ਚੰਡੀਗੜ੍ਹ . ਖੇਤੀ ਆਰਡੀਨੈਂਸ ਦੇ ਮਾਮਲੇ ’ਤੇ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਕੈਬਨਿਟ ਤੋਂ ਅਸਤੀਫ਼ਾ ਦੇ ਦਿੱਤਾ ਹੈ। ਹਰਸਿਮਰਤ ਕੌਰ ਬਾਦਲ ਨੇ ਟਵਿੱਟਰ ’ਤੇ ਆਪਣਾ ਅਸਤੀਫ਼ਾ ਦੇਣ ਦਾ ਐਲਾਨ ਕਰ ਦਿੱਤਾ ਹੈ।
ਹਰਸਮਿਰਤ ਕੌਰ ਬਾਦਲ ਨੇ ਟਵਿੱਟਰ ’ਤੇ ਕਿਹਾ, “ਮੈਂ ਕੇਂਦਰੀ ਕੈਬਨਿਟ ਤੋਂ ਕਿਸਾਨ ਵਿਰੋਧੀ ਆਰਡੀਨੈਂਸਾਂ ਦੇ ਵਿਰੋਧ ਵਿੱਚ ਅਸਤੀਫ਼ਾ ਦੇ ਦਿੱਤਾ ਹੈ। ਮੈਨੂੰ ਕਿਸਾਨਾਂ ਨਾਲ ਉਨ੍ਹਾਂ ਦੀ ਧੀ ਤੇ ਭੈਣ ਵਜੋਂ ਖੜ੍ਹੇ ਹੋਣ ਵਿੱਚ ਮਾਣ ਹੈ।
ਇਸੇ ਵਿਚਾਲੇ ਖੇਤੀ ਆਰਡੀਨੈਂਸਾਂ ਨੂੰ ਲੋਕ ਸਭਾ ਵਿੱਚ ਪਾਸ ਕਰ ਦਿੱਤਾ ਹੈ।
ਲੋਕ ਸਭਾ ਤੋਂ ਬਾਹਰ ਆ ਕੇ ਸੁਖਬੀਰ ਬਾਦਲ ਨੇ ਕਿਹਾ ਕਿ ਉਨ੍ਹਾਂ ਦਾ ਪਾਰਟੀ ਬੀਤੇ ਦੋ ਮਹੀਨਿਆਂ ਤੋਂ ਲਗਾਤਾਰ ਸਰਕਾਰ ਦਾ ਧਿਆਨ ਕਿਸਾਨਿਆਂ ਦੇ ਖਦਸ਼ਿਆਂ ਨੂੰ ਦੂਰ ਕਰਨ ਵੱਲ ਦਿਵਾ ਰਹੇ ਸੀ।
ਉਨ੍ਹਾਂ ਕਿਹਾ, “ਅਸੀਂ ਬੀਤੇ ਦੋ ਮਹੀਨਿਆਂ ਵਿੱਚ ਕਈ ਵਾਰ ਕੇਂਦਰ ਸਰਕਾਰ ਦੇ ਸਾਹਮਣੇ ਆਪਣੀ ਗੱਲ ਰੱਖੀ ਕਿ ਕਿਸਾਨਾਂ ਦੇ ਖਦਸ਼ਿਆਂ ਨੂੰ ਸੁਣਿਆ ਜਾਵੇ। ਅਸੀਂ ਕਿਹਾ ਕਿ ਇਨ੍ਹਾਂ ਆਰਡੀਨੈਂਸਾਂ ਵਿੱਚ ਕਈ ਅਜਿਹੀਆਂ ਚੀਜ਼ਾਂ ਹਨ ਜੋ ਕਿਸਾਨਾਂ ਨੂੰ ਪਸੰਦ ਨਹੀਂ ਹਨ।”
“ਫਿਰ ਜਦੋਂ ਕੇਂਦਰ ਸਰਕਾਰ ਸਾਡੀਆਂ ਸਿਫਾਰਿਸ਼ਾਂ ਨੂੰ ਨਜ਼ਰ ਅੰਦਾਜ਼ ਕਰਕੇ ਆਰਡੀਨੈਂਸਾਂ ਨੂੰ ਲੈ ਆਈ ਤਾਂ ਅਸੀਂ ਇਹ ਫੈਸਲਾ ਕੀਤਾ ਕਿ ਅਸੀਂ ਕਿਸਾਨਾਂ ਦੇ ਨਾਲ ਖੜ੍ਹੇ ਹੋਵਾਂਗੇ ਤੇ ਇਨ੍ਹਾਂ ਆਰਡੀਨੈਂਸਾਂ ਦਾ ਵਿਰੋਧ ਕਰਾਂਗੇ।”
“ਇਸ ਲਈ ਸਾਡੀ ਪਾਰਟੀ ਨੇ ਕੇਂਦਰੀ ਕੈਬਨਿਟ ਦਾ ਅਹੁਦਾ ਛੱਡਣ ਦਾ ਫ਼ੈਸਲਾ ਕੀਤਾ।”
ਪੰਜਾਬ ਦੇ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਤੇ ਕੇਂਦਰ ਸਰਕਾਰ ਵਿੱਚ ਮੰਤਰੀ ਰਹਿੰਦੇ ਹੋਏ ਹਰਸਿਮਰਤ ਕੌਰ ਬਾਦਲ ਨੇ ਇਨ੍ਹਾਂ ਆਰਡੀਨੈਂਸਾਂ ਦੇ ਪੱਖ ਵਿੱਚ ਬਿਆਨ ਦਿੱਤੇ ਸਨ।
