ਲਈ ਜ਼ਿਲ੍ਹੇ ਭਰ ਵਿੱਚ ਪੁਲਿਸ ਅਤੇ ਸਿਹਤ ਵਿਭਾਗ ਵਲੋਂ ਸਾਂਝੇ ਤੌਰ ’ਤੇ ਨਾਕੇ ਲਗਾਏ ਜਾਣਗੇ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਮਾਸਕ ਨਹੀਂ ਪਾਉਣਗੇ ਉਨ੍ਹਾਂ ਨੂੰ ਕੋਵਿਡ-19 ਦਾ ਟੈਸਟ ਕਰਵਾਉਣ ਦੇ ਨਾਲ-ਨਾਲ ਜੁਰਮਾਨਾ ਵੀ ਭਰਨਾ ਪਵੇਗਾ।

ਸ੍ਰੀ ਥੋਰੀ ਨੇ ਸਪਸ਼ਟ ਕਿਹਾ ਕਿ ਕਿ ਕੋਵਿਡ ਸਬੰਧੀ ਹਦਾਇਤਾਂ ਦੀ ਪਾਲਣਾ ਨਾਲ ਹੀ ਵਾਇਰਸ ਨੂੰ ਫੈਲਣ ਤੋਂ ਰੋਕਿਆ ਜਾ ਸਕਦਾ ਹੈ ਅਤੇ ਜਿਹੜੇ ਲੋਕ ਸਰਕਾਰੀ ਹਦਾਇਤਾਂ ਦੀ ਉਲੰਘਣਾ ਕਰਨਗੇ ਉਨ੍ਹਾਂ ਨਾਲ ਸਖਤੀ ਨਾਲ ਨਜਿੱਠਿਆ ਜਾਵੇਗਾ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਹਿਲਾਂ ਹੀ ਮੈਰਿਜ ਪੈਲੇਸਾਂ ਅਤੇ ਦਾਅਵਤ ਹਾਲਾਂ ਦੇ ਅੰਦਰ 100 ਅਤੇ ਬਾਹਰ 200 ਲੋਕਾਂ ਦੇ ਇਕੱਠਾਂ ’ਤੇ ਬਾਰੀਕੀ ਨਾਲ ਨਿਗ੍ਹਾ ਰੱਖਣ ਲਈ ਮਾਨੀਟਰ ਅਤੇ ਨੋਡਲ ਅਫ਼ਸਰ ਤਾਇਨਾਤ ਕੀਤੇ ਜਾ ਚੁੱਕੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਜ਼ਿਲ੍ਹੇ ਵਿੱਚ ਕੋਵਿਡ ਮਹਾਂਮਾਰੀ ਤੋਂ ਬਚਾਅ ਲਈ ਪ੍ਰੋਟੋਕਾਲ ਨੂੰ ਸਖ਼ਤੀ ਨਾਲ ਲਾਗੂ ਕਰਨ ਤੋਂ ਇਲਾਵਾ ਉਲੰਘਣਾ ਕਰਨ ਵਾਲਿਆਂ ਨੂੰ ਭਾਰੀ ਜੁਰਮਾਨੇ ਕੀਤੇ ਜਾ ਰਹੇ ਹਨ।

ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਕੋਵਿਡ ਸਬੰਧੀ ਸਾਰੀਆਂ ਹਦਾਇਤਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਤਾਂ ਜੋ ਵਾਇਰਸ ਨੂੰ ਫੈਲਣ ਤੋਂ ਰੋਕਿਆ ਜਾ ਸਕੇ।

(ਜਲੰਧਰ ਦੀਆਂ ਖਬਰਾਂ ਦੇ ਅਪਡੇਟ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋਟੈਲੀਗ੍ਰਾਮ ਐਪ ‘ਤੇ ਵੀ ਜਲੰਧਰ ਬੁਲੇਟਿਨ ਚੈਨਲ ਨਾਲ https://t.me/Jalandharbulletin ਜੁੜਿਆ ਜਾ ਸਕਦਾ ਹੈ।