ਸੜਕਾਂ ‘ਤੇ ਉਤਰੇ ਕਿਸਾਨਾਂ ਦੇ ਗੁੱਸੇ ਦਾ ਅੰਦਾਜ਼ਾ ਲਗਾਉਣ ਵਿੱਚ ਪੰਜਾਬ ਦੇ ਕਿਸਾਨਾਂ ਦੀ ਪਾਰਟੀ ਅਖਾਉਣ ਵਾਲੀ ਅਕਾਲੀ ਦਲ ਪੂਰੀ ਤਰ੍ਹਾਂ ਨਾਕਾਮ ਰਹੀ ਹੈ।
ਕਿਸਾਨਾਂ ਦੇ ਗੁੱਸੇ ਦਾ ਜਦੋਂ ਅਕਾਲੀ ਲੀਡਰਸ਼ਿਪ ਨੂੰ ਅਹਿਸਾਸ ਹੋਇਆ ਤੇ ਪਾਣੀ ਸਿਰੋਂ ਲੰਘ ਗਿਆ ਸੀ। ਹਰਸਿਮਰਤ ਬਾਦਲ ਦਾ ਅਸਤੀਫ਼ਾ ਇੱਕ ਮਜਬੂਰੀ ਹੈ ਤੇ ਅਕਾਲੀ ਦਲ ਨੂੰ ਆਉਣ ਵਾਲੇ ਸਮੇਂ ਵਿੱਚ ਇਸ ਦਾ ਕੋਈ ਬਹੁਤ ਫਾਇਦਾ ਨਹੀਂ ਮਿਲਦਾ ਜਾਪਦਾ ਹੈ।
ਆਪਣੇ ਪ੍ਰਤੀ ਲੋਕਾਂ ਦਾ ਗੁੱਸਾ ਠੰਢਾ ਕਰਨ ਵਿੱਚ ਹੋ ਸਕਦਾ ਹੈ ਕਿ ਅਕਾਲੀ ਨੂੰ ਇਸ ਦੀ ਮਦਦ ਮਿਲੇ।
ਹਰਸਿਮਰਤ ਬਾਦਲ ਅਸਤੀਫ਼ੇ ਵਿੱਚ ਕੀ ਕਿਹਾ?
ਖੇਤੀ ਆਰਡੀਨੈਂਸਾਂ ਬਾਰੇ ਕੇਂਦਰ ਸਰਕਾਰ ਦੇ ਕਿਸਾਨਾਂ ਦੇ ਖਦਸ਼ਿਆਂ ਦਾ ਹੱਲ ਕੱਢੇ ਬਗੈਰ ਕਾਇਮ ਰਹਿਣਾ ਮੇਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਨਾਗਵਾਰ ਗੁਜ਼ਰਿਆ।
ਸਾਡੀ ਪਾਰਟੀ ਉਸ ਕਿਸੇ ਵਿੱਚ ਚੀਜ਼ ਵਿੱਚ ਹਿੱਸੇਦਾਰ ਨਹੀਂ ਰਹਿਣਾ ਚਾਹੁੰਦੀ ਹੈ ਜੋ ਕਿਸਾਨਾਂ ਦੇ ਖਿਲਾਫ਼ ਹੋਏ। ਅਜਿਹੇ ਹਾਲਾਤ ਵਿੱਚ ਮੇਰਾ ਕੇਂਦਰ ਕੈਬਨਿਟ ਵਿੱਚ ਕਾਇਮ ਰਹਿਣਾ ਮੁਸ਼ਕਿਲ ਹੋ ਗਿਆ ਸੀ।
ਇਸ ਲਈ ਮੈਂ ਫੂਡ ਪ੍ਰੋਸੈਸਿੰਗ ਮੰਤਰੀ ਵਜੋਂ ਅਸਤੀਫ਼ਾ ਦਿੰਦੀ ਹਾਂ।
ਇਸ ਤੋਂ ਪਹਿਲਾਂ ਲੋਕ ਸਭਾ ਵਿੱਚ ਮੈਂਬਰ ਪਾਰਲੀਮੈਂਟ ਸੁਖਬੀਰ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਪਤਾ ਨਹੀਂ ਸੀ ਕਿ ਇਹ ਆਰਡੀਨੈਂਸ ਆਉਣ ਵਾਲਾ ਹੈ ਜਿਵੇਂ ਹੀ ਸਾਨੂੰ ਪਤਾ ਲਗਿਆ ਉਦੋਂ ਹਰਸਿਮਰਤ ਕੌਰ ਬਾਦਲ ਨੇ ਮੁੱਦਾ ਕੈਬਨਿਟ ਵਿੱਚ ਚੁੱਕਿਆ ਸੀ।
ਸੁਖਬੀਰ ਬਾਦਲ ਨੇ ਕਿਹਾ ਕਿ ਉਨ੍ਹਾਂ ਨੇ ਇਸ ਬਿਲ ਬਾਰੇ ਹਰ ਫੋਰਮ ਉੱਤੇ ਅਵਾਜ਼ ਚੁੱਕੀ ਹੈ। ਜੋ ਭਾਸ਼ਣ ਕਾਂਗਰਸ ਦੇ ਲੀਡਰ ਲੋਕ ਸਭਾ ਵਿੱਚ ਬੋਲ ਰਹੇ ਸਨ, ਉਹ ਕਿਸਾਨਾਂ ਦੇ ਹੱਕ ਵਿੱਚ ਨਹੀਂ ਬੋਲ ਰਹੇ ਸਨ। ਉਨ੍ਹਾਂ ਦਾ ਨਿਸ਼ਾਨਾ ਅਕਾਲੀ ਦਲ ਸੀ।